ਮੁਕੇਰੀਆਂ, 5 ਮਾਰਚ (ਰਾਮਗੜ੍ਹੀਆ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਹੁਸ਼ਿਆਰਪੁਰ ਡਾ. ਸੀਮਾ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ.ਐੱਮ.ਓ. ਇੰਚਾਰਜ ਸੀ.ਐੱਚ.ਸੀ. ਬੁੱਢਾਬੜ ਡਾ. ਨੀਲਮ ਦੀ ਅਗਵਾਈ ਹੇਠ ਸੀ.ਐੱਚ.ਸੀ. ਬੁੱਢਾਬੜ ਵਿਖੇ ਹਿਊਮਨ ਪੈਪੀਲੋਮਾ ਵਾਇਰਸ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੁਹਿੰਮ ਦਾ ਮਕਸਦ ਕਿਸ਼ੋਰੀਆਂ ਨੂੰ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਪ੍ਰਦਾਨ ਕਰਨਾ ਹੈ | ਇਸ ਮੌਕੇ ਡਾ. ਨੀਲਮ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਹਿਊਮਨ ਪੈਪੀਲੋਮਾ ਵਾਇਰਸ ਮਹਿਲਾਵਾਂ ਵਿਚ ਹੋਣ ਵਾਲੇ ਸਰਵਾਈਕਲ ਕੈਂਸਰ ਦਾ ਮੁੱਖ ਕਾਰਨ ਹੈ ਅਤੇ ਇਸ ਤੋਂ ਬਚਾਅ ਲਈ ਟੀਕਾ ਬਹੁਤ ਪ੍ਰਭਾਵਸ਼ਾਲੀ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈ ਜਾ ਰਹੀ ਇਸ ਮੁਹਿੰਮ ਦੇ ਤਹਿਤ 14 ਸਾਲ ਤੱਕ ਦੀਆਂ ਸਾਰੀਆਂ ਲੜਕੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਹਿਊਮਨ ਪੈਪੀਲੋਮਾ ਦਾ ਟੀਕਾ ਮੁਫ਼ਤ ਲਗਵਾ ਸਕਦੀਆਂ ਹਨ | ਸਿਹਤ ਵਿਭਾਗ ਵਲੋਂ ਮਾਪਿਆਂ, ਅਧਿਆਪਕਾਂ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਦਾ ਸਹਿਯੋਗ ਕਰਨ ਅਤੇ ਆਪਣੀਆਂ ਬੱਚੀਆਂ ਦਾ ਸਮੇਂ-ਸਿਰ ਟੀਕਾਕਰਨ ਕਰਵਾ ਕੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ | ਇਸ ਮੌਕੇ ਰਿੰਪੀ, ਰਜਨੀ ਬਾਲਾ, ਆਸ਼ਾ ਵਰਕਰਾਂ ਤੇ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਹਾਜ਼ਰ ਸਨ |