ਹੁਸ਼ਿਆਰਪੁਰ, 25 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀਆਂ ਨੂੰ ਸਾਰੇ ਯੋਗ ਵਿਅਕਤੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਅਤੇ ਕੰਮਾਂ ਵਿਚ ਤੇਜ਼ੀ ਲਿਆਉਣ 'ਤੇ ਜ਼ੋਰ ਦਿੱਤਾ | ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ 'ਚ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਉਨ੍ਹਾਂ ਵਿਭਾਗਾਂ ਦੇ ਮੁਖੀਆਂ ਤੋਂ ਉਨ੍ਹਾਂ ਦੇ ਕੰਮ-ਕਾਜ ਦੀ ਜਾਣਕਾਰੀ ਵੀ ਹਾਸਲ ਕੀਤੀ | ਇਸ ਦੌਰਾਨ ਐਨਕਾਰਡ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਜਨਵਰੀ 2026 ਵਿਚ ਐਨ.ਡੀ.ਪੀ.ਐੱਸ ਅਧੀਨ 117 ਮਾਮਲੇ ਦਰਜ ਕੀਤੇ ਗਏ ਅਤੇ 146 ਮੁਲਜ਼ਮ ਗਿ੍ਫ਼ਤਾਰ ਕੀਤੇ ਗਏ | ਇਸੇ ਤਰ੍ਹਾਂ ਪੁਲਿਸ ਵਲੋਂ ਜ਼ਿਲ੍ਹੇ ਵਿਚ ਨਸ਼ਾ ਜਾਗਰੂਕਤਾ ਸਬੰਧੀ 134 ਮੀਟਿੰਗਾਂ ਕੀਤੀਆਂ ਗਈਆਂ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਨਸ਼ੇ ਦੇ ਖ਼ਾਤਮੇ ਲਈ ਸਾਰੇ ਵਿਭਾਗ ਇੱਕਜੁੱਟਤਾ ਨਾਲ ਕੰਮ ਕਰਨ, ਤਾਂ ਜੋ ਸਮਾਜ ਵਿਚ ਫੈਲੇ ਇਸ ਜ਼ਹਿਰ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ | ਇਸ ਦੌਰਾਨ ਜ਼ਿਲ੍ਹਾ ਰੋਡ ਸੇਫ਼ਟੀ ਦੀ ਮੀਟਿੰਗ ਵਿਚ ਆਰ.ਟੀ.ਓ ਅਮਨਦੀਪ ਕੌਰ ਘੁੰਮਣ ਨੇ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਟਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਜਨਵਰੀ ਮਹੀਨੇ ਵਿਚ 81 ਟਰੈਫ਼ਿਕ ਜਾਗਰੂਕਤਾ ਕੈਂਪ ਲਗਾਏ ਗਏ | ਉਨ੍ਹਾਂ ਦੱਸਿਆ ਕਿ ਸੇਫ਼ ਸਕੂਲ ਵਾਹਨ ਸਕੀਮ ਤਹਿਤ ਜਨਵਰੀ 2026 ਦੌਰਾਨ ਲਗਭਗ 140 ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 19 ਬੱਸਾਂ ਦਾ ਚਲਾਨ ਕੀਤਾ ਗਿਆ | ਉਨ੍ਹਾਂ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਇਨਫੋਰਸਮੈਂਟ ਕਰਦੇ ਹੋਏ ਵੱਖ-ਵੱਖ ਧਾਰਾਵਾਂ ਅਧੀਨ ਜਨਵਰੀ ਮਹੀਨੇ ਵਿਚ 6344 ਚਲਾਨ ਕੀਤੇ ਗਏ, ਜਿਨ੍ਹਾਂ ਵਿਚੋਂ ਮੌਕੇ 'ਤੇ ਹੀ 631 ਚਲਾਨਾਂ ਦਾ ਭੁਗਤਾਨ ਕਰਕੇ 390500 ਰੁਪਏ ਜੁਰਮਾਨਾ ਵਸੂਲ ਕੀਤਾ ਗਿਆ | ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਵੱਖ-ਵੱਖ ਪ੍ਰੋਗਰਾਮ ਅਧਿਕਾਰੀਆਂ ਤੋਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਦੇ ਟੀਚਿਆਂ ਨੂੰ ਪੂਰਾ ਕਰਨ ਦੀ ਹਦਾਇਤ ਕੀਤੀ ਗਈ | ਉਨ੍ਹਾਂ ਡਰੱਗ ਐਂਡ ਕਾਸਮੈਟਿਕ ਐਕਟ ਅਧੀਨ ਮੈਡੀਕਲ ਸਟੋਰਾਂ ਦੀ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਅਨਿਯਮਿਤਤਾ ਸਾਹਮਣੇ ਆਉਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਕੂਲ ਸਿੱਖਿਆ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਗੁਣਾਤਮਿਕ ਤੇ ਉੱਤਮ ਪੱਧਰ ਦੀ ਸਿੱਖਿਆ ਦੇਣ ਲਈ ਚੁਣੇ ਗਏ ਸਕੂਲ ਆਫ਼ ਐਮੀਨੈਂਸ ਦੀ ਕਾਰਜਸ਼ੈਲੀ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇ | ਇਸ ਤੋਂ ਇਲਾਵਾ ਉਨ੍ਹਾਂ ਕੰਢੀ ਦੇ ਪਿੰਡਾਂ 'ਚ ਇੰਟਰਨੈੱਟ ਟਾਵਰ, ਐਕਸ-ਸਰਵਿਸ ਮੈਨਾਂ ਦੀਆਂ ਸਮੱਸਿਆਵਾਂ, ਜ਼ਿਲ੍ਹਾ ਵਾਤਾਵਰਨ ਕਮੇਟੀ, ਯੂ.ਈ.ਆਈ.ਪੀ, ਪੀ.ਐੱਮ.ਏ.ਵਾਈ, ਸਵੱਛ ਭਾਰਤ ਮਿਸ਼ਨ, ਬੇਟੀ ਬਚਾਓ ਬੇਟੀ ਪੜ੍ਹਾਓ, ਪ੍ਰਧਾਨ ਮੰਤਰੀ ਮਾਤ੍ਰ ਵੰਦਨਾ ਯੋਜਨਾ, ਸਮਾਰਟ ਰਾਸ਼ਨ ਕਾਰਡ, ਸਮਾਰਟ ਵਿਲੇਜ ਕੈਂਪੇਨ, ਜਲ ਜੀਵਨ ਮਿਸ਼ਨ ਆਦਿ ਪ੍ਰੋਗਰਾਮਾਂ ਦੀ ਵੀ ਸਮੀਖਿਆ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਐੱਸ.ਡੀ.ਐੱਮ ਮੁਕੇਰੀਆਂ ਓਇਸ਼ੀ ਮੰਡਲ, ਐੱਸ.ਡੀ.ਐੱਮ ਦਸੂਹਾ ਕੰਵਲਜੀਤ ਸਿੰਘ, ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ |