ਦਸੂਹਾ, 3 ਫਰਵਰੀ (ਕੌਸ਼ਲ)- ਇਲਾਕੇ ਦੀ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਐਸ. ਐਚ. ਓ. ਅਮਰਜੀਤ ਕੌਰ ਨੇ ਥਾਣਾ ਦਸੂਹਾ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ | ਚਾਰਜ ਸੰਭਾਲਣ ਉਪਰੰਤ ਉਨ੍ਹਾਂ ਨੇ ਸਟਾਫ਼ ਨਾਲ ਮੀਟਿੰਗ ਕਰਕੇ ਪੁਲਿਸ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਇਲਾਕੇ ਵਿਚ ਅਮਨ-ਕਾਨੂੰਨ ਬਰਕਰਾਰ ਰੱਖਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਥਾਣਾ ਪੱਧਰ 'ਤੇ ਆਉਣ ਵਾਲੀ ਹਰ ਸ਼ਿਕਾਇਤ ਦਾ ਤੁਰੰਤ ਤੇ ਨਿਰਪੱਖ ਨਿਪਟਾਰਾ ਕੀਤਾ ਜਾਵੇਗਾ | ਉਨ੍ਹਾਂ ਨੇ ਜ਼ੋਰ ਦਿੱਤਾ ਕਿ ਨਸ਼ਾ ਤਸਕਰੀ, ਚੋਰੀਆਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ | ਰਾਤਰੀ ਗਸ਼ਤ ਨੂੰ ਮਜ਼ਬੂਤ ਕਰਨ ਅਤੇ ਸੰਵੇਦਨਸ਼ੀਲ ਥਾਵਾਂ 'ਤੇ ਨਿਗਰਾਨੀ ਵਧਾਉਣ ਦੇ ਹੁਕਮ ਵੀ ਜਾਰੀ ਕੀਤੇ ਗਏ | ਐੱਸ.ਐਚ.ਓ. ਅਮਰਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਹਲਚਲ ਜਾਂ ਅਪਰਾਧ ਸਬੰਧੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ | ਉਨ੍ਹਾਂ ਨੇ ਕਿਹਾ ਕਿ ਪੁਲਿਸ ਅਤੇ ਜਨਤਾ ਦੇ ਆਪਸੀ ਸਹਿਯੋਗ ਨਾਲ ਹੀ ਅਪਰਾਧ 'ਤੇ ਕਾਬੂ ਪਾਇਆ ਜਾ ਸਕਦਾ ਹੈ | ਔਰਤਾਂ ਦੀ ਸੁਰੱਖਿਆ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਨਾ ਯਕੀਨੀ ਬਣਾਉਣਾ ਵੀ ਪ੍ਰਾਥਮਿਕਤਾ ਰਹੇਗੀ | ਥਾਣਾ ਸਟਾਫ਼ ਵਲੋਂ ਨਵੇਂ ਐਸ.ਐਚ.ਓ. ਦਾ ਸਵਾਗਤ ਕੀਤਾ ਗਿਆ ਅਤੇ ਭਰੋਸਾ ਦਿਵਾਇਆ ਗਿਆ ਕਿ ਉਹ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਮਾਨਦਾਰੀ ਅਤੇ ਮੁਸਤੈਦੀ ਨਾਲ ਡਿਊਟੀ ਨਿਭਾਉਣਗੇ |