ਹੁਸ਼ਿਆਰਪੁਰ, 5 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਧੁੰਦ ਵਾਲੇ ਮੌਸਮ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਸੜਕ ਸੁਰੱਖਿਆ ਨੂੰ ਸਭ ਤੋਂ ਵੱਡੀ ਤਰਜ਼ੀਹ ਐਲਾਨਿਆ ਹੈ ਅਤੇ ਆਮ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਸਰਦੀਆਂ ਦੇ ਮੌਸਮ ਦੌਰਾਨ ਸੰਘਣੀ ਧੁੰਦ ਹਾਦਸਿਆਂ ਦਾ ਮੁੱਖ ਕਾਰਨ ਹੈ, ਇਸ ਲਈ ਡਰਾਈਵਰਾਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ | ਡਿਪਟੀ ਕਮਿਸ਼ਨਰ ਨੇ ਵਾਹਨਾਂ 'ਤੇ ਰਿਫ਼ਲੈਕਟਰ ਲਗਾਉਣ ਦੀ ਮਹੱਤਤਾ 'ਤੇ ਵਿਸ਼ੇਸ਼ ਤੌਰ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਰਿਫ਼ਲੈਕਟਰ ਘੱਟ ਦਿ੍ਸ਼ਟੀ ਵਾਲੀਆਂ ਸਥਿਤੀਆਂ ਵਿਚ ਦੂਰੋਂ ਵਾਹਨਾਂ ਦੀ ਪਹਿਚਾਣ ਕਰਨ ਵਿਚ ਮਦਦ ਕਰਦੇ ਹਨ, ਜਿਸ ਨਾਲ ਹਾਦਸਿਆਂ ਦੀ ਸੰਭਾਵਨਾ ਬਹੁਤ ਹੱਦ ਤੱਕ ਘੱਟ ਜਾਂਦੀ ਹੈ | ਉਨ੍ਹਾਂ ਕਿਹਾ ਕਿ ਟਰੈਕਟਰ-ਟਰਾਲੀਆਂ, ਟਰੱਕਾਂ, ਬੱਸਾਂ, ਸਟਰੀਟ ਵਿਕਰੇਤਾ ਵਾਹਨਾਂ ਅਤੇ ਹੋਰ ਹੌਲੀ ਚੱਲਣ ਵਾਲੇ ਵਾਹਨਾਂ 'ਤੇ ਰਿਫ਼ਲੈਕਟਰ ਜ਼ਰੂਰ ਲਗਾਏ ਜਾਣ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਧੁੰਦ ਦੌਰਾਨ ਪੁਲਿਸ ਵਿਭਾਗ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ | ਆਰ.ਟੀ.ਓ ਅਮਨਦੀਪ ਕੌਰ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਵਲੋਂ ਰਿਫ਼ਲੈਕਟਰ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ ਅਤੇ ਬਿਨਾਂ ਰਿਫ਼ਲੈਕਟਰ ਵਾਲੇ ਪਾਏ ਜਾਣ ਵਾਲੇ ਵਾਹਨਾਂ ਨੂੰ ਮੌਕੇ 'ਤੇ ਹੀ ਜਾਗਰੂਕ ਕੀਤਾ ਜਾ ਰਿਹਾ ਹੈ |