ਹੁਸ਼ਿਆਰਪੁਰ, 24 ਫ਼ਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹੁਸ਼ਿਆਰਪੁਰ ਵਿਖੇ ਵਿਲੇਜ ਡਿਫੈਂਸ ਕਮੇਟੀ (ਵੀ.ਡੀ.ਸੀ.) ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਪਿੰਡ ਪੱਧਰ 'ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਅਤੇ ਨਸ਼ਾ ਤਸਕਰੀ ਰੋਕਣ ਲਈ ਜਾਗਰੂਕਤਾ ਵਧਾਉਣ 'ਤੇ ਜ਼ੋਰ ਦਿੱਤਾ | ਰਾਜਪਾਲ ਨੇ ਕਿਹਾ ਕਿ ਵੀ.ਡੀ.ਸੀ. ਮੈਂਬਰ ਪਿੰਡਾਂ 'ਚ ਕਾਨੂੰਨ-ਵਿਵਸਥਾ ਬਣਾਈ ਰੱਖਣ, ਲੋਕਾਂ ਨੂੰ ਸਚੇਤ ਕਰਨ ਅਤੇ ਸ਼ਾਂਤੀਪੂਰਨ ਮਾਹੌਲ ਬਣਾਉਣ 'ਚ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ | ਉਨ੍ਹਾਂ ਨੇ ਮੈਂਬਰਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਨੌਜਵਾਨਾਂ ਨੂੰ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਭਾਗੀਦਾਰੀ ਲਈ ਉਤਸ਼ਾਹਿਤ ਕਰਨ ਤਾਂ ਜੋ ਉਹ ਨਕਾਰਾਤਮਿਕ ਰੁਝਾਨਾਂ ਤੋਂ ਦੂਰ ਰਹਿ ਸਕਣ | ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਖੇਤਰ ਵਿਚ ਨਸ਼ਾ ਤਸਕਰੀ ਜਾਂ ਸ਼ੱਕੀ ਗਤੀਵਿਧੀਆਂ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਸਹਿਯੋਗ ਪ੍ਰਦਾਨ ਕਰੇਗਾ | ਮੀਟਿੰਗ ਦੌਰਾਨ ਕਮੇਟੀ ਮੈਂਬਰਾਂ ਨੇ ਆਪਣੇ ਤਜਰਬੇ ਸਾਂਝੇ ਕਰਦੇ ਹੋਏ ਪਿੰਡ ਪੱਧਰ 'ਤੇ ਸੁਰੱਖਿਆ ਅਤੇ ਜਾਗਰੂਕਤਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੁਝਾਅ ਵੀ ਦਿੱਤੇ | ਰਾਜਪਾਲ ਨੇ ਉਨ੍ਹਾਂ ਦੀ ਸੇਵਾ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਾਂ ਦੀ ਸਤਰਕਤਾ ਨਾਲ ਹੀ ਅਪਰਾਧ ਅਤੇ ਨਸ਼ਾ ਤਸਕਰੀ 'ਤੇ ਅੰਕੁਸ਼ ਲਗਾਇਆ ਜਾ ਸਕਦਾ ਹੈ | ਇਸ ਮੌਕੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਤੇ ਐਸ.ਡੀ.ਐਮ. ਮੁਕੇਰੀਆਂ ਓਇਸ਼ੀ ਮੰਡਲ ਵੀ ਮੌਜੂਦ ਸਨ |
ਨੌਜਵਾਨਾਂ ਨੂੰ ਖੇਡਾਂ, ਸੱਭਿਆਚਾਰਕ ਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ 'ਚ ਵੀ.ਡੀ.ਸੀਜ਼ ਦੀ ਅਹਿਮ ਭੂਮਿਕਾ-ਰਾਜਪਾਲ ਕਟਾਰੀਆ
ਅਜੀਤ ਡੈਸਕ
25-02-2026