ਵਿਕਰਮਜੀਤ ਸਿੰਘ ਮਾਨ
ਚੰਡੀਗੜ੍ਹ, 15 ਸਤੰਬਰ-ਕਾਂਗਰਸ ਹਾਈ ਕਮਾਨ ਵਲੋਂ ਪੰਜਾਬ ਕਾਂਗਰਸ ਦੀ ਖਾਨਾਜੰਗੀ ਖਤਮ ਕਰਾਉਣ ਲਈ ਥਾਪੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਅੱਜ ਆਪਣੀ ਪਹਿਲੀ ਪ੍ਰੀਖਿਆ ਪਾਸ ਕਰ ਲਈ ਦਿਖਾਈ ਦੇ ਰਹੀ ਹੈ। ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ਼ ਸਚਿਨ ਪਾਇਲਟ ਦੀ ਅਗਵਾਈ ਵਿਚ ਉਲੀਕੇ ਧਰਨੇ ਪ੍ਰਦਰਸ਼ਨ ਦੌਰਾਨ ਧੜਿਆਂ ’ਚ ਵੰਡੀ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਅੱਜ ਇਕ ਮੰਚ ’ਤੇ ਇਕਜੁੱਟ ਹੋਈ ਦਿਖਾਈ ਦਿੱਤੀ। ਪੰਜਾਬ ਕਾਂਗਰਸ ਵਲੋਂ ਅੱਜ ਸਚਿਨ ਪਾਇਲਟ ਦੀ ਅਗਵਾਈ ਵਿਚ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਮਾਮਲੇ ਵਿਚ ‘ਆਪ’ ਸਰਕਾਰ ਖਿਲਾਫ਼ ਕੀਤੇ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਦਾ ਜ਼ਬਰਦਸਤ ਇਕੱਠ ਦੇਖਣ ਨੂੰ ਮਿਲਿਆ। ਚੰਡੀਗੜ੍ਹ ਪੁਲਿਸ ਵਲੋਂ ਇਸ ਇਕੱਠ ਨੂੰ ਕੰਟਰੋਲ ਕਰਨ ਲਈ ਭਾਵੇਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਪਰ ਪੰਜਾਬ ਭਰ ਤੋਂ ਆਏ ਕਾਂਗਰਸੀਆਂ ਦੇ ਵੱਡੇ ਇਕੱਠ ਕਰਨ ਪੰਜਾਬ ਕਾਂਗਰਸ ਭਵਨ ਦੇ ਨੇੜਲੇ ਸੈਕਟਰਾਂ ਵਿਚ ਵੀ ਟਰੈਫਿਕ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਦੇਖੀ ਗਈ ਅਤੇ ਧਰਨਾ ਖਤਮ ਹੋਣ ਤੋਂ ਬਾਅਦ ਵੀ ਲੰਮਾ ਸਮਾਂ ਸੜਕਾਂ ’ਤੇ ਗੱਡੀਆਂ ਫਸੀਆਂ ਰਹੀਆਂ। ਪੰਜਾਬ ਕਾਂਗਰਸ ਦੇ ਅੱਜ ਕੀਤੇ ਗਏ ਭਾਰੀ ਇਕੱਠ ਤੋਂ ਇਹ ਗੱਲ ਵੀ ਸਪਸ਼ਟ ਹੋ ਗਈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਘੇਰਾਬੰਦੀ ਬਹਾਨੇ ‘ਸਚਿਨ ਪਾਇਲਟ’ ਦੀ ਅਗਵਾਈ ’ਚ ਪੰਜਾਬ ਕਾਂਗਰਸ ਦੀ ਰਾਜਧਾਨੀ ਵਿਚ ਜ਼ਬਰਦਸਤ ਸ਼ਕਤੀ ਪ੍ਰਦਰਸ਼ਨ ਕਰਨ ਦੀ ਯੋਜਨਾ ਸੀ। ਇਸ ਦੌਰਾਨ ਸਚਿਨ ਪਾਇਲਟ ਦੀ ਅਗਵਾਈ ਵਿਚ ਖਜ਼ਾਨਾ ਮੰਤਰੀ ਦੀ ਕੋਠੀ ਘੇਰਨ ਜਾਂਦੇ ਕਾਂਗਰਸੀ ਆਗੂਆਂ ’ਤੇ ਚੰਡੀਗੜ੍ਹ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ ਮਾਰੀਆ ਗਈਆਂ ਅਤੇ ਪੁਲਿਸ ਵਲੋਂ ਸਚਿਨ ਪਾਇਲਟ, ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਕਾਂਗਰਸੀ ਆਗੂਆਂ ਨੂੰ ਹਿਰਾਸਤ ’ਚ ਵੀ ਲੈ ਲਿਆ ਗਿਆ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾ ਮੁੱਕੀ ਵੀ ਹੋਈ ਜਿਸ ਦੌਰਾਨ ਕਾਂਗਰਸੀ ਆਗੂ ਅਤੇ ਕੁਝ ਪੁਲਿਸ ਵਾਲੇ ਵੀ ਫੱਟੜ ਹੋਏ। ਧਰਨੇ ਦੀ ਖਾਸ ਗੱਲ ਇਹ ਰਹੀ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਸਮੁੱਚੀ ਲੀਡਰਸ਼ਿਪ ਇਕ ਮੰਚ ’ਤੇ ਇਕਜੁੱਟ ਨਜ਼ਰ ਆਈ। ਇਸ ਮੌਕੇ ਕਾਂਗਰਸੀ ਆਗੂਆਂ ਨੇ ਪਾਇਲਟ ਦੀ ਹਾਜ਼ਰੀ ’ਚ ਬਿਨਾਂ ਮੁੱਖ ਮੰਤਰੀ ਦੇ ਚਿਹਰੇ ਤੋਂ ਇਕਜੁੱਟ ਹੋ ਕੇ ਚੋਣਾਂ ਲੜਨ ਦਾ ਕੀਤਾ ਐਲਾਨ ਅਤੇ ਕਿਹਾ ਕਿ ਰਾਹੁਲ ਗਾਂਧੀ ਹੀ ਵਿਧਾਨ ਸਭਾ ਚੋਣਾਂ ’ਚ ਪਾਰਟੀ ਦਾ ਚਿਹਰਾ ਹੋਣਗੇ ਅਤੇ ਬਹੁਮਤ ਹਾਸਿਲ ਕਰਨ ਤੋਂ ਬਾਅਦ ਹਾਈ ਕਮਾਨ ਹੀ ਫੈਸਲਾ ਕਰੇਗੀ ਕਿ ਕੌਣ ਮੁੱਖ ਮੰਤਰੀ ਹੋਵੇਗਾ। ਇਸ ਮੌਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਚਿਨ ਪਾਇਲਟ ਨੇ ਕਿਹਾ ਕਿ ਕਾਂਗਰਸ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਕੋਈ ਨਿੱਜੀ ਵਿਰੋਧ ਨਹੀਂ ਹੈ। ਪਰ ਉਨ੍ਹਾਂ ਦਾ ਸਰਕਾਰ ਨੂੰ ਇਕ ਸਵਾਲ ਹੈ ਕਿ ਜੇਕਰ ਕਿਸੇ ਵਿਅਕਤੀ ਨੇ ਆਪਣੀ ਮੌਤ ਤੋਂ ਪਹਿਲਾਂ ਦਿੱਤੇ ਬਿਆਨ ਵਿਚ ਮੰਤਰੀ ਦਾ ਨਾਂਅ ਲਿਆ ਹੈ ਤਾਂ ਕੀ ਕਾਨੂੰਨ ਐਫ.ਆਈ.ਆਰ ਦਰਜ ਕਰਕੇ ਉਸ ਤੋਂ ਬਾਅਦ ਜਾਂਚ ਦੀ ਮੰਗ ਨਹੀਂ ਕਰਦਾ? ਪਾਇਲਟ ਨੇ ਕਿਹਾ ਕਿ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਪੰਜਾਬ ਵਿਚ ਵਾਪਰ ਰਹੀਆਂ ਉਨ੍ਹਾਂ ਘਟਨਾਵਾਂ ਦੀ ਤਸਵੀਰ ਪੇਸ਼ ਕਰਦੀ ਹੈ, ਜੋ ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਬਿਲਕੁਲ ਉਲਟ ਹਨ। ਉਨ੍ਹਾਂ ਕਿਹਾ ਕਿ ਹਾਲਾਤ ਇੰਨੇ ਮਾੜੇ ਹਨ ਕਿ ਇਕ ਗਰੀਬ ਦਲਿਤ ਨੂੰ ਸਿਰਫ਼ ਇਸ ਲਈ ਆਪਣੀ ਜਾਨ ਦੇਣੀ ਪਈ ਕਿਉਂਕਿ ਉਸ ਨੇ ਨਸ਼ਿਆਂ ਦੀ ਖੁੱਲ੍ਹੀ ਉਪਲਬਧਤਾ ’ਤੇ ਸਵਾਲ ਚੁੱਕਿਆ ਸੀ, ਜਿਸ ਨਾਲ ਉਸ ਦਾ ਪੁੱਤਰ ਸ਼ਿਕਾਰ ਹੋ ਗਿਆ ਸੀ। ਉਨ੍ਹਾਂ ‘ਆਪ’ ਸਰਕਾਰ ਨੂੰ ਯਾਦ ਕਰਵਾਇਆ ਕਿ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਦਲਿਤ ਉਪ ਮੁੱਖ ਮੰਤਰੀ ਬਣਾਉਣ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਦਲਿਤ ਉਪ ਮੁੱਖ ਮੰਤਰੀ ਬਣਾਉਣਾ ਤਾਂ ਦੂਰ ਦੀ ਗੱਲ ਹੈ, ‘ਆਪ’ ਸਰਕਾਰ ਦੇ ਰਾਜ ਵਿਚ ਗੁਲਜ਼ਾਰ ਸਿੰਘ ਵਰਗੇ ਦਲਿਤਾਂ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਦਾਅਵਾ ਕੀਤਾ ਸੀ ਕਿ ਸਰਕਾਰ ਬਣਨ ਦੇ ਤਿੰਨ ਮਹੀਨਿਆਂ ਅੰਦਰ ਨਸ਼ਾ ਖ਼ਤਮ ਕਰ ਦਿੱਤਾ ਜਾਵੇਗਾ ਪਰ ਸਾਰਾ ਦੇਸ਼ ਜਾਣਦਾ ਹੈ ਕਿ ਅੱਜ ਪੰਜਾਬ ਵਿਚ ਪਹਿਲਾਂ ਨਾਲੋਂ ਨਸ਼ਾ ਕਈ ਗੁਣਾ ਵਧ ਚੁੱਕਾ ਹੈ। ਆਪਣੀ ਪਹਿਲੀ ਫੇਰੀ ਦੌਰਾਨ ਜ਼ਬਰਦਸਤ ਇਕੱਠ ਕਰਨ ਵਾਲੇ ਵਰਕਰਾਂ ਦਾ ਧੰਨਵਾਦ ਕਰਦਿਆਂ ਸਚਿਨ ਪਾਇਲਟ ਨੇ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਪਣੇ ਵਰਕਰਾਂ ਦੇ ਨਾਲ ਖੜ੍ਹੀ ਰਹੇਗੀ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਦੇ ਨੁਮਾਇੰਦੇ ਵਜੋਂ ਉਹ ਹਰ ਲੜਾਈ ਅਤੇ ਸੰਘਰਸ਼ ਵਿਚ ਸਭ ਤੋਂ ਅੱਗੇ ਰਹਿਣਗੇ ਅਤੇ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਹਰੇਕ ਕਾਂਗਰਸੀ ਵਰਕਰ ਦੀ ਇੱਜ਼ਤ ਅਤੇ ਮਾਣ-ਸਨਮਾਨ ਬਹਾਲ ਕਰਨ ਲਈ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਗੁਲਜ਼ਾਰ ਸਿੰਘ ਦਾ ਖੁਦਕੁਸ਼ੀ ਮਾਮਲਾ ਹੁਣ ਸਿਰਫ਼ ਪੰਜਾਬ ਤੱਕ ਸੀਮਤ ਨਹੀਂ ਰਿਹਾ, ਸਗੋਂ ਇਹ ਦੇਸ਼ ਦਾ ਇਕ ਵੱਡਾ ਅਤੇ ਗੰਭੀਰ ਮੁੱਦਾ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦਾ ਪੰਜਾਬ ਵਿਚ ਅੱਜ ਪਹਿਲਾ ਦੌਰਾ ਸੀ। ਪਰ ਪਾਇਲਟ ਨੇ ਆਪਣੇ ਸਵਾਗਤ ਲਈ ਕੋਈ ਪ੍ਰੋਗਰਾਮ ਕਰਨ ਦੀ ਬਜਾਏ ਸਿੱਧੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਲੜਾਈ ਵਿਚ ਮੈਦਾਨ ਵਿਚ ਉਤਰਨਾ ਚੁਣਿਆ। ਵੜਿੰਗ ਨੇ ਕਿਹਾ ਕਿ ਅੱਜ ਪੂਰੀ ਕਾਂਗਰਸ ਸਚਿਨ ਪਾਇਲਟ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਸੜਕਾਂ ’ਤੇ ਉੱਤਰੀ ਅਤੇ ਸਰਕਾਰ ਨੂੰ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦੇਣ ਲਈ ਮਜਬੂਰ ਕਰਨ ਦੀ ਆਵਾਜ਼ ਬੁਲੰਦ ਕੀਤੀ।
ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਰਾਜ ਹਮੇਸ਼ਾ ਨਹੀਂ ਰਹਿੰਦੇ ਪਰ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਰਾਜ ਵਿਚ ਮੁਲਾਜ਼ਮਾਂ, ਅਧਿਆਪਕਾਂ, ਦਲਿਤਾਂ ਨਾਲ ਧੱਕਾ ਹੋਇਆ ਹੈ ਉਸ ਦਾ ਖਮਿਆਜ਼ਾ ਜ਼ਰੂਰ ਭੁਗਤਣਾ ਪਏਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਵਿਚ ਹੁਣ ਤੱਕ ਦੀਆਂ ਸਭ ਤੋਂ ਮਾੜੀਆਂ ਸਰਕਾਰਾਂ ਵਿਚ ਆਪਣਾ ਨਾਂਅ ਦਰਜ ਕਰਵਾ ਲਿਆ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਦੇਸ਼ ਵਿਚ ਕਿਸੇ ਵੀ ਹਾਲਤ ਵਿਚ ਦੋ ਕਾਨੂੰਨ ਨਹੀਂ ਹੋ ਸਕਦੇ। ਉਨ੍ਹਾਂ ਸਵਾਲ ਕੀਤਾ ਕਿ ਇੱਕੋ ਜਿਹੇ ਮਾਮਲਿਆਂ ਵਿਚ ਕਾਨੂੰਨ ਦਾ ਵੱਖ-ਵੱਖ ਢੰਗ ਨਾਲ ਇਸਤੇਮਾਲ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿਚ ਭਾਰਤੀ ਕਾਨੂੰਨ ਮੁਤਾਬਿਕ ਮ੍ਰਿਤਕ ਵਲੋਂ ਬਣਾਈ ਵੀਡੀਓ ਦੇ ਆਧਾਰ ’ਤੇ ਆਮ ਆਦਮੀ ਪਾਰਟੀ ਦੇ ਤਤਕਾਲੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ ਸੀ। ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੇ ਨਾਲ-ਨਾਲ ਉਨ੍ਹਾਂ ਖ਼ਿਲਾਫ਼ ਐਫ.ਆਈ.ਆਰ ਵੀ ਦਰਜ ਕੀਤੀ ਗਈ ਅਤੇ ਉਹ ਪਿਛਲੇ ਕਰੀਬ ਸੱਤ ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਹਨ। ਇਸੇ ਤਰ੍ਹਾਂ ਦੇ ਮਾਮਲੇ ਵਿਚ ‘ਆਪ’ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਕਾਨੂੰਨੀ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ? ਬਾਜਵਾ ਨੇ ਐਲਾਨ ਕੀਤਾ ਕਿ ਜਦੋਂ ਤੱਕ ਹਰਪਾਲ ਸਿੰਘ ਚੀਮਾ ਦਾ ਅਸਤੀਫ਼ਾ ਨਹੀਂ ਲਿਆ ਜਾਂਦਾ ਕਾਂਗਰਸ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਜਾਰੀ ਰੱਖੇ ।
ਇਸ ਮੌਕੇ ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਦੀ ਅਗਵਾਈ ਵਿਚ ਕਾਂਗਰਸ ਪੂਰੀ ਤਰਾਂ ਇਕਜੁੱਟ ਹੈ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸਾਡੇ ਨੇਤਾ ਰਾਹੁਲ ਗਾਂਧੀ ਹੀ ਪਾਰਟੀ ਦਾ ਚਿਹਰਾ ਹੋਣਗੇ ਅਤੇ ਅਸੀਂ ਸਾਰੇ ਇਕਜੁੱਟ ਹੋ ਕੇ ਬਹੁਮਤ ਲੈਣ ਲਈ ਕਾਂਗਰਸ ਨੂੰ ਤਕੜਾ ਕਰਾਂਗੇ ਅਤੇ ਮੁੱਖ ਮੰਤਰੀ ਦਾ ਫੈਸਲਾ ਕਾਂਗਰਸ ਹਾਈ ਕਮਾਨ ਹੀ ਕਰੇਗੀ।
ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮਾਮਲੇ ਵਿਚ ਬੁਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਾ ਨਸ਼ਾ ਖਤਮ ਕਰ ਸਕੀ, ਨਾ ਭ੍ਰਿਸ਼ਟਾਚਾਰ ਖਤਮ ਹੋਇਆ ਸਗੋਂ ਜਬਰ ਜਨਾਹ ਦੇ ਦੋਸ਼ੀਆਂ ਨੂੰ ਬਚਾਉਣ ਲਈ ਪੰਜ-ਪੰਜ ਕਰੋੜ ਰੁਪਏ ਦੀ ਰਿਸ਼ਵਤ ਲਈ ਜਾ ਰਹੀ ਹੈ।
ਇਸ ਦੌਰਾਨ ਕਾਂਗਰਸੀ ਆਗੂਆਂ ਨੇ ਸਚਿਨ ਪਾਇਲਟ ਨੂੰ ਪੂਰਨ ਸਹਿਯੋਗ ਅਤੇ ਸਾਥ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਉਹ ਇਕਜੁੱਟ ਹੋ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਹਿਲਾ ਅਤੇ ਸਭ ਤੋਂ ਵੱਡਾ ਮਕਸਦ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣਾ ਹੈ। ਮੁੱਖ ਮੰਤਰੀ ਜਾਂ ਹੋਰ ਲੀਡਰਸ਼ਿਪ ਨਾਲ ਸੰਬੰਧਿਤ ਫੈਸਲਾ ਬਾਅਦ ਵਿਚ ਪਾਰਟੀ ਹਾਈਕਮਾਨ ਵਲੋਂ ਕੀਤਾ ਜਾਵੇਗਾ। ਇਸ ਮੌਕੇ ਸੰਸਦ ਮੈਂਬਰ ਡਾ. ਅਮਰ ਸਿੰਘ, ਸ਼ਮਸ਼ੇਰ ਸਿੰਘ ਦੂਲੋਂ, ਰਾਣਾ ਕੇ.ਪੀ. ਸਿੰਘ, ਬ੍ਰਹਮ ਮਹਿੰਦਰਾ, ਬਲਕੌਰ ਸਿੰਘ, ਵਿਜੈ ਇੰਦਰ ਸਿੰਗਲਾ, ਮਾਲਵਿਕਾ ਸੂਦ, ਸੁਖਪਾਲ ਸਿੰਘ ਖਹਿਰਾ, ਰਾਣਾ ਗੁਰਜੀਤ ਸਿੰਘ, ਗੁਰਜੀਤ ਸਿੰਘ ਔਜਲਾ, ਭਾਰਤ ਭੂਸ਼ਣ ਆਸ਼ੂ, ਰਾਜ ਕੁਮਾਰ ਵੇਰਕਾ, ਸੰਗਤ ਸਿੰਘ ਗਿਲਜ਼ੀਆਂ, ਕੁਲਜੀਤ ਸਿੰਘ ਨਾਗਰਾ, ਸੁਖਵਿੰਦਰ ਸਿੰਘ ਡੈਨੀ, ਬਰਿੰਦਰ ਸਿੰਘ ਢਿੱਲੋ, ਮਲਕੀਤ ਸਿੰਘ ਦਾਖਾ, ਕੇ. ਕੇ. ਬਾਵਾ, ਗੁਰਦੇਵ ਲਾਪਰਾਂ, ਅਮਰਪ੍ਰੀਤ ਸਿੰਘ ਲਾਲੀ, ਲਖਵੀਰ ਸਿੰਘ ਲੱਖਾ, ਨਵਦੀਪ ਸਿੰਘ ਬੱਬੂ ਬਰਾੜ, ਅਮਿਤ ਵਿਜ, ਪਵਨ ਆਦੀਆ, ਸੁਖਬਿੰਦਰ ਸਿੰਘ ਸਰਕਾਰੀਆ, ਇੰਦਰਬੀਰ ਸਿੰਘ ਬੁਲਾਰੀਆ, ਗੁਰਕੀਰਤ ਸਿੰਘ ਕੋਟਲੀ, ਬਲਬੀਰ ਸਿੰਘ ਸਿੱਧੂ, ਭਗਵੰਤਪਾਲ ਸਿੰਘ ਸੱਚਰ, ਸੁਖਵੰਤ ਸਿੰਘ ਬਰਾੜ, ਬਲਜੀਤ ਕੌਰ ਅਤੇ ਹੋਰ ਕਈ ਆਗੂ ਹਾਜ਼ਰ ਸਨ।
ਧਰਨੇ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਚਿਨ ਪਾਇਲਟ ਨੇ ਕਿਹਾ ਕਿ ਭਾਜਪਾ ਨੇ ਪੰਜਾਬ ਵਿਚ ਹਮੇਸ਼ਾ ਅਕਾਲੀ ਦਲ ਦਾ ਸਹਾਰਾ ਲੈ ਕੇ ਸੱਤਾ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਹੈ। ਆਪਣੇ ਦਮ ’ਤੇ ਭਾਜਪਾ ਕੋਲ ਪੰਜਾਬ ਵਿਚ ਕੁਝ ਨਹੀਂ ਹੈ। ਭਾਜਪਾ ਭਾਵੇਂ ਕਿੰਨੇ ਮਰਜ਼ੀ ਯਤਨ ਕਰ ਲਵੇ, ਕਾਂਗਰਸ ਜਾਂ ਹੋਰ ਪਾਰਟੀਆਂ ਦੇ ਆਗੂਆਂ ਨੂੰ ਤੋੜ ਕੇ ਆਪਣੇ ਨਾਲ ਸ਼ਾਮਿਲ ਕਰ ਲਵੇ, ਪਰ ਇਸ ਦੇ ਬਾਵਜੂਦ ਉਹ ਪੰਜਾਬ ਵਿਚ ਆਪਣੇ ਦਮ ’ਤੇ ਮਜ਼ਬੂਤ ਸਿਆਸੀ ਤਾਕਤ ਨਹੀਂ ਬਣ ਸਕਦੀ। ਇਕ ਸਵਾਲ ਦੇ ਜਵਾਬ ਵਿਚ ਸਚਿਨ ਪਾਇਲਟ ਨੇ ਕਿਹਾ ਕਿ ਹੁਣ ਕਿਸੇ ਨੂੰ ਇਹ ਸੋਚਣ ਜਾਂ ਪੁੱਛਣ ਦੀ ਲੋੜ ਨਹੀਂ ਕਿ ਕਾਂਗਰਸ ਇਕਜੁੱਟ ਹੈ ਜਾਂ ਨਹੀਂ। ਅੱਜ ਸਾਰਿਆਂ ਨੇ ਕਾਂਗਰਸ ਦੇ ਮੰਚ ਤੋਂ ਖੁਦ ਕਾਂਗਰਸ ਦੀ ਤਾਕਤ ਨੂੰ ਦੇਖਿਆ ਅਤੇ ਮਹਿਸੂਸ ਕੀਤਾ ਹੈ।