ਹੁਸ਼ਿਆਰਪੁਰ, 20 ਫਰਵਰੀ (ਬਲਜਿੰਦਰਪਾਲ ਸਿੰਘ)-ਕਾਂਗਰਸ ਹਾਈਕਮਾਨ ਦੇ ਹੁਕਮਾਂ ਤਹਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਵਿਰੁੱਧ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਦੀ ਅਗਵਾਈ 'ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਬੀਰ ਕੌਰ ਭੁੱਲਰ ਰਾਹੀਂ ਗਵਰਨਰ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ਵਫ਼ਦ 'ਚ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ, ਸਾਬਕਾ ਵਿਧਾਇਕ ਇੰਦੂ ਬਾਲਾ, ਸਾਬਕਾ ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ, ਅਮਰਪ੍ਰੀਤ ਸਿੰਘ ਮਿੰਟੂ ਲਾਲੀ, ਐਡਵੋਕੇਟ ਰਣਜੀਤ ਕੁਮਾਰ ਮੌਜੂਦ ਸਨ | ਇਸ ਮੌਕੇ ਆਗੂਆਂ ਨੇ ਕਿਹਾ ਕਿ ਇਹ ਵਪਾਰ ਸਮਝੌਤਾ ਭਾਰਤ ਦੇ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹੈ ਤੇ ਇਸ ਨਾਲ ਦੇਸ਼ ਦੀ ਖੇਤੀਬਾੜੀ ਦੀ ਆਰਥਿਕਤਾ ਨੂੰ ਬੁਰੀ ਤਰ੍ਹਾਂ ਨੁਕਸਾਨ ਹੋਵੇਗਾ, ਕਿਉਂਕਿ ਭਾਰਤ ਇਕ ਖੇਤੀਬਾੜੀ ਪ੍ਰਧਾਨ ਦੇਸ਼ ਹੈ ਅਤੇ ਇਸ ਵਪਾਰ ਸਮਝੌਤੇ ਦੇ ਲਾਗੂ ਹੋਣ ਨਾਲ ਘੱਟ ਜ਼ਮੀਨਾਂ ਵਾਲੇ ਕਿਸਾਨ ਅਮਰੀਕਾ ਵਰਗੇ ਵੱਡੇ ਦੇਸ਼ ਦੇ ਕਿਸਾਨਾਂ ਦਾ ਮੁਕਾਬਲਾ ਨਹੀਂ ਕਰ ਸਕਣਗੇ, ਜਿਨ੍ਹਾਂ ਕੋਲ ਹਜ਼ਾਰਾਂ ਏਕੜ ਜ਼ਮੀਨ ਹੈ | ਇਸ ਮੌਕੇ ਐਡਵੋਕੇਟ ਗਿਲਜੀਆ ਨੇ ਖ਼ਦਸ਼ਾ ਜ਼ਾਹਿਰ ਕੀਤਾ ਕਿ ਪੰਜਾਬ ਪਹਿਲਾਂ ਹੀ ਨਸ਼ਿਆਂ ਦੀ ਮਾਰ ਹੇਠ ਹੈ ਅਤੇ ਰੁਜ਼ਗਾਰ ਦੇ ਨਵੇਂ ਸਰੋਤਾਂ ਸਬੰਧੀ ਭਾਜਪਾ ਸਰਕਾਰ ਬਿਲਕੁਲ ਬੇਪ੍ਰਵਾਹ ਹੈ | ਉਨ੍ਹਾਂ ਕਿਹਾ ਕਿ ਅਮਰੀਕਾ ਦੇ ਨਾਲ ਕੀਤੇ ਇਸ ਨਵੇਂ ਵਪਾਰ ਸਮਝੌਤੇ ਦੇ ਲਾਗੂ ਹੋਣ ਨਾਲ ਦੇਸ਼ 'ਚ ਘਰੇਲੂ ਉਤਪਾਦਾਂ ਦੀ ਥਾਂ ਵਿਦੇਸ਼ੀ ਉਤਪਾਦ ਆਪਣੀ ਜਗ੍ਹਾ ਬਣਾਉਣਗੇ, ਜਿਸ ਨਾਲ ਭਾਰਤ ਵਿਚ ਬੇਰੁਜ਼ਗਾਰੀ ਵਧੇਗੀ ਅਤੇ ਦੇਸ਼ ਦੀ ਆਰਥਿਕਤਾ ਨੂੰ ਢਾਲ ਲੱਗੇਗੀ | ਉਨ੍ਹਾਂ ਕਿਹਾ ਕਿ ਇਸ ਸਮਝੌਤੇ ਦਾ ਕਾਂਗਰਸ ਪਾਰਟੀ ਵਲੋਂ ਡਟਵਾਂ ਵਿਰੋਧ ਕੀਤਾ ਜਾਵੇਗਾ |