ਪੇਂਡੂ ਰੂਟਾਂ ’ਤੇ ਚੱਲਣਗੀਆਂ ਨਵੀਆਂ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ
ਚੰਡੀਗੜ੍ਹ, 17 ਅਗਸਤ (ਸੰਦੀਪ ਕੁਮਾਰ ਮਾਹਨਾ) –ਪੰਜਾਬ ਵਿਚ ਸਰਕਾਰੀ ਬੱਸ ਸੇਵਾ ਨੂੰ ਹੋਰ ਵਿਸਥਾਰ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸਤੰਬਰ ਦੇ ਦੂਜੇ ਹਫ਼ਤੇ ਤੱਕ ਪੀ.ਆਰ.ਟੀ.ਸੀ. ਦੇ ਬੇੜੇ ਵਿਚ 100 ਨਵੀਆਂ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਿਲ ਕੀਤੀਆਂ ਜਾਣਗੀਆਂ। ਸਰਕਾਰ ਵਲੋਂ ਸੂਬੇ ’ਚ ਕੁੱਲ 1,279 ਨਵੀਆਂ ਸਰਕਾਰੀ ਬੱਸਾਂ ਸ਼ਾਮਿਲ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਨਾਲ ਸਰਕਾਰੀ ਬੱਸਾਂ ਦੀ ਕੁੱਲ ਗਿਣਤੀ 3,546 ਹੋ ਜਾਵੇਗੀ। ਪੰਜਾਬ ਦੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਵੀਆਂ ਬੱਸਾਂ ਖ਼ਾਸ ਕਰਕੇ ਪੇਂਡੂ ਖੇਤਰਾਂ ਵਿਚ ਜਨਤਕ ਆਵਾਜਾਈ ਦੀ ਸਹੂਲਤ ਨੂੰ ਮਜ਼ਬੂਤ ਕਰਨ ਵਿਚ ਸਹਾਈ ਹੋਣਗੀਆਂ। ਚੀਮਾ ਨੇ ਕਿਹਾ ਕਿ ਸਰਕਾਰ ਵਲੋਂ ਦਿੱਲੀ ਹਵਾਈ ਅੱਡੇ ਤੱਕ ਮੁਸਾਫ਼ਰਾਂ ਦੀ ਸਹੂਲਤ ਲਈ ਵੀ ਬੱਸ ਸੇਵਾ ਦਾ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਅਤੇ ਲੁਧਿਆਣਾ ਤੋਂ ਦਿੱਲੀ ਹਵਾਈ ਅੱਡੇ ਲਈ ਵੋਲਵੋ ਕੋਚਾਂ ਸਮੇਤ 15 ਪ੍ਰੀਮੀਅਮ ਏਅਰਪੋਰਟ ਬੱਸਾਂ ਚਲਾਈਆਂ ਜਾ ਰਹੀਆਂ ਹਨ। ਮੀਟਿੰਗ ਵਿਚ ਸਕੱਤਰ ਟਰਾਂਸਪੋਰਟ ਵਰੁਣ ਰੂਜਮ, ਪਨਬੱਸ ਦੇ ਮੈਨੇਜਿੰਗ ਡਾਇਰੈਕਟਰ ਰਾਜੀਵ ਕੁਮਾਰ ਗੁਪਤਾ, ਪੀ.ਆਰ.ਟੀ.ਸੀ. ਦੀ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ, ਵਧੀਕ ਮੈਨੇਜਿੰਗ ਡਾਇਰੈਕਟਰ ਨਵਦੀਪ ਕੁਮਾਰ ਅਤੇ ਪੀ.ਆਰ.ਟੀ.ਸੀ. ਚੰਡੀਗੜ੍ਹ ਦੇ ਜਨਰਲ ਮੈਨੇਜਰ ਅਮਨਵੀਰ ਟਿਵਾਣਾ, ਯੂਨੀਅਨ ਆਗੂ ਰੇਸ਼ਮ ਸਿੰਘ ਗਿੱਲ, ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।