ਖੇਤੀਬਾੜੀ ਮੰਤਰੀ ਨੇ ਮੋਰਚੇ ਦੀ ਸਟੇਜ ’ਤੇ ਕਿਸਾਨ ਆਗੂਆਂ ਨੂੰ ਸੌਂਪਿਆ ਸੂਬਾ ਸਰਕਾਰ ਦਾ ਪ੍ਰਵਾਨਗੀ ਪੱਤਰ
ਐੱਸ. ਏ. ਐੱਸ. ਨਗਰ, 7 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੰਡੀਗੜ੍ਹ ਦੀ ਹੱਦ ’ਤੇ ਚੱਲ ਰਹੇ ਮੋਰਚੇ ਦੇ 7ਵੇਂ ਦਿਨ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਨੀਆਂ ਪ੍ਰਮੁੱਖ ਮੰਗਾਂ ਸੰਬੰਧੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਲਿਖਤੀ ਪੱਤਰ ਕਿਸਾਨ ਮੋਰਚੇ ਦੀ ਸਟੇਜ ’ਤੇ ਆ ਕੇ ਕਿਸਾਨ ਆਗੂਆਂ ਨੂੰ ਸੌਂਪਣ ਅਤੇ ਪੰਜਾਬ ਸਰਕਾਰ ਨਾਲ ਸੰਬੰਧਿਤ ਮੰਗਾਂ ਨੂੰ ਪ੍ਰਵਾਨ ਕਰਨ ਦੇ ਐਲਾਨ ਉਪਰੰਤ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਮੋਰਚੇ ਨੂੰ ਸਮਾਪਤ ਕਰਨ ਦਾ ਐਲਾਨ ਕੀਤਾ ਗਿਆ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਹਰਮੀਤ ਸਿੰਘ ਕਾਦੀਆਂ ਨੇ ਇਸ ਨੂੰ ਮੋਰਚੇ ਦੀ ਇਤਿਹਾਸਕ ਜਿੱਤ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਵਾਅਦੇ ਅਨੁਸਾਰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਸਾਰੇ ਮਤੇ ਪਾਸ ਕਰਨ ਉਪਰੰਤ ਸੰਯੁਕਤ ਕਿਸਾਨ ਮੋਰਚਾ ਕੇਂਦਰ ਸਰਕਾਰ ਨੂੰ ਵੀ ਉਕਤ ਮੰਗਾਂ ਪ੍ਰਵਾਨ ਕਰਨ ਲਈ ਮਜਬੂਰ ਕਰੇਗਾ। ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਟੇਜ ਤੋਂ ਐਲਾਨ ਕਰਦਿਆਂ ਕਿਹਾ ਕਿ 1 ਮਹੀਨੇ ਦੇ ਅੰਦਰ-ਅੰਦਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ, ਜਿਸ ਵਿਚ ਕਿਸਾਨ ਵਲੋਂ ਉਠਾਏ ਗਏ ਮੁੱਦਿਆਂ ’ਤੇ ਵਿਚਾਰ ਕਰਨ ਉਪਰੰਤ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ । ਉਨ੍ਹਾਂ ਕਿਹਾ ਕਿ ਇਨ੍ਹਾਂ ਮੁੱਦਿਆਂ ਵਿਚ ਹੁਣ ਤੱਕ ਹੋਏ ਪਾਣੀਆਂ ਦੇ ਗ਼ੈਰ-ਸੰਵਿਧਾਨਕ ਸਮਝੌਤੇ ਰੱਦ ਕਰਕੇ ਉਨ੍ਹਾਂ ’ਤੇ ਪੁਨਰ ਵਿਚਾਰ ਕਰਨ ਸੰਬੰਧੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਤੇ 25 ਸਾਲ ਤੋਂ ਪੁਰਾਣੇ ਕਿਸੇ ਵੀ ਸਮਝੌਤੇ ਨੂੰ ਰੱਦ ਕਰਕੇ ਪੁਨਰ ਵਿਚਾਰ ਕਰਨ ਲਈ ਲਿਖਿਆ ਜਾਵੇਗਾ । ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78, 79 ਅਤੇ 80 ਨੂੰ ਰੱਦ ਕਰਨ ਦਾ ਮਤਾ ਪੰਜਾਬ ਵਿਧਾਨ ਸਭਾ ਵਿਚ ਪਾਸ ਕਰਕੇ ਕੇਂਦਰ ਤੋਂ ਰਿਪੇਰੀਅਨ ਨਿਯਮਾਂ ਮੁਤਾਬਿਕ ਕਾਰਵਾਈ ਦੀ ਮੰਗ ਕੀਤੀ ਜਾਵੇਗੀ । ਇਸ ਤੋਂ ਇਲਾਵਾ ਡੈਮ ਸੇਫ਼ਟੀ ਐਕਟ ਨੂੰ ਰੱਦ ਕਰਨ ਦਾ ਪੰਜਾਬ ਵਿਧਾਨ ਸਭਾ ਵਿਚ ਮਤਾ ਪਾਸ ਕੀਤਾ ਜਾਵੇਗਾ ਅਤੇ ਬੀਜ ਬਿੱਲ-2025 ਨੂੰ ਵਾਪਸ ਲੈਣ ਲਈ ਵੀ ਵਿਧਾਨ ਸਭਾ ’ਚ ਮਤਾ ਪਾਸ ਕਰਨ ਉਪਰੰਤ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ । ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਲੋਂ ਦੇਸ਼ ਭਰ ’ਚੋਂ ਮੌਜੂਦਾ ਸਮੇਂ ’ਚ ਪੰਜਾਬ ਦੇ ਕਿਸਾਨਾਂ ਨੂੰ ਪਹਿਲਾਂ ਹੀ ਗੰਨੇ ਦਾ ਸਭ ਤੋਂ ਵੱਧ ਭਾਅ ਦਿੱਤਾ ਜਾ ਰਿਹਾ ਹੈ ਤੇ ਹੁਣ ਇਸ ਤੋਂ ਵੀ ਵੱਧ ਭਾਅ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਉਕਤ ਤੋਂ ਇਲਾਵਾ ਬਾਕੀ ਸਾਰੀਆਂ ਮੰਗਾਂ ਦੀ ਪੂਰਤੀ ਲਈ ਕਮੇਟੀ ਦਾ ਗਠਨ ਕੀਤਾ ਜਾਵੇਗਾ । ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸਾਨਾਂ ਵਲੋਂ ਰੱਖੀਆਂ ਗਈਆਂ ਸਾਰੀਆਂ ਮੰਗਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇਗਾ । ਇਸ ਤੋਂ ਪਹਿਲਾ ਸਵੇਰੇ 11 ਵਜੇ ਮੁਹਾਲੀ ਦੇ ਫੇਜ਼-11 ਦੇ ਇਕ ਹੋਟਲ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਹੋਈ ਮੀਟਿੰਗ ਦੌਰਾਨ ਬੀਤੀ ਰਾਤ ਪੰਜਾਬ ਸਰਕਾਰ ਨਾਲ ਹੋਈ ਗੱਲਬਾਤ ਦੌਰਾਨ ਮੰਗਾਂ ’ਤੇ ਬਣੀ ਸਹਿਮਤੀ ’ਤੇ ਵਿਚਾਰ-ਚਰਚਾ ਕੀਤੀ ਗਈ । ਇਸ ਮੀਟਿੰਗ ਦੀ ਪ੍ਰਧਾਨਗੀ ਹਰਮੀਤ ਸਿੰਘ ਕਾਦੀਆਂ, ਦਲਵੀਰ ਸਿੰਘ ਸਿੱਧੂਪੁਰ ਅਤੇ ਵੀਰ ਸਿੰਘ ਬੜਵਾ ਨੇ ਕੀਤੀ, ਜਦਕਿ ਮੀਟਿੰਗ ’ਚ ਬਲਬੀਰ ਸਿੰਘ ਰਾਜੇਵਾਲ, ਬੂਟਾ ਸਿੰਘ ਬੁਰਜਗਿੱਲ, ਹਰਿੰਦਰ ਸਿੰਘ ਲੱਖੋਵਾਲ, ਰਾਮਿੰਦਰ ਸਿੰਘ ਪਟਿਆਲਾ, ਮਨਜੀਤ ਸਿੰਘ ਧਨੇਰ, ਹਰਜਿੰਦਰ ਸਿੰਘ ਟਾਂਡਾ, ਜੰਗਵੀਰ ਸਿੰਘ ਚੌਹਾਨ, ਡਾ. ਸਤਨਾਮ ਸਿੰਘ ਅਜਨਾਲਾ, ਬਲਦੇਵ ਸਿੰਘ ਨਿਹਾਲਗੜ੍ਹ, ਪ੍ਰੇਮ ਸਿੰਘ ਭੰਗੂ, ਕੰਵਲਪ੍ਰੀਤ ਸਿੰਘ ਪੰਨੂ, ਬੂਟਾ ਸਿੰਘ ਸ਼ਾਦੀਪੁਰ, ਗੁਰਮੀਤ ਸਿੰਘ ਮਹਿਮਾ, ਨਛੱਤਰ ਸਿੰਘ ਜੈਤੋ, ਜਸਕਰਨ ਸਿੰਘ ਗੋਲੇਵਾਲਾ, ਬਲਵਿੰਦਰ ਸਿੰਘ ਰਾਜੂ, ਹਰਭਜਨ ਸਿੰਘ ਬੁੱਟਰ, ਭੁਪਿੰਦਰ ਸਿੰਘ ਔਲਖ, ਮਲੂਕ ਸਿੰਘ ਹੀਰਕੇ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਸੁਖਦੇਵ ਸਿੰਘ ਅਰਾਈਆਂਵਾਲਾ, ਰਘਬੀਰ ਸਿੰਘ, ਜਗਮੋਹਨ ਸਿੰਘ ਪਟਿਆਲਾ, ਬੋਘ ਸਿੰਘ ਮਾਨਸਾ, ਮੁਕੇਸ਼ ਚੰਦਰ ਸ਼ਰਮਾ, ਅੰਗਰੇਜ਼ ਸਿੰਘ ਭਦੌੜ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਵੀਰਪਾਲ ਸਿੰਘ ਢਿੱਲੋਂ ਆਦਿ ਹਾਜ਼ਰ ਸਨ।