ਨਵੀਂ ਦਿੱਲੀ, 4 ਨਵੰਬਰ (ਪੀ.ਟੀ.ਆਈ)-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਵੋਟ ਚੋਰੀ’ ਦੇ ਦੋਸ਼ਾਂ ਬਾਰੇ ਦੇਸ਼ ਵਲੋਂ ਪੁੱਛੇ ਜਾ ਰਹੇ ਸਵਾਲਾਂ ਦਾ ਜਵਾਬ ਦੇਣ ਤੇ ਖੁੱਲ੍ਹੀ ਬਹਿਸ ਲਈ ਅੱਗੇ ਆਉਣ ਦੀ ਚੁਣੌਤੀ ਦਿੱਤੀ ਹੈ । ਇਹ ਬਿਆਨ ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਮੰਗਲਵਾਰ ਨੂੰ ਮੋਦੀ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦੇਣ ਤੋਂ ਇੱਕ ਦਿਨ ਬਾਅਦ ਆਇਆ ਹੈ । ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਕਰਦਿਆਂ ਖੜਗੇ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਕੋਲ ‘ਵੋਟ ਚੋਰੀ’ ਦੇ ਮੁੱਦੇ ਤੇ ਰਾਹੁਲ ਗਾਂਧੀ ਦੇ ਸਵਾਲਾਂ ਦਾ ਕੋਈ ਜਵਾਬ ਨਹੀਂ ਹੈ । ਉਨ੍ਹਾਂ ਕਿਹਾ ਕਿ ਮੋਦੀ ਨੂੰ ਚੋਣਾਂ, ਵਿਦੇਸ਼ ਨੀਤੀ ਤੇ ਭਾਰਤੀ ਹਿੱਤਾਂ ਨਾਲ ਜੁੜੇ ਮੁੱਦਿਆਂ ’ਤੇ ਖੁੱਲ੍ਹੀ ਚਰਚਾ ਸਵੀਕਾਰ ਕਰਨੀ ਚਾਹੀਦੀ ਹੈ। ਖੜਗੇ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਵੀ ਨਿਸ਼ਾਨਾ ਸਾਧਦਿਆਂ ਤਿੰਨ ਕਰੋੜ ਵੋਟਰਾਂ ਨੂੰ ਘੁਸਪੈਠੀਏ ਦੱਸਣ ਵਾਲੇ ਬਿਆਨ ’ਤੇ ਸਵਾਲ ਉਠਾਏ । ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਵਿਚ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਮੌਜੂਦਗੀ ਸੀ ਤਾਂ ਗ੍ਰਹਿ ਮੰਤਰੀ ਵਜੋਂ ਅਮਿਤ ਸ਼ਾਹ ਨੇ ਪਹਿਲਾਂ ਕੀ ਕਾਰਵਾਈ ਕੀਤੀ । ਉਨ੍ਹਾਂ ਚੋਣ ਕਮਿਸ਼ਨ ’ਤੇ ਵਿਸ਼ੇਸ਼ ਗਹਿਰੀ ਸਮੀਖਿਆ (ਐਸ.ਆਈ.ਆਰ.) ਤੇ ਫਾਰਮ-6 ਵਿਚ ਵਾਰ-ਵਾਰ ਤਬਦੀਲੀਆਂ ਕਰਨ ਦਾ ਦੋਸ਼ ਵੀ ਲਾਇਆ ।
ਖੜਗੇ ਵਲੋਂ ਪ੍ਰਧਾਨ ਮੰਤਰੀ ਨੂੰ ‘ਵੋਟ ਚੋਰੀ’ ਦੇ ਦੋਸ਼ਾਂ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ
ਖੜਗੇ ਵਲੋਂ ਪ੍ਰਧਾਨ ਮੰਤਰੀ ਨੂੰ ‘ਵੋਟ ਚੋਰੀ’ ਦੇ ਦੋਸ਼ਾਂ ’ਤੇ ਖੁੱਲ੍ਹੀ ਬਹਿਸ ਦੀ ਚੁਣੌਤੀ
ਅਜੀਤ ਡੈਸਕ
05-11-2026