ਹੁਸ਼ਿਆਰਪੁਰ, 2 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਸਿਹਤ ਪ੍ਰੋਗਰਾਮਾਂ ਸੰਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਜ਼ਿਲ੍ਹੇ ਅੰਦਰ ਚੱਲ ਰਹੇ ਸਮੂਹ ਸਿਹਤ ਪ੍ਰੋਗਰਾਮਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ ਅਤੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਿਚਾਰ-ਵਟਾਂਦਰਾ ਕਰਕੇ ਜਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਤੋਂ ਉਨ੍ਹਾਂ ਦੇ ਬਲਾਕਾਂ ਵਿਚ ਅਲੱਗ-ਅਲੱਗ ਸਪੈਸ਼ਲਿਸਟ ਡਾਕਟਰਾਂ, ਮੈਡੀਕਲ ਅਫਸਰਾਂ ਦੀ ਉਪਲਬੱਧਤਾ, ਬਲੱਡ ਯੂਨਿਟਾਂ ਦੀ ਕਾਰਗੁਜ਼ਾਰੀ, ਐਬੂਲੈਂਸ ਸੇਵਾਵਾਂ, ਐਮਰਜੈਂਸੀ ਸੇਵਾਵਾਂ, ਮੋਬਾਈਲ ਮੈਡੀਕਲ ਯੂਨਿਟ ਅਤੇ 108 ਐਬੂਲੈਂਸ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ | ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਬਲਾਕ ਪੱਧਰ 'ਤੇ ਹਰ ਮਹੀਨੇ ਆਸ਼ਾ, ਏ.ਐੱਨ.ਐੱਮ., ਐੱਲ.ਐੱਚ.ਵੀ. ਅਤੇ ਸੀ.ਐੱਚ.ਓ. ਨਾਲ ਮੀਟਿੰਗ ਕਰਕੇ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਅਤੇ ਮੈਦਾਨੀ ਪੱਧਰ 'ਤੇ ਆ ਰਹੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ | ਮੀਟਿੰਗ ਦੌਰਾਨ ਉਨ੍ਹਾਂ ਵਲੋਂ ਜ਼ਿਲ੍ਹੇ ਦੇ ਸੈਕਸ ਰੇਸ਼ੋ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਲਈ ਗਈ | ਸਿਵਲ ਸਰਜਨ ਨੇ ਅੰਤ ਵਿਚ ਕਿਹਾ ਕਿ ਸਾਰੇ ਅਧਿਕਾਰੀ ਅਤੇ ਕਰਮਚਾਰੀ ਟੀਮ ਵਰਕ ਦੀ ਭਾਵਨਾ ਨਾਲ ਕੰਮ ਕਰਦੇ ਹੋਏ ਸਰਕਾਰੀ ਸਿਹਤ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਜ਼ਿਲ੍ਹੇ ਦੀ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਨਿਸ਼ਠਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ |
ਸਿਵਲ ਸਰਜਨ ਡਾ. ਮਨਦੀਪ ਕਮਲ ਵਲੋਂ ਜ਼ਿਲ੍ਹੇ ਅੰਦਰ ਚੱਲ ਰਹੇ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ
ਅਜੀਤ ਡੈਸਕ
03-03-2026