ਹੁਸ਼ਿਆਰਪੁਰ, 31 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰਨਾਂ ਅਲਾਮਤਾਂ ਤੋਂ ਦੂਰ ਰੱਖਣ ਲਈ ਜ਼ਿਲਾ ਹੁਸ਼ਿਆਰਪੁਰ ਵਿਖੇ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਥਾਵਾਂ 'ਤੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੀਰਜ ਗੋਇਲ ਨੇ ਦੱਸਿਆ ਕਿ ਇਸੇ ਤਹਿਤ ਪਿੰਡ ਖਨੌਰ, ਪੰਡੋਰੀ ਰੁਕਮਨ, ਪਥਰਾਲੀਆ, ਪੋਵਲ, ਚਾਹਲਪੁਰ, ਖ਼ਾਨਪੁਰ, ਸ਼ਾਹਪੁਰ, ਆਬਜ਼ਰਵੇਸ਼ਨ ਹੋਮ ਰਾਮ ਕਲੋਨੀ ਕੈਂਪ, ਓਟ ਕਲੀਨਿਕ ਹੈਲਥ ਸੈਂਟਰ ਗੜਸ਼ੰਕਰ, ਓਟ ਕਲੀਨਿਕ ਹੈਲਥ ਸੈਂਟਰ ਟਾਂਡਾ ਵਿਖੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਪੈਨਲ ਐਡਵੋਕੇਟਾਂ ਵਲੋਂ 'ਬਾਲ ਵਿਵਾਹ ਮੁਕਤ ਭਾਰਤ' ਮੁਹਿੰਮ ਸਬੰਧੀ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੰਦੇ ਹੋਏ ਧਿਆਨ ਵਿਚ ਲਿਆਂਦਾ ਗਿਆ ਕਿ ਲੜਕੀ ਦੀ ਵਿਆਹ ਦੀ ਉਮਰ 18 ਸਾਲ ਤੋ ਘੱਟ ਨਾ ਹੋਵੇ ਅਤੇ ਲੜਕੇ ਦੀ ਉਮਰ 21 ਸਾਲ ਤੋ ਘੱਟ ਨਹੀਂ ਹੋਣੀ ਚਾਹੀਦੀ |