ਹੁਸ਼ਿਆਰਪੁਰ, 3 ਫਰਵਰੀ (ਬਲਜਿੰਦਰਪਾਲ ਸਿੰਘ)-ਕੰਪਿਊਟਰ ਫੈਕਲਟੀ ਐਸੋਸੀਏਸ਼ਨ ਦੇ ਸੂਬਾਈ ਆਗੂ ਪ੍ਰਦੀਪ ਕੁਮਾਰ ਮਲੂਕਾ, ਜਸਪਾਲ ਫ਼ਤਿਹਗੜ੍ਹ ਸਾਹਿਬ, ਲਖਵਿੰਦਰ ਸਿੰਘ ਫ਼ਿਰੋਜ਼ਪੁਰ, ਪਵਨ ਸ਼ਰਮਾ ਜਲੰਧਰ, ਹਰਚਰਨ ਸਿੰਘ, ਜਤਿੰਦਰ ਸਿੰਘ ਸੋਢੀ, ਰਾਕੇਸ਼ ਸੈਣੀ ਪਠਾਨਕੋਟ ਅਤੇ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਆਗੂ ਪਰਮਵੀਰ ਸਿੰਘ ਪੰਮੀ ਨੇ ਦੱਸਿਆ ਕਿ ਸਰਕਾਰ ਨੇ ਸਿਆਸੀ ਲਾਹਾ ਲੈਣ ਲਈ ਅਧਿਆਪਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੇ ਕੰਮ ਵਿਚ ਝੋਕ ਦਿੱਤਾ ਹੈ | ਆਗੂਆਂ ਨੇ ਕਿਹਾ ਕਿ ਜਦੋਂ ਸਰਕਾਰ ਖ਼ੁਦ ਹੀ ਸਿੱਖਿਆ ਦਾ ਉਜਾੜਾ ਕਰਨ 'ਤੇ ਤੁਲੀ ਹੋਈ ਹੈ, ਤਾਂ ਉਨ੍ਹਾਂ ਕੋਲ ਹਾਈਕੋਰਟ ਜਾਣ ਤੋਂ ਇਲਾਵਾ ਕੋਈ ਰਸਤਾ ਨਹੀਂ ਬਚਿਆ | ਉਹ ਅਦਾਲਤ ਵਿਚ ਪੱਖ ਰੱਖਣਗੇ ਕਿ ਸੁਪਰੀਮ ਕੋਰਟ ਅਤੇ ਆਰ.ਟੀ.ਈ. ਐਕਟ ਮੁਤਾਬਿਕ ਅਧਿਆਪਕਾਂ ਤੋਂ ਗੈਰ-ਵਿੱਦਿਅਕ ਕੰਮ ਨਹੀਂ ਲਿਆ ਜਾ ਸਕਦਾ, ਅਤੇ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਸਿਰ 'ਤੇ ਹੋਣ ਦੇ ਬਾਵਜੂਦ ਅਧਿਆਪਕਾਂ ਨੂੰ ਆਪਣਾ ਸਿਆਸੀ ਲਾਹਾ ਲੈਣ ਦੇ ਲਈ ਇਸ ਕੰਮ ਵਿਚ ਲਗਾ ਦਿੱਤਾ ਹੈ | ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ 2011 ਵਿਚ ਜਾਰੀ ਰੈਗੂਲਰ ਆਰਡਰਸ ਵਿਚ ਦਰਜ ਸਾਰੇ ਲਾਭ ਬਹਾਲ ਕੀਤੇ ਜਾਣ ਅਤੇ ਉਨ੍ਹਾਂ ਨੂੰ ਛੇਵੇਂ ਪੇ ਕਮਿਸ਼ਨ ਅਨੁਸਾਰ ਪੂਰੀ ਤਨਖ਼ਾਹ ਤੇ ਲਾਭ ਦਿੱਤੇ ਜਾਣ ਅਤੇ ਹੋਰਨਾਂ ਮੰਗਾਂ ਦਾ ਹੱਲ ਕੀਤਾ ਜਾਵੇ |