ਹੁਸ਼ਿਆਰਪੁਰ, 5 ਫਰਵਰੀ (ਨਰਿੰਦਰ ਸਿੰਘ ਬੱਡਲਾ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਹੁਸ਼ਿਆਰਪੁਰ ਦੇ ਸਬ ਅਰਬਨ ਡਿਵੀਜ਼ਨ ਪ੍ਰਧਾਨ ਗੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ 'ਚ ਆਈ 'ਆਪ' ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਅਰੇ- ਲੱਪਿਆਂ 'ਚ ਰੱਖ ਕੇ ਆਪਣਾ ਸਮਾਂ ਲੰਘਾ ਰਹੀ ਹੈ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨ੍ਹੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿਚ ਪਿਸਣ ਲਈ ਮਜਬੂਰ ਕੀਤਾ ਹੋਇਆ ਹੈ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ 'ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ 'ਚ ਮਰਜ਼ ਕਰਕੇ ਪੱਕਾ ਕਰਨ ਲਈ ਆਪ ਸਰਕਾਰ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਵਿਚ ਅਜੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ, ਜਿਸ ਦੇ ਵਿਰੋਧ 'ਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵਲੋਂ 7 ਫ਼ਰਵਰੀ ਨੂੰ ਦਿੜ੍ਹਬਾ ਦੀ ਅਨਾਜ ਮੰਡੀ 'ਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ |