ਹੁਸ਼ਿਆਰਪੁਰ, 24 ਜਨਵਰੀ (ਨਰਿੰਦਰ ਸਿੰਘ ਬੱਡਲਾ)-ਸੂਬੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰਨਾਂ ਧਾਰਮਿਕ ਗ੍ਰੰਥਾਂ ਦੀਆਂ ਹੋਈਆਂ ਬੇਅਦਬੀਆਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਪਰੰਤੂ ਉਸਦੇ ਬਾਵਜੂਦ ਨਾ ਤਾਂ ਸਰਕਾਰ ਵੱਲੋਂ ਅਸਲ ਦੋਸ਼ੀਆਂ ਨੂੰ ਬੇਨਕਾਬ ਕਰਕੇ ਕਾਬੂ ਕੀਤਾ ਗਿਆ ਹੈ ਅਤੇ ਨਾ ਹੀ ਲੋਕਾਂ ਨੂੰ ਇਨਸਾਫ਼ ਮਿਲਿਆ ਹੈ | ਇਹ ਵਿਚਾਰ ਅੱਜ ਇੱਥੇ ਅਕਾਲੀ ਦਲ ਸਵਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਚੋਣਾਂ ਦੌਰਾਨ ਇਨ੍ਹਾਂ ਮਾਮਲਿਆਂ 'ਤੇ ਤੁਰੰਤ ਕਾਰਵਾਈ ਕਰਨ ਦੀ ਗੱਲ ਕਹਿ ਰਹੀ ਸੀ ਪਰੰਤੂ ਹੁਣ ਕਰੀਬ ਚਾਰ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਸਵਤੰਤਰ ਵੱਲੋਂ ਲੰਬੇ ਸਮੇਂ ਤੋਂ ਇਨ੍ਹਾਂ ਸੰਵੇਦਨਸ਼ੀਲ ਮੁੱਦਿਆਂ 'ਤੇ ਗੱਲਬਾਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਮਾਂ ਮੰਗਿਆ ਜਾ ਰਿਹਾ ਹੈ ਪਰੰਤੂ ਉਨ੍ਹਾਂ ਨੂੰ ਅਜੇ ਤੱਕ ਮਿਲਣ ਦਾ ਸਮਾਂ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਹੁਣ 26 ਜਨਵਰੀ ਗਣਤੰਤਰ ਦਿਵਸ ਮੌਕੇ ਹੁਸ਼ਿਆਰਪੁਰ ਹੋਣ ਵਾਲੇ ਸੂਬਾ ਪੱਧਰੀ ਸਮਾਗਮ 'ਚ ਭਗਵੰਤ ਮਾਨ ਪਹੁੰਚ ਰਹੇ ਹਨ ਅਤੇ ਉਹ ਇਹ ਮੰਗ ਕਰਦੇ ਹਨ ਕਿ ਉਨ੍ਹਾਂ ਨੂੰ ਇਸ ਮੌਕੇ ਮਿਲਣ ਦਾ ਸਮਾਂ ਦਿੱਤਾ ਜਾਵੇ ਤਾਂ ਜੋ ਪੰਜਾਬ ਦੇ ਇਨ੍ਹਾਂ ਅਹਿਮ ਮੁੱਦਿਆਂ 'ਤੇ ਗੱਲਬਾਤ ਕੀਤੀ ਜਾਵੇ | ਇਸ ਮੌਕੇ ਉਨ੍ਹਾਂ ਨਾਲ ਮੁਖ਼ਤਿਆਰ ਸਿੰਘ, ਰਘੁਵੀਰ ਸਿੰਘ, ਲਖਵੀਰ ਸਿੰਘ ਪੱਟੀ, ਬਲਵੀਰ ਸਿੰਘ ਫੁਗਲਾਣਾ ਪ੍ਰਧਾਨ ਦੁਆਬਾ ਜਨਰਲ ਕੈਟਾਗਰੀ ਫ਼ਰੰਟ ਵੀ ਹਾਜ਼ਰ ਸਨ |