ਹੁਸ਼ਿਆਰਪੁਰ, 5 ਜਨਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ 'ਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰਨਾਂ ਸਮਾਜਿਕ ਕੁਰੀਤੀਆਂ ਖ਼ਿਲਾਫ਼ ਜਾਗਰੂਕ ਕਰਨ ਲਈ ਅੱਜ ਤਲਵੰਡੀ ਕਾਨਗੋ, ਗੜ੍ਹੀ, ਤਾਜੋਵਾਲ, ਓਟ ਕਲੀਨਿਕ ਗੜ੍ਹਸ਼ੰਕਰ, ਨਸ਼ਾ-ਛੁਡਾਊ ਕੇਂਦਰ ਮੁਹੱਲਾ ਫ਼ਤਿਹਗੜ੍ਹ, ਬਸਤੀ ਮਖੋਵਾਲ ਅਤੇ ਲੋਹਗੜ੍ਹ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ | ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਸਬੰਧੀ ਦੱਸਿਆ ਗਿਆ ਕਿ ਇਸ ਮੁਹਿੰਮ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ੇ ਨੂੰ ਤਿਆਗ ਕੇ ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ | ਇਸ ਦੌਰਾਨ ਐਚ.ਆਈ.ਵੀ ਏਡਜ਼ ਮੁਹਿੰਮ ਬਾਰੇ ਜਾਣਕਾਰੀ ਦਿੱਤੀ ਗਈ |