ਗੜ੍ਹਦੀਵਾਲਾ, 4 ਫਰਵਰੀ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਦੁਆਰਾ ਸੰਗਤੀ ਰੂਪ 'ਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ ਉਪਰੰਤ ਭਾਈ ਅਵਤਾਰ ਸਿੰਘ ਹੁਸ਼ਿਆਰਪੁਰ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਵਿਦਿਆਰਥੀਆਂ ਦੇ ਦਸਤਾਰ ਅਤੇ ਦੁਮਾਲਾ ਸਜਾਉਣ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਿ੍ੰਸੀਪਲ ਡਾ. ਜਸਪਾਲ ਸਿੰਘ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਦੀ ਵਧਾਈ ਦਿੰਦਿਆਂ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਗੁਰੂਆਂ ਦੇ ਦਰਸਾਏ ਮਾਰਗ ਤੇ ਚੱਲ ਕੇ ਸਮਾਜ ਦੇ ਸਾਰਥਿਕ ਕਾਰਜਾਂ ਵਿੱਚ ਯੋਗਦਾਨ ਪਾਉਣ ਦਾ ਸੁਨੇਹਾ ਦਿੱਤਾ | ਉਨ੍ਹਾਂ ਨੇ ਸਮਾਗਮ ਵਿੱਚ ਆਏ ਹੋਏ ਪਤਵੰਤੇ ਸੱਜਣਾਂ ਤੇ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |