ਹੁਸ਼ਿਆਰਪੁਰ, 4 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀ ਵੈਭਵ ਓਹਰੀ ਨੇ ਇੰਫਾਲ, ਮਨੀਪੁਰ 'ਚ ਕਰਵਾਈ ਐਸ.ਜੀ.ਐਫ.ਆਈ. ਸਕੂਲ ਨੈਸ਼ਨਲ ਗੇਮਜ਼ - ਜੂਡੋ ਚੈਂਪੀਅਨਸ਼ਿਪ 'ਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ | ਇਸ ਮੁਕਾਬਲੇ 'ਚ ਦੇਸ਼ ਭਰ ਦੀਆਂ 15 ਯੂਨਿਟਾਂ ਦੇ ਜੂਡੋ ਖਿਡਾਰੀਆਂ ਨੇ ਹਿੱਸਾ ਲਿਆ | ਵੈਭਵ ਨੇ ਸਖ਼ਤ ਮੁਕਾਬਲੇ ਦੇ ਬਾਵਜੂਦ ਸ਼ਾਨਦਾਰ ਪ੍ਰਦਰਸ਼ਨ ਕੀਤਾ, ਕਾਂਸੀ ਦਾ ਤਗਮਾ ਜਿੱਤਿਆ | ਇਸ ਮੌਕੇ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਚੰਦਰ ਮੋਹਨ ਨੇ ਵੈਭਵ ਅਤੇ ਉਸ ਦੇ ਮਾਪਿਆਂ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਨੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਨਿਰੰਤਰ ਸਮਰਥਨ ਦਾ ਭਰੋਸਾ ਦਿੱਤਾ | ਸਕੂਲ ਪਿ੍ੰਸੀਪਲ ਰਸ਼ਮੀ ਸ਼ਰਮਾ ਨੇ ਕਿਹਾ ਕਿ ਇਹ ਸਫਲਤਾ ਵੈਭਵ ਦੀ ਸਖ਼ਤ ਮਿਹਨਤ, ਨਿਯਮਤ ਅਭਿਆਸ ਅਤੇ ਆਤਮ-ਵਿਸ਼ਵਾਸ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਇਹ ਜਿੱਤ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਹੈ |