ਹੁਸ਼ਿਆਰਪੁਰ, 31 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਦੀ ਕਾਂਗਰਸ ਸਰਕਾਰ ਸਮੇਂ ਲੋੜਵੰਦ ਤੇ ਗਰੀਬ ਲੋਕਾਂ ਲਈ ਸ਼ੁਰੂ ਕੀਤੀ ਗਈ ਮਨਰੇਗਾ ਸਕੀਮ ਦਾ ਨਾਂਅ ਹੁਣ ਜਿੱਥੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਬਦਲ ਕੇ 'ਵੀ.ਬੀ. ਜੀ ਰਾਮ ਜੀ' ਰੱਖਿਆ ਗਿਆ ਹੈ, ਉੱਥੇ ਹੀ ਇਸ ਦਾ ਕੁੱਝ ਆਰਥਿਕ ਬੋਝ ਸੂਬਾ ਸਰਕਾਰਾਂ 'ਤੇ ਪਾ ਕੇ ਲਾਭਪਾਤਰੀਆਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਂਸਦ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ, ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ, ਸਾਬਕਾ ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ, ਅਮਰਪ੍ਰੀਤ ਸਿੰਘ ਮਿੰਟੂ ਲਾਲੀ ਵੀ ਹਾਜ਼ਰ ਸਨ | ਇਸ ਮੌਕੇ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਹੌਲੀ-ਹੌਲੀ ਲੋਕ ਭਲਾਈ ਦੀਆਂ ਸਕੀਮਾਂ ਤੋਂ ਹੱਥ ਪਿੱਛੇ ਖਿੱਚ ਰਹੀ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਬੰਦ ਕੀਤੀ ਗਈ ਤੇ ਹੋਰ ਯੋਜਨਾਵਾਂ ਦਾ ਵੀ ਘਾਣ ਕੀਤਾ ਗਿਆ ਤੇ ਹੁਣ ਮਨਰੇਗਾ ਦਾ ਨਾਂਅ ਬਦਲ ਕੇ ਵੀ.ਬੀ. ਜੀ ਰਾਮ ਜੀ ਕਰ ਦਿੱਤਾ ਗਿਆ ਤੇ ਨਾਲ ਹੀ ਸੂਬਾ ਸਰਕਾਰਾਂ ਦੀ ਹਿੱਸੇਦਾਰੀ ਵਧਾ ਕੇ 40 ਫ਼ੀਸਦੀ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹੋਰ ਸੂਬਿਆਂ ਦੀਆਂ ਸਰਕਾਰਾਂ ਜੋ ਕਿ ਪਹਿਲਾਂ ਹੀ ਕਰਜ਼ੇ ਵਿਚ ਡੁੱਬੀਆਂ ਹੋਈਆਂ ਹਨ, ਇਹ ਹਿੱਸਾ ਕਿਵੇਂ ਦੇ ਸਕਣਗੀਆਂ ਨਤੀਜਾ ਕੇਂਦਰ ਵਲੋਂ ਵੀ ਆਪਣਾ ਹਿੱਸਾ ਨਹੀਂ ਦਿੱਤਾ ਜਾਵੇਗਾ ਤੇ ਇਹ ਯੋਜਨਾ ਬੰਦ ਵਰਗੀ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ 5 ਜਨਵਰੀ ਤੋਂ ਦੇਸ਼ ਭਰ 'ਚ ਮਨਰੇਗਾ ਨੂੰ ਖ਼ਤਮ ਕਰਨ ਦੀ ਕੇਂਦਰ ਸਰਕਾਰ ਦੀ ਇਸ ਨੀਤੀ ਦਾ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਸਾਬਕਾ ਵਿਧਾਇਕ ਇੰਦੂ ਬਾਲਾ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਸੀਨੀਅਰ ਕਾਂਗਰਸੀ ਆਗੂ ਜ਼ੈਲਦਾਰ ਦਵਿੰਦਰ ਸਿੰਘ, ਐਡਵੋਕੇਟ ਰੋਹਿਤ ਜੋਸ਼ੀ, ਰਜਨੀਸ਼ ਟੰਡਨ, ਬਲਵਿੰਦਰ ਬਿੱਟੂ, ਸਰਬਜੋਤ ਸਿੰਘ ਸਾਬੀ, ਮਨਿੰਦਰ ਸਿੰਘ ਟਿੰਮੀ ਸ਼ਾਹੀ ਆਦਿ ਵੀ ਹਾਜ਼ਰ ਸਨ |