ਹੁਸ਼ਿਆਰਪੁਰ, 20 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇਕ ਵਿਸਥਾਰਤ ਮੀਟਿੰਗ ਕੀਤੀ | ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ | ਮੀਟਿੰਗ ਦੀ ਸ਼ੁਰੂਆਤ 'ਚ ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਵਲੋਂ ਹਲਕੇ 'ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿਧਾਨ ਸਭਾ ਹਲਕੇ 'ਚ ਲਗਭਗ 151 ਸੜਕਾਂ 'ਤੇ ਕਰੀਬ 280 ਕਿੱਲੋਮੀਟਰ ਦੀ ਉਸਾਰੀ ਅਤੇ ਮੁਰੰਮਤ ਦਾ ਕੰਮ ਚੱਲ ਰਿਹਾ ਹੈ | ਉਨ੍ਹਾਂ ਕੰਢੀ ਖੇਤਰ ਵਿੱਚ ਜੰਗਲਾਤ ਵਿਭਾਗ ਨਾਲ ਸੰਬੰਧਤ ਸਮੱਸਿਆਵਾਂ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਵੀ ਦਿੱਤੇ ਅਤੇ ਕਿਹਾ ਕਿ ਵਾਤਾਵਰਨ ਸੁਰੱਖਿਆ ਦੇ ਨਾਲ-ਨਾਲ ਸਥਾਨਕ ਜ਼ਰੂਰਤਾਂ ਵਿਚਕਾਰ ਸੰਤੁਲਨ ਬਣਾਈ ਰੱਖਿਆ ਜਾਵੇ | ਬਿਜਲੀ ਵਿਭਾਗ ਨੂੰ ਵੀ ਵੱਖ-ਵੱਖ ਖੇਤਰਾਂ 'ਚ ਕੰਮਾਂ 'ਚ ਤੇਜ਼ੀ ਲਿਆਉਣ ਲਈ ਕਿਹਾ | ਕੈਬਨਿਟ ਮੰਤਰੀ ਨੇ ਮਾਰਕੀਟ ਕਮੇਟੀ ਨੂੰ ਮੰਡੀਆਂ 'ਚ ਫੜਾਂ ਦੀ ਸਮੇਂ ਸਿਰ ਉਸਾਰੀ ਨੂੰ ਯਕੀਨੀ ਬਣਾਉਣ ਅਤੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਸੰਬੰਧਿਤ ਸਮੱਸਿਆਵਾਂ ਦਾ ਜਲਦੀ ਹੱਲ ਕਰਨ ਲਈ ਕਿਹਾ | ਉਨ੍ਹਾਂ ਨੇ ਪਿੰਡਾਂ 'ਚ ਬਣਾਏ ਜਾ ਰਹੇ ਹੈਲਥ ਐਂਡ ਵੈੱਲਨੈੱਸ ਸੈਂਟਰਾਂ ਦੇ ਨਿਰਮਾਣ ਕਾਰਜ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਮ ਲੋਕਾਂ ਨਾਲ ਸੰਬੰਧਿਤ ਕੰਮਾਂ 'ਚ ਪਾਰਦਰਸ਼ਤਾ, ਗੁਣਵੱਤਾ ਅਤੇ ਸਮਾਂਬੱਧਤਾ ਨੂੰ ਪਹਿਲ ਦੇਣ | ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਹਲਕੇ ਦਾ ਸਰਵਪੱਖੀ ਵਿਕਾਸ ਸੂਬਾ ਸਰਕਾਰ ਦੀ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੰਦੀਪ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੇ ਸਰਪੰਚ ਅਤੇ ਪੰਚ ਵੀ ਮੌਜੂਦ ਸਨ |