ਹੁਸ਼ਿਆਰਪੁਰ, 3 ਜਨਵਰੀ (ਹਰਪ੍ਰੀਤ ਕੌਰ)-ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਪੰਜਾਬ ਸਰਕਾਰ ਵਲੋਂ ਵਿਧਵਾ, ਬੁਢਾਪਾ, ਦਿਵਿਆਂਗ ਤੇ ਬੇਸਹਾਰਾ ਲੋਕਾਂ ਦੀ ਪੈਨਸ਼ਨ ਰੋਕੇ ਜਾਣ ਸੰਬੰਧੀ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਰਾਜਪਾਲ ਨੂੰ ਪੱਤਰ ਲਿਖ ਕੇ ਪੈਨਸ਼ਨ ਬਹਾਲ ਕਰਨ ਦੀ ਮੰਗ ਕੀਤੀ ਹੈ | ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਪੈਸੇ ਨੂੰ ਆਪਣੇ ਨਿੱਜੀ ਸਵਾਰਥਾਂ ਦੀ ਪੂਰਤੀ ਲਈ ਵਰਤਿਆ ਜਾ ਰਿਹਾ ਹੈ ਜਦੋਂਕਿ ਲੋਕ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਨੂੰ ਪੂਰਾ ਕਰਨ ਤੇ ਇਲਾਜ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੱਤਾ ਦੇ ਨਸ਼ੇ 'ਚ ਜ਼ਰੂਰਤਮੰਦਾਂ ਦੀਆਂ ਪੈਨਸ਼ਨਾਂ ਦੇ ਭੁਗਤਾਨ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ | ਉਨ੍ਹਾਂ ਮੰਗ ਕੀਤੀ ਹੈ ਕਿ ਜ਼ਰੂਰਤਮੰਦਾਂ ਦੀ ਪੈਨਸ਼ਨ ਨੂੰ ਤੁਰੰਤ ਬਹਾਲ ਕੀਤਾ ਜਾਵੇ ਤਾਂ ਜੋ ਉਹ ਆਪਣਾ ਗੁਜ਼ਾਰਾ ਕਰ ਸਕਣ |