ਹੁਸ਼ਿਆਰਪੁਰ, 3 ਮਾਰਚ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਤੋਂ ਪੈਦਾ ਹੋਈ ਅੰਤਰਰਾਸ਼ਟਰੀ ਸਥਿਤੀ ਦੇ ਮੱਦੇਨਜ਼ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੱਧ ਏਸ਼ੀਆ ਅਤੇ ਮੱਧ ਪੂਰਬ ਵਿਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਹੈਲਪ ਲਾਈਨ ਨੰਬਰ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ | ਕਰਮਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਹੈਲਪ ਲਾਈਨ ਨੰਬਰ 24 ਘੰਟੇ ਕੰਮ ਕਰਦੇ ਰਹਿਣਗੇ | ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਿੱਜੀ ਤੌਰ 'ਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ ਅਤੇ ਪ੍ਰਭਾਵਿਤ ਪੰਜਾਬੀਆਂ ਦੀ ਜਲਦੀ ਅਤੇ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਨਾਲ ਤਾਲਮੇਲ ਕਰ ਰਹੇ ਹਨ | ਕਰਮਜੀਤ ਕੌਰ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਸੰਕਟ ਦੇ ਸਮੇਂ ਵਿਚ ਆਪਣੇ ਨਾਗਰਿਕਾਂ ਨੂੰ ਇਕੱਲੇ ਨਹੀਂ ਛੱਡੇਗੀ ਅਤੇ ਹਰ ਪੱਧਰ 'ਤੇ ਸਹਾਇਤਾ ਯਕੀਨੀ ਬਣਾਏਗੀ |