ਹੁਸ਼ਿਆਰਪੁਰ, 4 ਫਰਵਰੀ (ਬਲਜਿੰਦਰਪਾਲ ਸਿੰਘ)-ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 9 ਫਰਵਰੀ ਤੋਂ ਡੇਅਰੀ ਸਿਖਲਾਈ ਕੇਂਦਰ ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ | ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਕਿ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਹੁਸ਼ਿਆਰਪੁਰ ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ 8 ਫਰਵਰੀ ਤੱਕ ਅਰਜ਼ੀਆਂ ਦੇ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਿਤ ਉਮੀਦਵਾਰ ਜਿਹੜੇ ਕਿ ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਣ ਅਤੇ ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ, ਸਿਖਲਾਈ ਵਿਚ ਭਾਗ ਲੈ ਸਕਦੇ ਹਨ |