05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪੰਜਾਬ ’ਚੋਂ ਨਸ਼ਾ ਮਾਫ਼ੀਆ ਨੂੰ ਖ਼ਤਮ ਕੀਤਾ ਜਾਵੇਗਾ- ਰਾਹੁਲ ਗਾਂਧੀ

ਪੰਜਾਬ ’ਚੋਂ ਨਸ਼ਾ ਮਾਫ਼ੀਆ ਨੂੰ ਖ਼ਤਮ ਕੀਤਾ ਜਾਵੇਗਾ- ਰਾਹੁਲ ਗਾਂਧੀ

Ad Position 21
No active advertisement
ਅਜੀਤ ਡੈਸਕ 05-11-2026

ਸੰਗਰੂਰ ’ਚ ‘ਇਨਸਾਫ਼ ਰੈਲੀ’ ਤੋਂ ਚੋਣ ਮੁਹਿੰਮ ਦਾ ਆਗ਼ਾਜ਼

ਕਾਂਗਰਸ ਜਿੱਤ ਦੀ ਸ਼ੁਰੂਆਤ ਪੰਜਾਬ ਤੋਂ ਕਰ ਕੇ ਦੇਸ਼ ’ਚ ਸਰਕਾਰ ਬਣਾਏਗੀ- ਖੜਗੇ

ਭਵਾਨੀਗੜ੍ਹ, (ਸੰਗਰੂਰ) 4 ਨਵੰਬਰ, (ਰਣਧੀਰ, ਗਰਗ, ਬਿੱਟਾ, ਦਮਨ )- ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵਲੋਂ ਅੱਜ ਸੰਗਰੂਰ ਦੇ ਪਿੰਡ ਫੱਗੂਵਾਲਾ ਵਿਖੇ ‘ਇਨਸਾਫ਼ ਰੈਲੀ’ ਨਾਲ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਸੰਬੰਧੀ ਕਾਂਗਰਸ ਦੀ ਚੋਣ ਮੁਹਿੰਮ ਦਾ ਰਸਮੀ ਆਗਾਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ, ਭਾਜਪਾ ਤੇ ਹੋਰ ਸਿਆਸੀ ਵਿਰੋਧੀ ਧਿਰਾਂ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦਿੱਲੀ ਤੋਂ ਚਲਾਈ ਜਾ ਰਹੀ ਹੈ ਤੇ ਸੂਬੇ ’ਚ ਨਸ਼ਿਆਂ, ਗੈਂਗਸਟਰਵਾਦ ਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਕਰਨ ’ਚ ਸਰਕਾਰ ਨਾਕਾਮ ਰਹੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ, ਜੋ ਸੂਬੇ ਦੇ ਲੋਕਾਂ ਦੇ ਹਿੱਤਾਂ ਲਈ ਕੰਮ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਂਗਰਸ ਦੀ ਸਰਕਾਰ ਆਉਣ ’ਤੇ ਨਸ਼ਿਆਂ ਨੂੰ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ ਲਗਾਤਾਰ ਗੰਭੀਰ ਹੋ ਰਹੀ ਹੈ ਤੇ ਸਰਕਾਰ ਇਸ ਨੂੰ ਰੋਕਣ ’ਚ ਅਸਫ਼ਲ ਰਹੀ ਹੈ। ਇਸ ਮੌਕੇ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ’ਚ ਭਾਜਪਾ ਦੀ ਕੇਂਦਰ ਸਰਕਾਰ ਲੋਕਤੰਤਰ ਦੀਆਂ ਧੱਜੀਆਂ ਉਡਾ ਕੇ ਹਰੇਕ ਸੂਬੇ ’ਚ ਸੱਤਾ ਹਾਸਿਲ ਕਰਨਾ ਚਾਹੁੰਦੀ ਹੈ।

ਉਨ੍ਹਾਂ ਕਿਹਾ ਕਿ ਹਰ ਪਾਰਟੀ ਦੇ ਆਗੂਆਂ ਨੂੰ ਈ.ਡੀ. ਤੇ ਸੀ.ਬੀ.ਆਈ. ਵਰਗੀਆਂ ਕੇਂਦਰੀ ਏਜੰਸੀਆਂ ਰਾਹੀਂ ਡਰਾ ਕੇ ਭਾਜਪਾ ’ਚ ਸ਼ਾਮਿਲ ਹੋਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਸੂਬੇ ਦੀ ‘ਆਪ’ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸੂਬੇ ’ਚ ਖੁੱਲ੍ਹੇਆਮ ਕਤਲ ਕਰਨਾ ਫੈਸ਼ਨ ਬਣ ਚੁੱਕਾ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਕਾਂਗਰਸ ਦੀ ਸਰਕਾਰ ਬਣਾਉਣ ਦਾ ਸੱਦਾ ਦਿੰਦਿਆਂ ਕਾਂਗਰਸ ਹਾਈਕਮਾਂਡ ਵਲੋਂ ਸੂਬੇ ’ਚ ਦਖ਼ਲਅੰਦਾਜ਼ੀ ਨਾ ਕਰਨ ਦਾ ਭਰੋਸਾ ਦਿੱਤਾ। ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਇਨਸਾਫ਼ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ’ਚ ਆਰ.ਐਸ.ਐਸ. ਤੇ ਭਾਜਪਾ ਫੁੱਟ ਪਾਉਣ ਦਾ ਕੰਮ ਕਰ ਰਹੀਆਂ ਹਨ। ਉਨ੍ਹਾਂ ਨਵੀਂ ਚੋਣ ਨੀਤੀ ਦਾ ਵਿਰੋਧ ਕਰਦਿਆਂ ਕਿਹਾ ਕਿ ਭਾਜਪਾ ਦੀ ਸਰਕਾਰ ਵਲੋਂ ਸੱਤਾ ’ਤੇ ਕਾਬਜ਼ ਰਹਿਣ ਲਈ ਵੋਟਰ ਸੂਚੀਆਂ ’ਚ ਗੜਬੜੀਆਂ ਕਰਦਿਆਂ 13 ਕਰੋੜ ਤੋਂ ਵੱਧ ਵੋਟਰਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਮੌਜੂਦਾ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਲੋਕਾਂ ਨਾਲ ਧੋਖ਼ਾ ਕਰਕੇ ਸੱਤਾ ’ਤੇ ਕਾਬਜ਼ ਹੋਈ ‘ਆਪ’ ਸਰਕਾਰ ਦਾ ਅਗਾਮੀ ਵਿਧਾਨ ਸਭਾ ਚੋਣਾਂ ’ਚ ਪੂਰੀ ਤਰ੍ਹਾਂ ਸਫ਼ਾਇਆ ਹੋ ਜਾਵੇਗਾ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ‘ਆਪ’ ਸਰਕਾਰ ’ਤੇ ਨਿਸ਼ਾਨੇ ਲਗਾਉਂਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਦੀ ਸ਼ਹੀਦਾਂ ਦੀ ਧਰਤੀ ਨੂੰ ਜੰਗਲ ਬਣਾ ਦਿੱਤਾ ਹੈ। ਪੰਜਾਬ ’ਚ ਹੋ ਰਹੇ ਕਤਲਾਂ ਕਾਰਨ ਸੂਬੇ ’ਚ ਦਹਿਸ਼ਤ ਦਾ ਮਾਹੌਲ ਹੈ ਤੇ ਸੂਬਾ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੋਂ ਹਰ ਵਰਗ ਪੂਰੀ ਤਰ੍ਹਾਂ ਦੁਖ਼ੀ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਸਮੇਤ ਹੋਰ ਆਗੂਆਂ ਵਲੋਂ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਜ਼ਿਆਦਾਤਰ ਆਗੂ ਵਿਦੇਸ਼ ਭੱਜਣ ਦੀ ਫ਼ਿਰਾਕ ’ਚ ਹਨ। ਉਨ੍ਹਾਂ ਇਸ ਮੌਕੇ ਆਪਣੀ 3 ਮਹੀਨਿਆਂ ਦੀ ਸਰਕਾਰ ਦੌਰਾਨ ਕੀਤੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਇਆ। ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਸਿਰਫ਼ ਫਲੈਕਸਾਂ ਤੇ ਚੁਟਕਲਿਆਂ ਤੱਕ ਸੀਮਤ ਸਰਕਾਰ ਹੈ, ਪੰਜਾਬ ਚਲਾਉਣਾ ਇਨ੍ਹਾਂ ਦੇ ਵਸ ’ਚ ਨਹੀਂ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਅੱਜ ਦੀ ਰੈਲੀ ਦੇ ਇਕੱਠ ਨੇ ਸਾਬਿਤ ਕਰ ਦਿੱਤਾ ਹੈ ਕਿ ਲੋਕ ਮੌਜੂਦਾ ਸਰਕਾਰ ਤੋਂ ਦੁਖੀ ਹੋ ਕੇ ਕਾਂਗਰਸ ਦੀ ਸਰਕਾਰ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ’ਚ ਕਾਂਗਰਸ ਪ੍ਰਤੀ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਰੈਲੀ ’ਚ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਇਕ ਸੁਖਪਾਲ ਸਿੰਘ ਖ਼ਹਿਰਾ, ਵਿਧਾਇਕ ਬਾਵਾ ਹੈਨਰੀ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਸਾਬਕਾ ਪ੍ਰਧਾਨ ਸਮਸ਼ੇਰ ਸਿੰਘ ਦੂਲੋਂ, ਰਾਜ ਕੁਮਾਰ ਵੇਰਕਾ, ਕੁਲਵੰਤ ਰਾਏ ਸਿੰਗਲਾ, ਮੁਹੰਮਦ ਸਦੀਕ, ਰਾਣਾ ਗੁਰਜੀਤ ਸਿੰਘ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਡਾ. ਅਮਰ ਸਿੰਘ ਸੰਸਦ ਮੈਂਬਰ, ਹਰਮਿੰਦਰ ਸਿੰਘ ਗਿੱਲ, ਗੁਰਜੀਤ ਸਿੰਘ ਔਜਲਾ ਸੰਸਦ ਮੈਂਬਰ, ਸਾਬਕਾ ਮੰਤਰੀ ਬ੍ਰਹਮ ਮਹਿੰਦਰਾ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਗੁਰਕੀਰਤ ਸਿੰਘ ਕੋਟਲੀ, ਹਰਦਿਆਲ ਸਿੰਘ ਕੰਬੋਜ, ਸੰਸਦ ਮੈਂਬਰ ਧਰਮਵੀਰ ਗਾਂਧੀ, ਅਰੁਣਾ ਚੌਧਰੀ, ਪਵਨ ਆਦੀਆ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਰਣਦੀਪ ਸਿੰਘ ਨਾਭਾ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ, ਚੌਧਰੀ ਕਰਮਜੀਤ ਸਿੰਘ ਐਡਵੋਕੇਟ, ਮਲਕੀਤ ਸਿੰਘ ਦਾਖਾ, ਕੇ.ਕੇ. ਬਾਵਾ, ਗੁਰਦੇਵ ਸਿੰਘ ਲਾਪਰਾਂ, ਗੁਰਕੀਰਤ ਸਿੰਘ ਕੋਟਲੀ, ਲੱਖਾ ਪਾਇਲ, ਰਾਜਾ ਗਿੱਲ, ਪਰਮਜੀਤ ਘਵੱਦੀ, ਰਾਜਿੰਦਰ ਦੀਪਾ ਸੁਨਾਮ, ਸੁਰਿੰਦਰ ਪਾਲ ਸਿੰਘ ਸਿਬੀਆ, ਮਹੰਤ ਹਰਵਿੰਦਰ ਖਨੌੜਾ, ਸੰਜੀਵ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰੀ ਸਿੰਘ ਫੱਗੂਵਾਲਾ, ਗੁਰਪ੍ਰੀਤ ਸਿੰਘ ਕੰਧੋਲਾ, ਬਲਾਕ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ, ਦਰਸ਼ਨ ਸਿੰਘ ਜੱਜ, ਕੌਂਸਲਰ ਮਨੀ ਕਥੂਰੀਆ, ਮੰਗਤ ਸ਼ਰਮਾ, ਰਣਜੀਤ ਸਿੰਘ ਤੂਰ, ਜਗਤਾਰ ਸਿੰਘ ਨਮਾਂਦਾ, ਕਰਮਜੀਤ ਸਿੰਘ ਸਾਬਕਾ ਸਰਪੰਚ ਫੱਗੂਵਾਲਾ, ਹਰਜਿੰਦਰ ਸਿੰਘ ਮੰਨਾ, ਸਰਪੰਚ ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਦੇ ਹੋਰ ਆਗੂ ਮੌਜੂਦ ਸਨ। 
ਸਿੱਧੂ ਮੂਸੇਵਾਲੇ ਦੇ ਪਿਤਾ ਨੂੰ ਮਿਲੇ ਰਾਹੁਲ ਗਾਂਧੀ
ਰੈਲੀ ਦੌਰਾਨ ਮਰਹੂਮ ਗਾਇਕ ਸਿੱਧੂ ਮੁੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨਾਲ ਰਾਹੁਲ ਗਾਂਧੀ ਨੇ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ। 

Ad Position 22
No active advertisement
ਅਗਲੀ ਖ਼ਬਰ ਭਾਰਤ ਦੀਆਂ ਮੁੱਖ ਵੀਜ਼ਾ ਸ਼੍ਰੇਣੀਆਂ 13 ਤੋਂ ਘਟ ਕੇ 9 ਹੋਣਗੀਆਂ
Ad Position 24