ਦਸੂਹਾ, 3 ਫਰਵਰੀ (ਕੌਸ਼ਲ)- ਸੁਰਜੀਤ ਸਿੰਘ ਕੈਰੇ ਜ਼ਿਲ੍ਹਾ ਪ੍ਰਧਾਨ ਬੀ.ਸੀ ਵਿੰਗ, ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਜ਼ੀਰ ਬਿਕਰਮਜੀਤ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਜ਼ਮਾਨਤ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ | ਸੁਰਜੀਤ ਸਿੰਘ ਕੈਰੇ ਨੇ ਜਾਰੀ ਬਿਆਨ ਵਿਚ ਕਿਹਾ ਕਿ ਇਹ ਫ਼ੈਸਲਾ ਸਚਾਈ ਅਤੇ ਨਿਆਂ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਮਜੀਠੀਆ ਲੰਮੇ ਸਮੇਂ ਤੋਂ ਕਾਨੂੰਨੀ ਪ੍ਰਕਿਰਿਆ ਦਾ ਸਾਹਮਣਾ ਕਰ ਰਹੇ ਸਨ ਅਤੇ ਹੁਣ ਜ਼ਮਾਨਤ ਮਿਲਣ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ | ਉਨ੍ਹਾਂ ਦੱਸਿਆ ਕਿ ਪਾਰਟੀ ਹਮੇਸ਼ਾ ਕਾਨੂੰਨ ਅਤੇ ਸੰਵਿਧਾਨਕ ਪ੍ਰਕਿਰਿਆ 'ਤੇ ਵਿਸ਼ਵਾਸ ਕਰਦੀ ਹੈ | ਸਾਡੇ ਆਗੂ ਨੂੰ ਇਨਸਾਫ਼ ਮਿਲਣਾ ਸ਼ੁਰੂ ਹੋ ਗਿਆ ਹੈ ਅਤੇ ਸੱਚ ਜ਼ਰੂਰ ਸਾਹਮਣੇ ਆਵੇਗਾ, ਉਨ੍ਹਾਂ ਇਹ ਵੀ ਕਿਹਾ ਕਿ ਮਜੀਠੀਆ ਦੀ ਰਿਹਾਈ ਨਾਲ ਪਾਰਟੀ ਦੀ ਸਿਆਸੀ ਸਰਗਰਮੀ ਹੋਰ ਤੇਜ਼ ਹੋਵੇਗੀ ਅਤੇ ਵਰਕਰ ਹੋਰ ਜੋਸ਼ ਨਾਲ ਲੋਕ ਸੇਵਾ ਵਿਚ ਜੁਟਣਗੇ | ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਬੀ.ਸੀ. ਵਿੰਗ ਦੇ ਸਾਰੇ ਮੈਂਬਰ ਅਤੇ ਜ਼ਿਲ੍ਹਾ ਇਕਾਈ ਦੇ ਵਰਕਰ ਇਸ ਮੌਕੇ 'ਤੇ ਖ਼ੁਸ਼ ਹਨ | ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਹੋਰ ਮਜ਼ਬੂਤੀ ਨਾਲ ਲੋਕਾਂ ਦੇ ਮੁੱਦੇ ਉਠਾਏਗੀ ਅਤੇ ਪੰਜਾਬ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ | ਅੰਤ ਵਿਚ ਸੁਰਜੀਤ ਸਿੰਘ ਕੈਰੇ ਨੇ ਪਾਰਟੀ ਵਰਕਰਾਂ ਨੂੰ ਇੱਕਜੁੱਟ ਰਹਿਣ ਅਤੇ ਪਾਰਟੀ ਦੀ ਨੀਤੀ ਅਨੁਸਾਰ ਕੰਮ ਕਰਨ ਦੀ ਅਪੀਲ ਕੀਤੀ |