ਚੰਡੀਗੜ੍ਹ, 4 ਸਤੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ 85,000 ਮੁਲਾਜ਼ਮਾਂ ਲਈ ਮਹਿੰਗਾਈ ਭੱਤਾ (ਡੀ.ਏ.) 42 ਫ਼ੀਸਦ ਤੋਂ ਵਧਾ ਕੇ 60 ਫ਼ੀਸਦ ਕਰਨ ਦਾ ਫੈਸਲਾ ਲਿਆ ਹੈ, ਇਸ ਨਾਲ ਇਨ੍ਹਾਂ ਮੁਲਾਜ਼ਮਾਂ ਦਾ ਡੀ.ਏ. ਕੇਂਦਰ ਸਰਕਾਰ ਦੇ ਬਰਾਬਰ ਹੋ ਜਾਵੇਗਾ| ਇਸ ਫੈਸਲੇ ਦਾ ਐਲਾਨ ਉਦਯੋਗ ਤੇ ਵਣਜ ਮੰਤਰੀ ਅਤੇ ਆਪ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ| ਇਹ ਫੈਸਲਾ 2020 ਤੋਂ ਬਾਅਦ ਦੇ ਨਿਯਮਾਂ ਅਧੀਨ ਭਰਤੀ ਹੋਏ ਮੁਲਾਜ਼ਮਾਂ ’ਤੇ ਲਾਗੂ ਹੁੰਦਾ ਹੈ, ਜਿਨ੍ਹਾਂ ਦੀ ਤਨਖਾਹ ਕੇਂਦਰ ਸਰਕਾਰ ਦੇ 7ਵੇਂ ਪੇਅ ਕਮਿਸ਼ਨ ਦੇ ਪੈਟਰਨ ’ਤੇ ਅਧਾਰਤ ਹੈ ਤੇ ਅਦਾਲਤੀ ਹੁਕਮਾਂ ਰਾਹੀਂ ਸੋਧੀ ਨਹੀਂ ਗਈ ਹੈ| ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਕੈਬਨਿਟ ਸਬ-ਕਮੇਟੀ ਨੇ ਇਸ ਫ਼ੈਸਲੇ ਦੀ ਸਿਫਾਰਿਸ਼ ਕੀਤੀ ਹੈ,
ਜਿਸ ਨੂੰ ਹੁਣ ਮੁੱਖ ਮੰਤਰੀ ਭਗਵਾਨ ਮਾਨ ਕੋਲ ਅੰਤਿਮ ਪ੍ਰਵਾਨਗੀ ਲਈ ਭੇਜਿਆ ਜਾਵੇਗਾ| ਪ੍ਰੈਸ ਕਾਨਫਰੰਸ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ 17 ਜੁਲਾਈ 2020 ਤੋਂ ਪਹਿਲਾਂ ਭਰਤੀ ਹੋਏ ਮੁਲਾਜ਼ਮਾਂ ਨੂੰ ਪੰਜਾਬ ਦੇ ਉੱਚ ਬੁਨਿਆਦੀ ਤਨਖਾਹ ਸਕੇਲ ਦਾ ਲਾਭ ਮਿਲ ਰਿਹਾ ਹੈ| ਹਾਲਾਂਕਿ, ਇਸ ਮਿਤੀ ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਕੇਂਦਰੀ ਤਨਖਾਹ ਸਕੇਲ ਪੈਟਰਨ ਅਧੀਨ ਲਿਆਂਦਾ ਗਿਆ ਸੀ, ਪਰ ਉਹ ਪੰਜਾਬ ਦਾ 42 ਫ਼ੀਸਦ ਡੀ.ਏ. ਹੀ ਪ੍ਰਾਪਤ ਕਰ ਰਹੇ ਹਨ| ਇਸ ਵੱਡੇ ਅੰਤਰ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਸੀ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਕਰਮਚਾਰੀ ਪਹਿਲਾਂ ਹੀ ਆਪਣੇ ਕੇਂਦਰ ਸਰਕਾਰ ਦੇ ਹਮਰੁਤਬਾ ਮੁਲਾਜ਼ਮਾਂ ਨਾਲੋਂ ਕਾਫ਼ੀ ਜ਼ਿਆਦਾ ਤਨਖਾਹ ਲੈ ਰਹੇ ਹਨ| ਕਈ ਅਹਿਮ ਕਾਡਰਾਂ ਦੇ ਕਰਮਚਾਰੀਆ ਨੂੰ ਪੰਜਾਬ-ਸਪੈਸੀਫਿਕ ਤਨਖਾਹ ਸਕੇਲਾਂ ਅਧੀਨ ਕੇਂਦਰ ਨਾਲੋਂ 30 ਫੀਸਦੀ ਤੋਂ 70 ਫੀਸਦੀ ਵੱਧ ਤਨਖਾਹ ਮਿਲ ਰਹੀ ਹੈ| ਪਰ 2020 ਤੋਂ ਬਾਅਦ ਦੇ ਤਨਖਾਹ ਢਾਂਚੇ ਅਧੀਨ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਸਥਿਤੀ ਵੱਖਰੀ ਹੈ ਕਿਉਂਕਿ ਉਹਨਾਂ ਨੂੰ ਪੁਰਾਣੇ ਤਨਖਾਹ ਪੈਟਰਨ ਦੀ ਤਰਜ਼ ’ਤੇ ਉੱਚ ਪੰਜਾਬ ਐਂਟਰੀ ਤਨਖਾਹ ਸਕੇਲ ਨਹੀਂ ਮਿਲਦਾ| ਇਸ ਲਈ ਇਹ ਦਲੀਲ ਕਿ ਘੱਟ ਡੀ.ਏ. ਦੀ ਭਰਪਾਈ ਵੱਧ ਬੇਸਿਕ ਪੇਅ ਰਾਹੀਂ ਹੋ ਸਕਦੀ ਹੈ, ਇਸ ਸ਼੍ਰੇਣੀ ’ਤੇ ਬਹੁਤ ਘੱਟ ਲਾਗੂ ਹੁੰਦੀ ਹੈ|
ਅਮਨ ਅਰੋੜਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਹੈ ਕਿ ਪੰਜਾਬ ਸਰਕਾਰ ਦੇ ਕਿਸੇ ਵੀ ਕਰਮਚਾਰੀ ਨੂੰ ਕੇਂਦਰ ਸਰਕਾਰ ਦੇ ਹਮਰੁਤਬਾ ਮੁਲਾਜ਼ਮ ਨਾਲੋਂ ਘੱਟ ਤਨਖਾਹ ਨਾ ਮਿਲੇ। ਇਸ ਫੈਸਲੇ ਨਾਲ 2020 ਤੋਂ ਬਾਅਦ ਭਰਤੀ ਕੀਤੇ ਗਏ ਲਗਭਗ 85000 ਕਰਮਚਾਰੀਆਂ ਨੂੰ ਲਾਭ ਹੋਵੇਗਾ| ਇਨ੍ਹਾਂ ਵਿਚ 11,685 ਕਾਂਸਟੇਬਲ, 20,603 ਅਧਿਆਪਕ, 5,144 ਕਲਰਕ, 2,355 ਨਰਸਾਂ, 2,267 ਚਪੜਾਸੀ, 1,467 ਮਲਟੀਪਰਪਜ਼ ਹੈਲਥ ਵਰਕਰ, 1248 ਮੈਡੀਕਲ ਅਫਸਰ (ਜਨਰਲ), 1214 ਪਟਵਾਰੀ ਅਤੇ 1,129 ਜੂਨੀਅਰ ਇੰਜੀਨੀਅਰ ਸ਼ਾਮਲ ਹਨ|