ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ 'ਚ ਵੱਖ-ਵੱਖ ਵਿਭਾਗਾਂ ਦੁਆਰਾ ਕੀਤੇ ਜਾ ਰਹੇ ਵਿਕਾਸ ਕਾਰਜਾਂ, ਲੋਕ ਭਲਾਈ ਯੋਜਨਾਵਾਂ ਅਤੇ ਕਾਨੂੰਨ ਵਿਵਸਥਾ ਦੇ ਮਾਮਲਿਆਂ ਦੀ ਵਿਆਪਕ ਸਮੀਖਿਆ ਕੀਤੀ | ਮੀਟਿੰਗ ਦਾ ਉਦੇਸ਼ ਸਰਕਾਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਅਤੇ ਲੰਬਿਤ ਮਾਮਲਿਆਂ ਦਾ ਸਮੇਂ ਸਿਰ ਹੱਲ ਕਰਨਾ ਯਕੀਨੀ ਬਣਾਉਣਾ ਸੀ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕੰਢੀ ਖੇਤਰ ਦੇ ਕੂਕਾਨੇਟ, ਬਾੜੀ ਖੱਡ, ਭੱਟੀਆਂ, ਫ਼ਤਿਹਪੁਰ ਅਤੇ ਹੋਰ ਪਿੰਡਾਂ ਵਿੱਚ ਮੋਬਾਈਲ ਨੈੱਟਵਰਕ ਸਮੱਸਿਆ ਵੱਲ ਵਿਸ਼ੇਸ਼ ਧਿਆਨ ਦਿੱਤਾ | ਉਨ੍ਹਾਂ ਸੰਬੰਧਿਤ ਟੈਲੀਕਾਮ ਕੰਪਨੀਆਂ ਨੂੰ ਉਨ੍ਹਾਂ ਖੇਤਰਾਂ 'ਚ ਟਾਵਰ ਲਗਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਜਿੱਥੇ ਨੈੱਟਵਰਕ ਨਹੀਂ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਸੰਚਾਰ ਸੰਬੰਧੀ ਕੋਈ ਸਮੱਸਿਆ ਨਾ ਆਵੇ | ਸੇਫ਼ ਸਕੂਲ ਵਾਹਨ ਨੀਤੀ ਦੇ ਤਹਿਤ, ਦਸੰਬਰ 'ਚ 11 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ, ਜਿਸ ਨਾਲ ਬੱਚਿਆਂ ਦੀ ਸੁਰੱਖਿਆ ਨੂੰ ਸਖ਼ਤੀ ਨਾਲ ਲਾਗੂ ਕੀਤਾ ਗਿਆ | ਐਨ-ਕਾਰਡ ਮੀਟਿੰਗ ਦੌਰਾਨ ਜ਼ਿਲ੍ਹਾ ਪੁਲਿਸ ਦੇ ਨਸ਼ਿਆਂ ਖ਼ਿਲਾਫ਼ ਜਾਣਕਾਰੀ ਸਾਂਝੀ ਕਰਦਿਆਂ, ਉਨ੍ਹਾਂ ਦੱਸਿਆ ਕਿ ਐਨ.ਡੀ.ਪੀ.ਐਸ ਐਕਟ ਤਹਿਤ 84 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ 105 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਮੇਂ ਦੌਰਾਨ 3 ਕਿਲੋਗ੍ਰਾਮ ਅਫ਼ੀਮ, 52 ਗ੍ਰਾਮ ਹੈਰੋਇਨ, 270 ਗ੍ਰਾਮ ਨਸ਼ੀਲਾ ਪਾਊਡਰ, 6,208 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ, 14 ਟੀਕੇ ਅਤੇ 72,000 ਰੁਪਏ ਦੇ ਡਰੱਗ ਮਨੀ ਬਰਾਮਦ ਕੀਤੇ ਗਏ ਹਨ | ਨਸ਼ਾ ਤਸਕਰਾਂ ਦੀਆਂ 16 ਲੱਖ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਗਿਆ ਹੈ, ਜਦੋਂ ਕਿ 25 ਮਾਮਲਿਆਂ ਵਿੱਚ ਧਾਰਾ 64-ਏ ਤਹਿਤ ਕਾਰਵਾਈ ਕੀਤੀ ਗਈ ਹੈ | ਇਸ ਤੋਂ ਇਲਾਵਾ 199 ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਗਿਆ ਹੈ | ਉਨ੍ਹਾਂ ਜਨਤਾ ਨੂੰ ਡਰੱਗ ਫ੍ਰੀ ਇੰਡੀਆ ਮੋਬਾਈਲ ਐਪ ਡਾਊਨਲੋਡ ਕਰਨ ਦੀ ਅਪੀਲ ਕੀਤੀ | ਆਬਕਾਰੀ ਐਕਟ ਤਹਿਤ ਬਾਰਾਂ ਐਫ.ਆਈ.ਆਰ ਦਰਜ ਕੀਤੀਆਂ ਗਈਆਂ, 12 ਗਿ੍ਫ਼ਤਾਰੀਆਂ ਕੀਤੀਆਂ ਗਈਆਂ ਅਤੇ 223,000 ਮਿਲੀਲੀਟਰ ਨਾਜਾਇਜ਼ ਸ਼ਰਾਬ ਜ਼ਬਤ ਕੀਤੀ ਗਈ | ਇਸ ਤੋਂ ਇਲਾਵਾ ਆਰ.ਓ.ਬੀ (ਰੇਲਵੇ ਓਵਰ ਬਿ੍ਜ) ਅਤੇ ਹੁਸ਼ਿਆਰਪੁਰ-ਟਾਂਡਾ ਨਵੀਂ ਰੇਲਵੇ ਲਾਈਨ ਸਰਵੇਖਣ, ਰੰਗਲਾ ਪੰਜਾਬ ਸਬੰਧੀ ਮੀਟਿੰਗ ਵਿੱਚ ਵੀ ਚਰਚਾ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਬਕਾਇਆ ਯੂ.ਸੀ ਅਤੇ ਡੀ.ਸੀ ਬਿੱਲਾਂ ਦਾ ਜਲਦੀ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਐਸ.ਡੀ.ਐਮ ਮੁਕੇਰੀਆਂ ਓਏਸ਼ੀ ਮੰਡਲ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸ.ਡੀ.ਐਮ ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ ਗੜ੍ਹਸ਼ੰਕਰ ਸੰਜੀਵ ਕੁਮਾਰ, ਐਸ.ਪੀ ਮੇਜਰ ਸਿੰਘ, ਐਸ.ਪੀ ਮਨਪ੍ਰੀਤ ਸ਼ਿੰਮਾਰ, ਡੀ.ਐਸ.ਪੀ ਜਗਦੀਰ ਸਿੰਘ, ਡੀ.ਡੀ.ਪੀ.ਓ ਸੰਦੀਪ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |
ਡੀ.ਸੀ. ਵਲੋਂ ਵਿਕਾਸ ਕਾਰਜਾਂ, ਲੋਕ ਭਲਾਈ ਯੋਜਨਾਵਾਂ ਅਤੇ ਕਾਨੂੰਨ ਵਿਵਸਥਾ ਦੀ ਸਮੀਖਿਆ
ਅਜੀਤ ਡੈਸਕ
29-01-2026