17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ

ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ

Ad Position 21
No active advertisement
ਅਜੀਤ ਡੈਸਕ 18-11-2026

ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਇਤਿਹਾਸਕ 650ਵਾਂ ਪ੍ਰਕਾਸ਼ ਦਿਹਾੜਾ ਬੇਮਿਸਾਲ ਸ਼ਰਧਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ, ਜਿਸ ਤਹਿਤ 4 ਤੋਂ 6 ਦਸੰਬਰ ਤੱਕ ਖੁਰਾਲਗੜ੍ਹ ਵਿਖੇ ਧਾਰਮਿਕ, ਅਧਿਆਤਮਿਕ ਅਤੇ ਸੱਭਿਆਚਾਰਕ ਸਮਾਗਮਾਂ ਲਈ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ। ਅੱਜ ਇਥੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਮਹਾਨ ਗੁਰੂ ਜੀ ਦੀਆਂ ਸਦੀਵੀਂ ਸਿੱਖਿਆਵਾਂ ਅਤੇ ਕ੍ਰਾਂਤੀਕਾਰੀ ਫਲਸਫੇ ਨੂੰ ਘਰ-ਘਰ ਪਹੁੰਚਾਉਣ ਲਈ ਇਸ ਇਤਿਹਾਸਕ ਦਿਹਾੜੇ ਨੂੰ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਦਿਹਾੜਾ ਮਹਿਜ ਧਾਰਮਿਕ ਸਮਾਗਮ ਹੀ ਨਹੀਂ ਹੈ, ਸਗੋਂ ਸਮਾਜ ਨੂੰ ਉਨ੍ਹਾਂ ਦੇ ਬਰਾਬਰੀ, ਮਨੁੱਖਤਾ ਅਤੇ ਸਮਾਜਿਕ ਨਿਆਂ ਦੇ ਫਲਸਫੇ ਨਾਲ ਮੁੜ ਜੋੜਨ ਦਾ ਇਕ ਇਤਿਹਾਸਕ ਮੌਕਾ ਹੈ। ਉਨ੍ਹਾਂ ਦੇ ‘ਬੇਗਮਪੁਰਾ’ ਦੇ ਸੰਕਲਪ ਨੇ ਇਕ ਅਜਿਹੇ ਸਮਾਜ ਦੀ ਕਲਪਨਾ ਕੀਤੀ ਸੀ ਜੋ ਵਿਤਕਰੇ, ਸ਼ੋਸ਼ਣ ਅਤੇ ਨਾ-ਬਰਾਬਰੀ ਤੋਂ ਮੁਕਤ ਹੋਵੇ, ਜਿਥੇ ਹਰ ਵਿਅਕਤੀ ਮਾਣ-ਸਨਮਾਨ, ਬਰਾਬਰ ਅਧਿਕਾਰਾਂ ਅਤੇ ਮੌਕਿਆਂ ਦਾ ਆਨੰਦ ਮਾਣ ਸਕੇ। ਪੰਜਾਬ ਸਰਕਾਰ ਮਹਾਨ ਗੁਰੂ ਜੀ ਦੇ ਲਾਸਾਨੀ ਯੋਗਦਾਨ ਦੇ ਸਤਿਕਾਰ ’ਚ ਇਸ ਇਤਿਹਾਸਕ ਮੌਕੇ ਨੂੰ ਮਨਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ, ਜਿਸ ਤੋਂ ਬਾਅਦ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੀ ਪ੍ਰਦਰਸ਼ਨੀ, ਸੰਤ ਸੰਮੇਲਨ, ਕਥਾ ਅਤੇ ਕੀਰਤਨ ਦਰਬਾਰ, 3-ਡੀ ਪ੍ਰੋਜੈਕਸ਼ਨ, ਡਰੋਨ ਸ਼ੋਅ ਅਤੇ ਹੋਰ ਅਧਿਆਤਮਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 5 ਦਸੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਉਪਰੰਤ ਗੁਰੂ ਰਵਿਦਾਸ ਜੀ ਦੀ ਬਾਣੀ ’ਤੇ ਵਿਸ਼ੇਸ਼ ਕਾਨਫ਼ਰੰਸ, ਕਥਾ ਅਤੇ ਕੀਰਤਨ ਦਰਬਾਰ, 3-ਡੀ ਪ੍ਰੋਜੈਕਸ਼ਨ, ਡਰੋਨ ਸ਼ੋਅ ਅਤੇ ਹੋਰ ਕਈ ਗਤੀਵਿਧੀਆਂ ਹੋਣਗੀਆਂ। ਮੁੱਖ ਮੰਤਰੀ ਨੇ ਦੱਸਿਆ ਕਿ 6 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਨਾਲ ਇਨ੍ਹਾਂ ਤਿੰਨ ਰੋਜ਼ਾ ਸਮਾਗਮਾਂ ਦੀ ਸੰਪੂਰਨਤਾ ਹੋਵੇਗੀ, ਜਿਸ ਤੋਂ ਬਾਅਦ ਬੇਗਮਪੁਰਾ ਸਮਾਗਮ, ਕਥਾ ਅਤੇ ਕੀਰਤਨ ਦਰਬਾਰ, 3-ਡੀ ਪ੍ਰੋਜੈਕਸ਼ਨ ਅਤੇ ਹੋਰ ਪ੍ਰੋਗਰਾਮ ਕਰਵਾਏ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਐਲਾਨ ਕੀਤਾ ਕਿ ਸੰਤ ਸਮਾਜ ਦੀ ਰਹਿਨੁਮਾਈ ਹੇਠ ਵਾਰਾਣਸੀ, ਫ਼ਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਸਜਾਈਆਂ ਜਾਣਗੀਆਂ। ਇਹ ਧਾਰਮਿਕ ਯਾਤਰਾਵਾਂ 3 ਦਸੰਬਰ ਨੂੰ ਖੁਰਾਲਗੜ੍ਹ ਵਿਖੇ ਸਮਾਪਤ ਹੋਣਗੀਆਂ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਸ਼ੋਭਾ ਯਾਤਰਾਵਾਂ ਲਈ ਪੁਖਤਾ ਪ੍ਰਬੰਧ, ਢੁਕਵੀਆਂ ਸਹੂਲਤਾਂ ਅਤੇ ਸੁਚਾਰੂ ਤਾਲਮੇਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿ ਇਹ ਯਾਦਗਾਰੀ ਸਮਾਗਮ ਸਿਰਫ ਖੁਰਾਲਗੜ੍ਹ ਤੱਕ ਹੀ ਸੀਮਤ ਨਹੀਂ ਰਹਿਣਗੇ ਸਗੋਂ ਸੂਬਾ ਸਰਕਾਰ ਨੇ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਪਹਿਲਾਂ ਹੀ ਸਾਲ ਭਰ ਚੱਲਣ ਵਾਲੀਆਂ ਗਤੀਵਿਧੀਆਂ ਦੀ ਵਿਆਪਕ ਲੜੀ ਸ਼ੁਰੂ ਕੀਤੀ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ 650ਵੇਂ ਪ੍ਰਕਾਸ਼ ਪੁਰਬ ਨੂੰ ਇਕ ਇਤਿਹਾਸਕ ਅਤੇ ਯਾਦਗਾਰੀ ਮੌਕਾ ਬਣਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੇਗੀ, ਜੋ ਗੁਰੂ ਰਵਿਦਾਸ ਜੀ ਪ੍ਰਤੀ ਲੋਕਾਂ ਦੀ ਸਮੂਹਿਕ ਆਸਥਾ, ਸ਼ਰਧਾ ਤੇ ਸਤਿਕਾਰ ਨੂੰ ਦਰਸਾਏਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੀ ਸਮੁੱਚੀ ਕੈਬਨਿਟ ਸਮੇਤ ਇਨ੍ਹਾਂ ਸਮਾਗਮਾਂ ’ਚ ਸ਼ਿਰਕਤ ਕਰਨਗੇ ਤੇ ਪੰਜਾਬ ਦੀ ਤਰੱਕੀ ਤੇ ਇਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ  ਗੁਰੂ ਰਵਿਦਾਸ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ। ਇਸ ਮੀਟਿੰਗ ’ਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਤਰੁਣਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਰਵਜੋਤ ਸਿੰਘ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਸੂਚਨਾ ਤੇ ਲੋਕ ਸੰਪਰਕ ਸਕੱਤਰ ਪੁਨੀਤ ਗੋਇਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇਕ ਦਿਨ ਦੀ ਹਿਰਾਸਤੀ ਪੈਰੋਲ ਅਗਲੀ ਖ਼ਬਰ ਬਿਲਕਿਸ ਬਾਨੋ ਨੇ ਛੱਡਿਆ ਗੁਜਰਾਤ ਕਿਹਾ, ਅੱਜ ਫਿਰ ਡਰ ਸਤਾ ਰਿਹੈ
Ad Position 24