ਮੁਕੇਰੀਆਂ, 5 ਜਨਵਰੀ (ਰਾਮਗੜ੍ਹੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੀ ਅਗਵਾਈ ਅਧੀਨ ਚੱਲ ਰਹੇ ਅਦਾਰੇ ਦਸਮੇਸ਼ ਪਬਲਿਕ ਸਕੂਲ ਚੱਕ ਅੱਲਾ ਬਖ਼ਸ਼ ਮੁਕੇਰੀਆਂ ਵਿਖੇ ਵਿਦਿਆਰਥੀਆਂ, ਪ੍ਰਬੰਧਕੀ ਕਮੇਟੀ ਅਤੇ ਸਮੂਹ ਸਟਾਫ਼ ਦੇ ਆਪਸੀ ਸਹਿਯੋਗ ਨਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਵਿੱਚ ਰੱਖੇ ਗਏ ਅਖੰਡ-ਪਾਠ ਸਾਹਿਬ ਦਾ ਭੋਗ ਪਾਇਆ ਗਿਆ ਅਤੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ | ਇਸ ਦੌਰਾਨ ਸੰਗਤਾਂ ਵਲੋਂ ਸ਼ਬਦ ਗਾਇਨ, ਕਵਿਤਾ ਅਤੇ ਕਵੀਸ਼ਰੀ ਪੇਸ਼ ਕਰਕੇ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਕੁਰਬਾਨੀ 'ਤੇ ਚਾਨਣਾ ਪਾਇਆ ਗਿਆ | ਇਸ ਮੌਕੇ ਸਕੂਲ ਨੂੰ ਬਹੁਤ ਸੁੰਦਰ ਤਰੀਕੇ ਨਾਲ ਸਜਾਇਆ ਗਿਆ | ਸਕੂਲ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਜੀ ਅਤੇ ਟਰੱਸਟੀ ਮੈਂਬਰ ਸਾਹਿਬਾਨ ਵਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਕੀਤੀ ਗਈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਅਤੇ ਇਸ ਅਦਾਰੇ ਨੂੰ ਪਰਮਾਤਮਾ ਚੜ੍ਹਦੀ ਕਲਾ ਵਿੱਚ ਰੱਖੇ ਅਤੇ ਇਹ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ ਕਰੇ | ਸਰਬੱਤ ਦੇ ਭਲੇ ਦੇ ਨਾਲ-ਨਾਲ ਟਰੱਸਟੀ ਸਾਹਿਬਾਨ ਅਤੇ ਸਮੂਹ ਸਟਾਫ਼ ਦੀ ਸਿਹਤਯਾਬੀ ਦੀ ਕਾਮਨਾ ਵੀ ਕੀਤੀ ਗਈ | ਸਮਾਗਮ ਦੇ ਅੰਤ ਵਿੱਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ ਜਿਸ ਵਿੱਚ ਸੰਗਤ ਨੇ ਵੱਧ ਚੜ੍ਹ ਕੇ ਸੇਵਾ ਕੀਤੀ | ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ, ਸਤਪਾਲ ਸਿੰਘ, ਬਿਕਰਮਜੀਤ ਸਿੰਘ, ਹਰਮਨਜੀਤ ਸਿੰਘ, ਸੁਰਜੀਤ ਸਿੰਘ ਭੱਟੀਆਂ, ਦਵਿੰਦਰ ਸਿੰਘ ਜੀ, ਹਰਿੰਦਰਜੀਤ ਸਿੰਘ, ਐਡਵੋਕੇਟ ਗੁਰਦੀਪ ਸਿੰਘ, ਸੁਖਵਿੰਦਰ ਕੌਰ, ਜੋਗਿੰਦਰ ਕੌਰ, ਐਡਵੋਕੇਟ ਹਰਪ੍ਰੀਤ ਸਿੰਘ, ਡਾਇਰੈਕਟਰ ਗੁਰਮੀਤ ਕੌਰ ਗਿੱਲ, ਪਿ੍ੰਸੀਪਲ ਕਰਮਜੀਤ ਕੌਰ ਬਰਾੜ, ਪਿ੍ੰਸੀਪਲ ਸੁਮਨ ਸ਼ੁਕਲਾ ਅਤੇ ਹੋਰ ਮਹਿਮਾਨਾਂ ਨੇ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਹਾਜ਼ਰੀ ਭਰੀ | ਪਿ੍ੰਸੀਪਲ ਸੰਜੀਵ ਚੰਦੇਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਸਮੂਹ ਸੰਗਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਲੱਖ-ਲੱਖ ਵਧਾਈ ਦਿੱਤੀ |