ਹੁਸ਼ਿਆਰਪੁਰ, 27 ਜਨਵਰੀ (ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਦੀ ਜਥੇਬੰਦੀ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਲਈ ਮੋਰਚਾ ਖੋਲ੍ਹ ਦਿੱਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਦੱਸਿਆ ਕਿ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦੇ ਸੰਬੰਧ ਵਿਚ ਸਮੂਹ ਕਰਮਚਾਰੀਆਂ ਵਲੋਂ ਪੰਜਾਬ ਭਰ ਵਿਚ ਏਡਜ਼ ਦੀਆ ਸਾਰੀਆਂ ਸੇਵਾਵਾਂ ਦਵਾਈ ਦੇਣ, ਟੈਸਟਿੰਗ, ਕਾੳਾੂਸਲਿੰਗ, ਨਸ਼ੇ ਦੇ ਮਰੀਜ਼ਾਂ ਨੂੰ ਦਵਾਈਆਂ ਦੇਣ, ਗੁਪਤ ਰੋਗਾਂ ਦੇ ਮਰੀਜ਼ਾਂ ਨੂੰ ਦਵਾਈਆਂ ਦੇਣ ਤੋਂ ਇਲਾਵਾ ਬਲੱਡ ਸੈਂਟਰਾਂ ਦੇ ਕਰਮਚਾਰੀ 29 ਜਨਵਰੀ ਨੂੰ ਸਵੇਰੇ ਦੋ ਘੰਟੇ ਲਈ ਹਰ ਤਰ੍ਹਾਂ ਦੀ ਸੇਵਾ ਠੱਪ ਕਰਕੇ ਆਪੋ ਆਪਣੇ ਸੈਂਟਰਾਂ 'ਤੇ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰਨਗੇ ਅਤੇ ਸਰਕਾਰੀ ਕੰਮਾਂ ਦਾ ਬਾਈਕਾਟ ਕੀਤਾ ਜਾਵੇਗਾ | ਜੇਕਰ ਫੇਰ ਵੀ ਮੰਗਾਂ ਨਹੀਂ ਮੰਨੀਆਂ ਤਾਂ 15 ਫਰਵਰੀ ਨੂੰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਦੀ ਨਿੱਜੀ ਰਿਹਾਇਸ਼ ਪਟਿਆਲਾ ਵਿਖੇ ਪੰਜਾਬ ਭਰ ਦੇ ਕਰਮਚਾਰੀ ਰੋਸ ਰੈਲੀ ਕੱਢਣ ਲਈ ਮਜਬੂਰ ਹੋਣਗੇ | ਇਸ ਮੌਕੇ ਜਨਰਲ ਸਕੱਤਰ ਗੁਰਜੰਟ ਸਿੰਘ ਨੇ ਦੱਸਿਆ ਕਿ ਇਹ ਸੰਘਰਸ਼ ਸਰਕਾਰ ਵਲੋਂ ਕਰਮਚਾਰੀਆਂ ਨਾਲ ਵਾਅਦਾ ਖ਼ਿਲਾਫ਼ੀ ਦੇ ਵਿਰੋਧ ਵਿਚ ਪ੍ਰਦਰਸ਼ਨ ਮੰਗਾਂ ਮੰਨੇ ਜਾਣ ਤਕ ਜਾਰੀ ਰਹਿਣਗੇ | ਇਸ ਮੌਕੇ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਵਿੱਢੇ ਗਏ ਸੰਘਰਸ਼ ਨੂੰ ਜ਼ਿਲ੍ਹਾ ਅਹੁਦੇਦਾਰਾਂ ਅਤੇ ਸੀਨੀਅਰ ਆਗੂਆਂ ਨੇ ਮੀਟਿੰਗ 'ਚ ਹਾਜ਼ਰ ਹੋ ਕੇ ਹਰ ਹਾਲ ਨੇਪਰੇ ਚਾੜ੍ਹਨ ਦਾ ਅਹਿਦ ਲਿਆ |