* ਕਿਹਾ, ਮਾਨਸਾ, ਗੁਰਦਾਸਪੁਰ ਤੇ ਸੰਗਰੂਰ ਦੇ ਪੀੜਤ ਪਰਿਵਾਰਾਂ ਨੂੰ ਮਿਲ ਕੇ ਬਹੁਤ ਦੁਖੀ ਹੋਇਆ ਹਾਂ * 31 ਦਸੰਬਰ, 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਮੁੜ ਦੁਹਰਾਇਆ ਪ੍ਰਣ
![]()
ਲੁਧਿਆਣਾ, 20 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪੰਜਾਬ ’ਚ ਨਸ਼ਿਆਂ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਜਾਨ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਲੁਧਿਆਣਾ ਪੁੱਜ ਕੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਨਸ਼ੇ ਨੂੰ ਖ਼ਤਮ ਕਰਨ ਲਈ ਗੰਭੀਰ ਨਹੀਂ ਹੈ ਅਤੇ ਇਥੇ ਨਸ਼ਾ ਤਸਕਰਾਂ ਨੂੰ ਰਾਜਸੀ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਕਾਬੂ ਕਰਨ ’ਚ ਪੰਜਾਬ ਸਰਕਾਰ ਨਾਕਾਮ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ‘ਆਪ’ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਸਰਕਾਰ ਦੇ ਰਾਜ ’ਚ ਸੂਬੇ ਅੰਦਰ ਨਸ਼ਿਆਂ ਦੀ ਅਲਾਮਤ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਸੁਰੱਖਿਅਤ ਨਹੀਂ ਹਨ। ਅਮਿਤ ਸ਼ਾਹ ਦਿਨ ਵੇਲੇ ਪੰਜਾਬ ਪਹੁੰਚੇ ਤੇ ਉਨ੍ਹਾਂ ਨੇ ਗੁਰਦਾਸਪੁਰ, ਸੰਗਰੂਰ ਤੇ ਮਾਨਸਾ ਦਾ ਦੌਰਾ ਕੀਤਾ। ਪਿਛਲੇ 20 ਦਿਨਾਂ ’ਚ ਚੋਣਾਂ ਵਾਲੇ ਇਸ ਸੂਬੇ ਦਾ ਇਹ ਉਨ੍ਹਾਂ ਦਾ ਦੂਜਾ ਦੌਰਾ ਸੀ। ਭਗਵੰਤ ਮਾਨ ਦੀ ਸਰਕਾਰ ਨੂੰ ‘ਆਪਦਾ’ (ਮੁਸੀਬਤ) ਸਰਕਾਰ ਕਰਾਰ ਦਿੰਦਿਆਂ, ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੀ ਵਧ ਰਹੀ ਸਮੱਸਿਆ ਅਤੇ ਨਸ਼ਾ
ਸਫ਼ਾ 1 ਦੀ ਬਾਕੀ
ਤਸਕਰਾਂ ਦੇ ਵਧਦੇ ਹੌਸਲਿਆਂ ਨੇ ‘ਆਪ’ ਸਰਕਾਰ ਦੇ ਕੰਮਕਾਜ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਅਮਿਤ ਸ਼ਾਹ ਸਭ ਤੋਂ ਪਹਿਲਾਂ ਬਟਾਲਾ ਦੇ ਪਿੰਡ ਮਾੜੀ ਪਨਵਾਂ ਪਹੁੰਚੇ, ਜਿਥੇ ਉਨ੍ਹਾਂ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ, ਜਿਸ ਦੀ 15 ਅਕਤੂਬਰ ਨੂੰ ਹੱਤਿਆ ਕਰ ਦਿੱਤੀ ਗਈ ਸੀ। ਪਰਿਵਾਰ ਦੇ ਇਕ ਮੈਂਬਰ ਨੇ ਦੱਸਿਆ ਕਿ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਇਸ ਮਾਮਲੇ ’ਚ ਇਨਸਾਫ਼ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਾਡਾ ਮੰਗ ਪੱਤਰ ਪੜ੍ਹਿਆ ਅਤੇ ਆਪਣੇ ਨਾਲ ਲੈ ਗਏ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪੰਜਾਬ ਨਸ਼ਾ ਮੁਕਤ ਸੂਬਾ ਬਣ ਸਕਦਾ ਹੈ। ਇਸ ਤੋਂ ਬਾਅਦ ਅਮਿਤ ਸ਼ਾਹ ਨੇ ਸੰਗਰੂਰ ’ਚ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਪਿਛਲੇ ਮਹੀਨੇ ਨਸ਼ਿਆਂ ਦਾ ਮੁੱਦਾ ਉਠਾਉਣ ਤੋਂ ਬਾਅਦ ਖੁਦਕੁਸ਼ੀ ਕਰ ਲਈ ਸੀ। ਸੰਗਰੂਰ ਜ਼ਿਲ੍ਹੇ ਦੇ ਦੁਰਬਾ (ਤੂਰਬਨਜਾਰਾ ਪਿੰਡ) ਦੇ ਰਹਿਣ ਵਾਲੇ ਗੁਲਜ਼ਾਰ ਦੇ ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਆਪਣੇ ਇਲਾਕੇ ’ਚ ਨਸ਼ਿਆਂ ਦੀ ਸਪਲਾਈ ਬਾਰੇ ਸਵਾਲ ਪੁੱਛਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਗਿਆ ਤੇ ਜਾਤੀ-ਸੂਚਕ ਟਿੱਪਣੀਆਂ ਕੀਤੀਆਂ ਗਈਆਂ, ਜਿਸ ਕਾਰਨ ਉਨ੍ਹਾਂ ਨੇ ਜ਼ਹਿਰ ਖਾ ਲਿਆ। ਮੁਲਾਕਾਤ ਤੋਂ ਬਾਅਦ, ਗੁਲਜ਼ਾਰ ਦੇ ਪੁੱਤਰ ਸ਼ਾਹਬਾਜ਼ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਇਨਸਾਫ਼ ਜ਼ਰੂਰ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਮੰਤਰੀ ਨੇ ਕਿਹਾ ਹੈ ਕਿ ਇਸ ਮਾਮਲੇ ’ਚ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ। ਸ਼ੇਰੋਂ ਪਿੰਡ ਦੇ ਰਹਿਣ ਵਾਲੇ ਮੋਹਨਜੀਤ ਸਿੰਘ ਨੇ ਦੱਸਿਆ ਕਿ ਕੇਂਦਰੀ ਮੰਤਰੀ ਨੇ ਉਨ੍ਹਾਂ ਦੀ ਗੱਲ ਬਹੁਤ ਧਿਆਨ ਨਾਲ ਸੁਣੀ। ਮੋਹਨਜੀਤ ਨੇ ਕਿਹਾ ਕਿ ਉਨ੍ਹਾਂ ਨੇ ‘ਚਿੱਟੇ’ ਬਾਰੇ ਵੀ ਗੱਲ ਕੀਤੀ ਤੇ ਕਿਹਾ ਕਿ ਇਸ ਨੂੰ ਜੜ੍ਹੋਂ ਖਤਮ ਕੀਤਾ ਜਾਵੇਗਾ।” ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਕਾਬਿਲੇ-ਗੌਰ ਹੈ ਕਿ ਅਮਿਤ ਸ਼ਾਹ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ, ਜਦਕਿ ਮੁੱਖ ਮੰਤਰੀ ਨੇ ਅਜਿਹਾ ਨਹੀਂ ਕੀਤਾ। ਇਸ ਤੋਂ ਇਲਾਵਾ, ਮੋਹਨਜੀਤ ਨੇ ਦੋਸ਼ ਲਾਇਆ ਕਿ 2 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ‘ਲੋਕ ਮਿਲਣੀ’ ਪ੍ਰੋਗਰਾਮ ਵਾਲੀ ਥਾਂ ਨੇੜੇ ਇਕ ਘਰ ਦੀ ਛੱਤ ਤੋਂ ਕਾਲਾ ਝੰਡਾ ਲਹਿਰਾਉਣ ਤੋਂ ਬਾਅਦ, ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ ਸੀ ਤੇ ਇਸ ਦੌਰਾਨ ਉਨ੍ਹਾਂ ’ਤੇ ਤਸ਼ੱਦਦ ਕੀਤਾ ਗਿਆ। ਬਾਅਦ ’ਚ ਮਾਨਸਾ ਵਿਖੇ, ਅਮਿਤ ਸ਼ਾਹ ਨੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਝੋਟਾ ਦੇ ਪਿਤਾ, ਭੀਮ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਮਿਤ ਸ਼ਾਹ ਉਨ੍ਹਾਂ ਦੇ ਦੁੱਖ ’ਚ ਸ਼ਰੀਕ ਹੋਣ ਲਈ ਆਏ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਸਾਨੂੰ ਭਰੋਸਾ ਦਿਵਾਇਆ ਕਿ ਸਾਨੂੰ ਇਨਸਾਫ਼ ਜ਼ਰੂਰ ਮਿਲੇਗਾ। ਲੁਧਿਆਣਾ ’ਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਨਸ਼ੇ ਨੂੰ ਖ਼ਤਮ ਕਰਨ ਲਈ ਗੰਭੀਰ ਨਹੀਂ ਹੈ ਅਤੇ ਇਥੇ ਨਸ਼ਾ ਤਸਕਰਾਂ ਨੂੰ ਰਾਜਸੀ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਗੁਰਦਾਸਪੁਰ, ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ’ਚ ਬਿਕਰਮਜੀਤ ਸਿੰਘ, ਗੁਲਜ਼ਾਰ ਸਿੰਘ ਤੇ ਪਰਵਿੰਦਰ ਸਿੰਘ ਝੋਟਾ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਆਏ ਹਨ, ਜਿਨ੍ਹਾਂ ਨਾਲ ਮਿਲ ਕੇ ਉਨ੍ਹਾਂ ਦਾ ਮਨ ਬਹੁਤ ਦੁਖੀ ਹੋਇਆ। ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਦੇ ਹਾਲਾਤ ਗੰਭੀਰ ਹਨ। ਉਨ੍ਹਾਂ ਕਿਹਾ ਕਿ ਜਦ ਉਹ ਪਿਛਲੇ ਦਿਨੀਂ ਪੰਜਾਬ ’ਚ ਭਾਜਪਾ ਵਲੋਂ ਨਸ਼ਾ ਮੁਕਤ ਪੰਜਾਬ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਆਏ ਸਨ ਤਾਂ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਉਨ੍ਹਾਂ ਨੂੰ ਗਾਲ੍ਹਾਂ ਕੱਢੀਆਂ ਗਈਆਂ ਸਨ, ਪਰ ਉਨ੍ਹਾਂ ਨੂੰ ਇਸ ਦੀ ਪ੍ਰਵਾਹ ਨਹੀਂ। ਆਮ ਆਦਮੀ ਪਾਰਟੀ ਦੇ ਆਗੂ ਭਾਵੇਂ ਉਨ੍ਹਾਂ ਨੂੰ ਜਿੰਨੀਆਂ ਮਰਜ਼ੀ ਗਾਲ੍ਹਾਂ ਕੱਢ ਲੈਣ, ਪਰ ਸੂਬੇ ’ਚ ਨਸ਼ਾ ਖ਼ਤਮ ਕਰ ਦੇਣ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਅੱਜ ਦੇ ਉਨ੍ਹਾਂ ਦੇ ਦੌਰੇ ਦਾ ਏਜੰਡਾ ਰਾਜਨੀਤੀ ਨਹੀਂ ਕਿਉਂਕਿ ਅੱਜ ਉਹ ਇਨ੍ਹਾਂ ਪੀੜਤ ਪਰਿਵਾਰਾਂ ਨੂੰ ਮਿਲ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਨ ਆਏ ਸਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨਸ਼ਾ ਤਸਕਰੀ ਨੂੰ ਖ਼ਤਮ ਕਰਨ ਦੀ ਬਜਾਏ, ਬਹਾਨੇਬਾਜ਼ੀ ਕਰ ਰਹੀ ਹੈ ਤੇ ਸੂਬੇ ਦੇ ਪਿੰਡ-ਪਿੰਡ ’ਚ ਨਸ਼ਾ ਉਪਲਬਧ ਹੋ ਰਿਹਾ ਹੈ, ਪਰ ਭਾਜਪਾ ਵਲੋਂ ਪੰਜਾਬ ਵਿਚ ਨਸ਼ਾ ਖ਼ਤਮ ਕਰਨ ਦਾ ਪ੍ਰਣ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਵਿਅਕਤੀ ਦੀ ਆਜ਼ਾਦੀ ਦੀ ਮੰਗ ਕੀਤੀ ਜਾ ਰਹੀ ਹੈ, ਪਰ ਪੰਜਾਬ ਵਿਚ ਕਾਲਾ ਝੰਡਾ ਦਿਖਾਉਣ ਵਾਲੇ ’ਤੇ ਵੀ ਪੁਲਿਸ ਵਲੋਂ ਤਸ਼ੱਦਦ ਕੀਤਾ ਜਾ ਰਿਹਾ ਹੈ। ਇਸਤੋਂ ਇਲਾਵਾ ਜਿਹੜਾ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਦਾ ਹੈ। ਉਸ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਇਕ ਸਾਲ ’ਚ ਪੀ.ਆਈ.ਟੀ. ਐਨ.ਡੀ.ਪੀ.ਐਸ. ਤਹਿਤ ਭਾਰਤ ਵਿਚ 929 ਕੇਸ ਦਰਜ ਹੋਏ ਹਨ, ਪਰ ਸੂਬਾ ਸਰਕਾਰ ਵਲੋਂ ਇਸ ਕਾਨੂੰਨ ਤਹਿਤ ਇਕ ਵੀ ਕੇਸ ਦਰਜ ਨਹੀਂ ਕੀਤਾ ਗਿਆ। ਜਦਕਿ ਪੰਜਾਬ ਵਿਚ ਸਭ ਤੋ ਜ਼ਿਆਦਾ ਨਸ਼ੇ ਦਾ ਵਪਾਰ ਹੋ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਜਰਾਤ ਦੀਆਂ ਬੰਦਰਗਾਹਾਂ ਤੋਂ 20,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਫੜੇ ਗਏ ਹਨ। ਉਨ੍ਹਾਂ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਗੁਜਰਾਤ ਦਾ ਵਾਰ-ਵਾਰ ਜ਼ਿਕਰ ਕਰਨ ’ਤੇ ਸਵਾਲ ਕੀਤਾ ਗਿਆ ਕਿ ਪੰਜਾਬ ’ਚ ਨਸ਼ੇ ਦੀਆਂ ਪੁੜੀਆਂ ਕਿਵੇਂ ਪੁੱਜ ਰਹੀਆਂ ਹਨ, ਕੀ ਇਹ ਸਿਆਸੀ ਸਰਪ੍ਰਸਤੀ ਤੋਂ ਬਿਨਾਂ ਸੰਭਵ ਹੈ? ਉਨ੍ਹਾਂ ਕਿਹਾ ਕਿ ਸਿਆਸੀ ਸਰਪ੍ਰਸਤੀ ਤੋਂ ਬਿਨਾਂ ਅਜਿਹਾ ਸੰਭਵ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਹਰ ਜ਼ਿਲ੍ਹੇ ’ਚ ਨਸ਼ਾ ਤਸਕਰੀ ਨੂੰ ਸਰਪ੍ਰਸਤੀ ਦੇਣ ਵਾਲੇ ਗਰੋਹ ਸਰਗਰਮ ਹਨ। ਉਨ੍ਹਾਂ ਪੁਲਿਸ ਅਤੇ ਸਿਆਸੀ ਆਗੂਆਂ ਦੀ ਭੂਮਿਕਾ ਦੀ ਵੀ ਜਾਂਚ ਕਰਨ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਸਰਕਾਰ ਵਲੋਂ ਪਰਵਿੰਦਰ ਸਿੰਘ ਝੋਟਾ ਕੇਸ ਦੀ ਜਾਂਚ ਸੀ.ਬੀ.ਆਈ. ਨੂੰ ਦੇਣ ਦੇ ਨਾਲ ਨਸ਼ਿਆਂ ਨਾਲ ਜੁੜੇ ਹੋਰ ਗੰਭੀਰ ਮਾਮਲੇ ਵੀ ਸੀ.ਬੀ.ਆਈ. ਨੂੰ ਸੌਂਪਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਉਹ 3 ਮਹੀਨਿਆਂ ’ਚ ਸੂਬੇ ’ਚੋਂ ਨਸ਼ਾ ਖ਼ਤਮ ਕਰ ਦੇਣਗੇ, ਪਰ ਨਸ਼ਾ ਤਾਂ ਕੀ ਖ਼ਤਮ ਹੋਣਾ ਸੀ, ਉਲਟਾ ਪੁਲਿਸ ਮੁਲਾਜ਼ਮ ਹੀ ਨਸ਼ੇ ਸਮੇਤ ਫੜੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਨਸ਼ਾ ਮੁਕਤ ਪੰਜਾਬ ਦਾ ਸੰਕਲਪ ਲਿਆ ਗਿਆ ਹੈ ਅਤੇ 31 ਦਸੰਬਰ, 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਨਸ਼ਿਆਂ ਵਿਰੁੱਧ ਕਾਰਵਾਈ ਹੋਰ ਤੇਜ਼ ਕੀਤੀ ਜਾਵੇਗੀ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਰਾਜ ਸਭਾ ਮੈਂਬਰ ਤਰੁਣ ਚੁੱਘ, ਅਨਿਲ ਸਰੀਨ, ਵਿਨੀਤ ਜੋਸ਼ੀ ਵੀ ਮੌਜੂਦ ਸਨ।