ਪੰਚਕੂਲਾ, 25 ਨਵੰਬਰ (ਯੂ.ਐਨ.ਆਈ.)-ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ’ਚ ਅਗਲੇ ਤਿੰਨ ਦਿਨਾਂ ਲਈ ਸੰਘਣੀ ਧੁੰਦ ਬਾਰੇ ‘ਯੈਲੋ ਵਾਰਨਿੰਗ’ (ਪੀਲੀ ਚਿਤਾਵਨੀ) ਜਾਰੀ ਕੀਤੀ ਹੈ। ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਰਾਤ ਅਤੇ ਸਵੇਰ ਦੇ ਸਮੇਂ ਘੱਟ ਦਿੱਖ ਕਾਰਨ ਸੜਕੀ, ਰੇਲ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ ਤੇ ਹਾਦਸਿਆਂ ਦਾ ਖ਼ਤਰਾ ਵਧ ਸਕਦਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ 25 ਤੋਂ 27 ਨਵੰਬਰ ਤੱਕ ਪੰਜਾਬ ਦੇ ਕੁਝ ਇਲਾਕਿਆਂ ’ਚ, 25 ਅਤੇ 26 ਨਵੰਬਰ ਨੂੰ ਹਿਮਾਚਲ ਪ੍ਰਦੇਸ਼ ’ਚ ਅਤੇ 26 ਤੇ 27 ਨਵੰਬਰ ਨੂੰ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ’ਚ ਸੰਘਣੀ ਧੁੰਦ ਪੈਣ ਦੀ ਬਹੁਤ ਸੰਭਾਵਨਾ ਹੈ।ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਘੱਟ ਦਿੱਖ ਕਾਰਨ ਪ੍ਰਭਾਵਿਤ ਖੇਤਰਾਂ ’ਚ ਕੁਝ ਹਵਾਈ ਅੱਡਿਆਂ ’ਤੇ ਕੰਮਕਾਜ, ਰਾਜਮਾਰਗਾਂ ਅਤੇ ਰੇਲ ਮਾਰਗਾਂ ’ਤੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਇਸ ਤੋਂ ਇਲਾਵਾ, ਵਾਹਨ ਚਲਾਉਣਾ ਮੁਸ਼ਕਿਲ ਹੋ ਸਕਦਾ ਹੈ। ਵਾਹਨ ਚਾਲਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਪ੍ਰਭਾਵਿਤ ਖੇਤਰਾਂ ’ਚ ਗੱਡੀ ਚਲਾਉਂਦੇ ਸਮੇਂ ਸਾਵਧਾਨ ਰਹਿਣ ਅਤੇ ‘ਫੌਗ ਲਾਈਟਾਂ’ (ਧੁੰਦ ’ਚ ਵਰਤੀਆਂ ਜਾਣ ਵਾਲੀਆਂ ਲਾਈਟਾਂ) ਦੀ ਵਰਤੋਂ ਕਰਨ। ਸਿਹਤ ਸੰਬੰਧੀ ਖ਼ਤਰਿਆਂ ਬਾਰੇ ਦੱਸਦਿਆਂ ਵਿਭਾਗ ਨੇ ਕਿਹਾ ਕਿ ਸੰਘਣੀ ਧੁੰਦ ’ਚ ਮੌਜੂਦ ਧੂੜ-ਕਣਾਂ ਅਤੇ ਹੋਰ ਪ੍ਰਦੂਸ਼ਕਾਂ ਦੇ ਲੰਬੇ ਸਮੇਂ ਤੱਕ ਸੰਪਰਕ ’ਚ ਰਹਿਣ ਨਾਲ ਸਾਹ ਸੰਬੰਧੀ ਸਮੱਸਿਆਵਾਂ ਵਧ ਸਕਦੀਆਂ ਹਨ। ਖ਼ਾਸ ਤੌਰ ’ਤੇ ਉਹ ਲੋਕ ਜੋ ਦਮਾ, ਬ੍ਰੌਨਕਾਈਟਸ ਜਾਂ ਫੇਫੜਿਆਂ ਨਾਲ ਜੁੜੀਆਂ ਹੋਰ ਬਿਮਾਰੀਆਂ ਤੋਂ ਪੀੜਤ ਹਨ, ਉਨ੍ਹਾਂ ਲਈ ਇਹ ਵਧੇਰੇ ਨੁਕਸਾਨਦੇਹ ਹੋ ਸਕਦਾ ਹੈ। ਧੁੰਦ ਦੀ ਚਿਤਾਵਨੀ ਦੇ ਬਾਵਜੂਦ, ਭਾਰਤੀ ਮੌਸਮ ਵਿਭਾਗ ਨੇ 1 ਦਸੰਬਰ ਤੱਕ ਦੇ ਸੱਤ ਦਿਨਾਂ ਦੇ ਅਨੁਮਾਨ ਦੌਰਾਨ ਹਰਿਆਣਾ, ਪੰਜਾਬ, ਚੰਡੀਗੜ੍ਹ, ਦਿੱਲੀ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਲੱਦਾਖ, ਉੱਤਰਾਖੰਡ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ’ਚ ਮੌਸਮ ਖ਼ੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ। 24 ਨਵੰਬਰ ਦੇ ਤਾਪਮਾਨ ਦੇ ਅੰਕੜਿਆਂ ਅਨੁਸਾਰ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਕੁਝ ਇਲਾਕਿਆਂ ’ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 1.6 ਤੋਂ 3 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ। ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ’ਚ ਵੀ ਘੱਟੋ-ਘੱਟ ਤਾਪਮਾਨ ਆਮ ਨਾਲੋਂ ਪੰਜ ਡਿਗਰੀ ਸੈਲਸੀਅਸ ਤੋਂ ਵੱਧ ਘੱਟ ਦਰਜ ਕੀਤਾ ਗਿਆ। ਰਾਜਸਥਾਨ ਦੇ ਸੀਕਰ ’ਚ ਘੱਟੋ-ਘੱਟ ਤਾਪਮਾਨ 6.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ 24 ਨਵੰਬਰ ਨੂੰ ਭਾਰਤ ਦੇ ਮੈਦਾਨੀ ਇਲਾਕਿਆਂ ’ਚ ਸਭ ਤੋਂ ਘੱਟ ਸੀ।
ਪੰਜਾਬ, ਹਰਿਆਣਾ ਤੇ ਦਿੱਲੀ ’ਚ ਸੰਘਣੀ ਧੁੰਦ ਦੀ ਚਿਤਾਵਨੀ
ਪੰਜਾਬ, ਹਰਿਆਣਾ ਤੇ ਦਿੱਲੀ ’ਚ ਸੰਘਣੀ ਧੁੰਦ ਦੀ ਚਿਤਾਵਨੀ
ਅਜੀਤ ਡੈਸਕ
26-11-2026