ਚੰਡੀਗੜ੍ਹ, 9 ਨਵੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਡਿਜੀਟਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਪ੍ਰਮੁੱਖ ਯੋਜਨਾ ‘ਸਿੱਖਿਆ ਕ੍ਰਾਂਤੀ’ ਦਾ ਵਿਸਥਾਰ ਕੀਤਾ ਜਾ ਰਿਹਾ ਹੈ । ਇਸ ਯੋਜਨਾ ਦੇ ਦੂਜੇ ਪੜਾਅ ਤਹਿਤ ਸਰਕਾਰੀ ਸਕੂਲਾਂ ਨੂੰ 16,180 ਹੋਰ ਡੈਸਕਟਾਪ ਕੰਪਿਊਟਰ ਮੁਹੱਈਆ ਕਰਵਾਏ ਜਾਣਗੇ, ਜਿਸ ਨਾਲ ਸੂਬੇ ਵਿੱਚ ਕੰਪਿਊਟਰਾਂ ਦੀ ਕੁੱਲ ਗਿਣਤੀ 56,183 ਹੋ ਜਾਵੇਗੀ । ਜ਼ਿਕਰਯੋਗ ਹੈ ਕਿ ਇਸ ਸਾਲ ਦੇ ਸ਼ੁਰੂ ਵਿਚ ਸਰਕਾਰ ਵਲੋਂ ਲਗਭਗ 396 ਕਰੋੜ ਰੁਪਏ ਦੇ ਨਿਵੇਸ਼ ਨਾਲ 40,003 ਡੈਸਕਟਾਪ ਕੰਪਿਊਟਰ ਮੁਹੱਈਆ ਕਰਵਾਏ ਗਏ ਸਨ। ਦੂਜੇ ਪੜਾਅ ਤਹਿਤ ਕੰਪਿਊਟਰਾਂ ਦੀ ਡਿਲਿਵਰੀ ਅਤੇ ਸਥਾਪਨਾ 2 ਨਵੰਬਰ ਤੋਂ 1 ਦਸੰਬਰ, 2026 ਤੱਕ ਕੀਤੀ ਜਾਣੀ ਹੈ । ਇਸ ਤੋਂ ਇਲਾਵਾ 2,004 ਹੋਰ ਸਰਕਾਰੀ ਸਕੂਲਾਂ ਵਿਚ ਕੰਪਿਊਟਰ ਲੈਬਾਂ ਸਥਾਪਤ ਕੀਤੀਆਂ ਜਾਣਗੀਆਂ। ਇਸ ਤਰ੍ਹਾਂ ਕੰਪਿਊਟਰ ਲੈਬਾਂ ਵਾਲੇ ਸਕੂਲਾਂ ਦੀ ਗਿਣਤੀ 5,064 ਤੋਂ ਵਧ ਕੇ 7,068 ਹੋ ਜਾਵੇਗੀ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਰ ਬੱਚੇ ਨੂੰ, ਭਾਵੇਂ ਉਸ ਦਾ ਪਿਛੋਕੜ ਕੋਈ ਵੀ ਹੋਵੇ, ਮਿਆਰੀ ਸਿੱਖਿਆ ਤੇ ਬਰਾਬਰ ਮੌਕੇ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸਰਕਾਰੀ ਸਕੂਲਾਂ ਦੇ ਕਲਾਸਰੂਮਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਕੇ ਵਿਦਿਆਰਥੀਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਯਤਨਸ਼ੀਲ ਹੈ । ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਦੇ ਨਾਲ-ਨਾਲ ਵਿਦਿਆਰਥੀਆਂ ਲਈ ਸਿੱਖਣ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ। ਇਸ ਸਾਲ ਪਹਿਲੇ ਪੜਾਅ ਤਹਿਤ 3,694 ਸਰਕਾਰੀ ਸਕੂਲਾਂ ਵਿਚ 8,268 ਇੰਟਰਐਕਟਿਵ ਫਲੈਟ ਪੈਨਲ ਵੀ ਮੁਹੱਈਆ ਕਰਵਾਏ ਗਏ ਹਨ । ਇਨ੍ਹਾਂ ਰਾਹੀਂ ਅਧਿਆਪਕ ਮਲਟੀਮੀਡੀਆ ਸਮੱਗਰੀ ਅਤੇ ਡਿਜੀਟਲ ਸਾਧਨਾਂ ਦੀ ਵਰਤੋਂ ਕਰਕੇ ਪੜ੍ਹਾਈ ਨੂੰ ਵਧੇਰੇ ਦਿਲਚਸਪ ਅਤੇ ਪ੍ਰਭਾਵਸ਼ਾਲੀ ਬਣਾ ਸਕਣਗੇ । ਇਸ ਪਹਿਲਕਦਮੀ ਦਾ ਉਦੇਸ਼ ਸਰਕਾਰੀ ਸਕੂਲਾਂ ਵਿਚ ਡਿਜੀਟਲ ਸਿੱਖਿਆ ਤੱਕ ਬਰਾਬਰ ਪਹੁੰਚ ਯਕੀਨੀ ਬਣਾਉਣਾ, ਵਿਦਿਆਰਥੀਆਂ ਦੇ ਤਕਨੀਕੀ ਹੁਨਰ ਵਿਕਸਿਤ ਕਰਨਾ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਤੇ ਰੁਜ਼ਗਾਰ ਦੇ ਆਧੁਨਿਕ ਮੌਕਿਆਂ ਲਈ ਤਿਆਰ ਕਰਨਾ ਹੈ ।
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ 1 ਸਾਲ ’ਚ 56,183 ਕੰਪਿਊਟਰ ਦਿੱਤੇ
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ 1 ਸਾਲ ’ਚ 56,183 ਕੰਪਿਊਟਰ ਦਿੱਤੇ
ਅਜੀਤ ਡੈਸਕ
10-11-2026