ਹੁਸ਼ਿਆਰਪੁਰ, 25 ਫ਼ਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਹੁਸ਼ਿਆਰਪੁਰ ਕੇਂਦਰੀ ਜੇਲ੍ਹ 'ਚ ਇਕ ਕੈਦੀ ਦੀ ਮੌਤ ਹੋ ਜਾਣ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਨੇ ਜੇਲ੍ਹ ਪ੍ਰਸ਼ਾਸਨ 'ਤੇ ਲਾਪ੍ਰਵਾਹੀ ਦਾ ਦੋਸ਼ ਲਗਾਇਆ ਹੈ | ਸਥਾਨਕ ਖਾਨਪੁਰੀ ਗੇਟ ਦੇ 40 ਸਾਲਾ ਮਨੀਸ਼ ਭੱਟੀ ਨੂੰ ਬੁੱਧਵਾਰ ਸਵੇਰੇ ਜੇਲ੍ਹ ਤੋਂ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨਿਆ | ਪਰਿਵਾਰ ਦਾ ਦੋਸ਼ ਹੈ ਕਿ ਜੇਕਰ ਉਸ ਨੂੰ ਸਮੇਂ ਸਿਰ ਮੈਡੀਕਲ ਸਹਾਇਤਾ ਦੇ ਦਿੱਤੀ ਜਾਂਦੀ ਤਾਂ ਉਸ ਦੀ ਜਾਨ ਬਚ ਸਕਦੀ ਸੀ | ਪਰਿਵਾਰ ਅਤੇ ਮੁਹੱਲਾ ਵਾਸੀਆਂ ਵਲੋਂ ਸਿਟੀ ਥਾਣੇ ਦੇ ਬਾਹਰ ਧਰਨਾ ਦੇ ਕੇ ਜੇਲ੍ਹ ਪ੍ਰਸ਼ਾਸਨ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ | ਮਨੀਸ਼ ਭੱਟੀ ਐਨ.ਡੀ.ਪੀ.ਐਸ ਦੇ ਇਕ ਕੇਸ ਵਿਚ ਪਿਛਲੇ ਇਕ ਸਾਲ ਤੋਂ ਜੇਲ੍ਹ 'ਚ ਕੈਦ ਸੀ | ਸਵੇਰੇ ਕਰੀਬ 8 ਵਜੇ ਉਸ ਨੂੰ ਛਾਤੀ 'ਚ ਦਰਦ ਹੋਣ 'ਤੇ ਸਿਵਲ ਹਸਪਤਾਲ ਲਿਆਂਦਾ ਗਿਆ | ਡਾਕਟਰਾਂ ਅਨੁਸਾਰ ਹਸਪਤਾਲ 'ਚ ਪੁੱਜਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ | ਉਨ੍ਹਾਂ ਕਿਹਾ ਕਿ ਮੌਤ ਦੇ ਅਸਲ ਕਾਰਨ ਦਾ ਪਤਾ ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗੇਗਾ | ਪਰਿਵਾਰ ਨੇ ਇਲਾਜ 'ਚ ਦੇਰੀ ਲਈ ਜੇਲ੍ਹ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ | ਮਿ੍ਤਕ ਦੇ ਭਰਾ ਨੇ ਦੱਸਿਆ ਕਿ ਇਕ ਦਿਨ ਪਹਿਲਾਂ ਹੀ ਉਸ ਦੇ ਆਪਣੇ ਭਰਾ ਨਾਲ ਗੱਲ ਹੋਈ ਸੀ ਤਿ ਉਹ ਬਿਲਕੁੱਲ ਠੀਕ ਸੀ | ਸਵੇਰੇ ਉਸ ਨੂੰ ਜੇਲ੍ਹ ਤੋਂ ਫ਼ੋਨ ਆਇਆ ਕਿ ਉਸ ਦੇ ਭਰਾ ਦੀ ਸਿਹਤ ਖਰਾਬ ਹੈ | ਜਦੋਂ ਉਹ ਹਸਪਤਾਲ ਪਹੁੰਚਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ | ਉਸ ਨੇ ਮੰਗ ਕੀਤੀ ਕਿ ਦੋਸ਼ੀ ਅਧਿਕਾਰੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ | ਦੂਜੇ ਪਾਸੇ ਸਹਾਇਕ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਨੇ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਵਲੋਂ ਕੋਈ ਅਣਗਹਿਲੀ ਨਹੀਂ ਹੋਈ | ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਅਤੇ ਪੋਸਟ ਮਾਰਟਮ ਰਿਪੋਰਟ ਤੋਂ ਬਾਅਦ ਮਾਮਲਾ ਸਾਫ਼ ਹੋ ਜਾਵੇਗਾ |