ਹੁਸ਼ਿਆਰਪੁਰ, 30 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ ਮਹਾਤਮਾ ਗਾਂਧੀ ਦੀ ਤਸਵੀਰ 'ਤੇ ਸ਼ਰਧਾ ਸੁਮਨ ਅਰਪਿਤ ਕੀਤੇ | ਇਸ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਨੇ ਆਪਣੇ ਹਥਿਆਰ ਉਲਟੇ ਕਰਕੇ ਸ਼ਰਧਾਂਜਲੀ ਭੇਟ ਕੀਤੀ | ਇਸ ਤੋਂ ਬਾਅਦ ਸਾਰੇ ਅਧਿਕਾਰੀ ਅਤੇ ਕਰਮਚਾਰੀਆਂ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਲਈ ਦੋ ਮਿੰਟ ਦਾ ਮੌਨ ਧਾਰਨ ਕੀਤਾ | ਸਹਾਇਕ ਕਮਿਸ਼ਨਰ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਹੋਰਨਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਰਾਸ਼ਟਰ ਪਿਤਾ ਵਲੋਂ ਦਿਖਾਏ ਗਏ ਸੱਚ, ਪਿਆਰ ਅਤੇ ਅਹਿੰਸਾ ਦੇ ਮਾਰਗ 'ਤੇ ਚੱਲਣ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾਉਣ ਲਈ ਕਿਹਾ | ਉਨ੍ਹਾਂ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਹੋਰਨਾਂ ਮਹਾਨ ਦੇਸ਼ ਭਗਤਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਸਾਰੇ ਅੱਜ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ | ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਇਮਾਨਦਾਰੀ, ਸਮਰਪਣ, ਅਨੁਸ਼ਾਸਨ ਅਤੇ ਸ਼ਰਧਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ |