ਹੁਸ਼ਿਆਰਪੁਰ, 3 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਜ਼ੋਰਾਵਰ ਸਿੰਘ ਚੌਹਾਨ ਨੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ ਦਿੱਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਨੇ ਉਨ੍ਹਾਂ ਨਾਲ ਇਨਸਾਫ਼ ਕਰਦਿਆਂ ਉਨ੍ਹਾਂ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਦਿੱਤੀ ਹੈ, ਜਿਸ ਨਾਲ ਸ਼ੋ੍ਰਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਦਾ ਬਲ ਹੋਰ ਵੀ ਵੱਧ ਗਿਆ ਹੈ | ਉਨ੍ਹਾਂ ਕਿਹਾ ਕਿ ਅਦਾਲਤ ਵਲੋਂ ਮਜੀਠੀਆ ਸੰਬੰਧੀ ਦਿੱਤਾ ਗਿਆ ਇਹ ਫ਼ੈਸਲਾ ਸ਼ਲਾਘਾਯੋਗ ਹੈ ਅਤੇ ਇਸ ਨਾਲ ਸੱਚਾਈ ਸਭ ਦੇ ਸਾਹਮਣੇ ਆ ਗਈ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਝੂਠੇ ਕੇਸ ਦਰਜ ਕਰਕੇ ਲੰਮੇ ਸਮੇਂ ਤੋਂ ਮਜੀਠੀਆ ਨੂੰ ਜੇਲ੍ਹ 'ਚ ਡੱਕਿਆ ਹੋਇਆ ਸੀ, ਜੋ ਬੇਹੱਦ ਮੰਦਭਾਗਾ ਸੀ | ਉਨ੍ਹਾਂ ਕਿਹਾ ਕਿ ਸਰਕਾਰ ਸਿਆਸੀ ਬਦਲਾਖੋਰੀ ਤਹਿਤ ਆਪਣੇ ਸਿਆਸੀ ਵਿਰੋਧੀਆਂ ਦੀ ਆਵਾਜ਼ ਨੂੰ ਬੰਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਅਕਾਲੀ ਦਲ ਦੇ ਸਮੂਹ ਆਗੂਆਂ ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ ਹੈ |