ਗੜ੍ਹਸ਼ੰਕਰ, 20 ਫਰਵਰੀ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਾਜ਼ਿਸ਼ ਤਹਿਤ ਬਦਨਾਮ ਕਰਨ ਦੇ ਕੀਤੇ ਜਾ ਰਹੇ ਯਤਨ ਬਹੁਤ ਹੀ ਨਿੰਦਣਯੋਗ ਹਨ | ਇਹ ਪਹਿਲੀ ਵਾਰ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਲਗਾਤਾਰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਨੂੰ ਲੈ ਕੇ ਮੁੱਖ ਮੰਤਰੀ, ਮੰਤਰੀਆਂ ਤੇ 'ਆਪ' ਆਗੂਆਂ ਵਲੋਂ ਪਿਛਲੇ ਸਮੇਂ ਤੋਂ ਬਿਆਨਬਾਜ਼ੀ ਕੀਤੀ ਜਾ ਰਹੀ ਹੈ | ਇਹ ਪ੍ਰਗਟਾਵਾ ਭਾਜਪਾ ਦੀ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਵੱਲੋਂ ਕੀਤਾ ਗਿਆ ਹੈ | ਭਾਜਪਾ ਆਗੂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਤਿਕਾਰਤ ਪਦਵੀ 'ਤੇ ਰਹਿਣ ਵਾਲੇ ਸਿੰਘ ਸਾਹਿਬਾਨ ਵਲੋਂ ਅਹੁਦਿਆਂ ਤੋਂ ਹਟਾਏ ਜਾਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ 'ਤੇ ਸਵਾਲ ਕਰਨੇ ਵੀ ਇਕ ਸਾਜ਼ਿਸ਼ ਦਾ ਹਿੱਸਾ ਜਾਪ ਰਿਹਾ ਹੈ | ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਤੀ ਸੰਸਾਰ ਭਰ ਦੀਆਂ ਸੰਗਤਾਂ ਵਿਚ ਅਥਾਹ ਸਤਿਕਾਰ ਹੈ ਤੇ ਇਹ ਸੰਸਥਾ ਆਫ਼ਤ ਸਮੇਂ ਪੰਜਾਬ ਸਮੇਤ ਬਾਕੀ ਸੂਬਿਆਂ ਵਿਚ ਵੀ ਵੱਡੇ ਲੋਕ ਭਲਾਈ ਦੇ ਕਾਰਜ ਕਰਨ 'ਚ ਮੋਹਰੀ ਰਹਿੰਦੀ ਹੈ | ਅਜਿਹੀ ਸੰਸਥਾ ਨੂੰ ਸਾਜ਼ਿਸ਼ ਤਹਿਤ ਬਦਨਾਮ ਕਰਨਾ ਬਹੁਤ ਹੀ ਮੰਦਭਾਗਾ ਹੈ |