ਹੁਸ਼ਿਆਰਪੁਰ, 4 ਫਰਵਰੀ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਹਰਦੇਵ ਸਿੰਘ ਕੋਠੇ ਜੱਟਾਂ ਨੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੰੂ ਸੁਪਰੀਮ ਕੋਰਟ ਵਲੋਂ ਜ਼ਮਾਨਤ ਦਿੱਤੇ ਜਾਣ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਫ਼ੈਸਲੇ ਦਾ ਸਮੁੱਚਾ ਅਕਾਲੀ ਦਲ ਸਵਾਗਤ ਕਰਦਾ ਹੈ, ਕਿਉਂਕਿ ਇਸ ਫ਼ੈਸਲੇ ਨਾਲ ਲੋਕਾਂ ਦਾ ਨਿਆਂ ਪ੍ਰਣਾਲੀ 'ਤੇ ਵਿਸ਼ਵਾਸ ਵਧੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਾ ਕਰਕੇ ਹੁਣ ਵੀ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੇ ਸ਼ੁਰੂ ਤੋਂ ਹੀ 'ਆਪ' ਸਰਕਾਰ ਦੇ ਝੂਠ ਨੂੰ ਬੇਨਿਕਾਬ ਕਰਨ ਲਈ ਆਵਾਜ਼ ਬੁਲੰਦ ਕੀਤੀ, ਜਿਸ ਕਾਰਨ ਬੌਖਲਾਹਟ 'ਚ ਆ ਕੇ ਸਰਕਾਰ ਨੇ ਝੂਠੇ ਕੇਸ ਦਰਜ ਕਰਵਾ ਕੇ ਲੰਮੇ ਸਮੇਂ ਤੋਂ ਮਜੀਠੀਆ ਨੂੰ ਜੇਲ੍ਹ 'ਚ ਬੰਦ ਕੀਤਾ ਹੋਇਆ ਸੀ, ਪ੍ਰੰਤੂ ਅਦਾਲਤ ਦੇ ਉਕਤ ਫ਼ੈਸਲੇ ਨਾਲ ਸੱਚਾਈ ਲੋਕਾਂ ਦੇ ਸਾਹਮਣੇ ਆ ਗਈ ਹੈ | ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਅਕਾਲੀ ਦਲ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦਾ ਉਤਸ਼ਾਹ ਵਧਿਆ ਹੈ |