ਹੁਸ਼ਿਆਰਪੁਰ, 5 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਭਰ ਦੇ ਆਂਗਣਵਾੜੀ ਕੇਂਦਰਾਂ ਵਿਚ 15 ਮਾਰਚ ਤੱਕ ਸਵੱਛਤਾ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਸਵੱਛਤਾ ਪੰਦ੍ਹਰਵਾੜੇ ਦੇ ਹਿੱਸੇ ਵਜੋਂ 15 ਮਾਰਚ ਤੱਕ ਜ਼ਿਲ੍ਹੇ ਭਰ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਇਸ ਪੰਦ੍ਹਰਵਾੜੇ ਦਾ ਮੁੱਖ ਉਦੇਸ਼ ਬੱਚਿਆਂ, ਮਾਪਿਆਂ ਅਤੇ ਆਮ ਲੋਕਾਂ ਵਿਚ ਸਵੱਛਤਾ ਅਤੇ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ | ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਵੱਛਤਾ ਸਿਰਫ਼ ਇੱਕ ਦਿਨ ਦੀ ਮੁਹਿੰਮ ਨਹੀਂ ਹੈ, ਸਗੋਂ ਇਸ ਨੰੂ ਰੋਜ਼ਾਨਾ ਦੀ ਆਦਤ ਬਣਾਉਣ ਦੀ ਲੋੜ ਹੈ | ਇਸ ਸਮੇਂ ਦੌਰਾਨ ਜ਼ਿਲ੍ਹੇ ਭਰ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿਚ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਬੱਚਿਆਂ ਨੂੰ ਹੱਥ ਧੋਣ, ਸਾਫ਼ ਕੱਪੜੇ ਪਹਿਨਣ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਦੇ ਸਹੀ ਢੰਗ ਬਾਰੇ ਸਿੱਖਿਆ ਦਿੱਤੀ ਜਾ ਰਹੀ ਹੈ | ਕੇਂਦਰਾਂ ਦੀ ਸਫ਼ਾਈ, ਪੇਂਟਿੰਗ ਅਤੇ ਸੁਰੱਖਿਆ ਅਤੇ ਪੀਣ ਵਾਲੇ ਪਾਣੀ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਕਿਹਾ ਕਿ ਸੀ.ਡੀ.ਪੀ.ਓ. ਅਤੇ ਆਂਗਣਵਾੜੀ ਵਰਕਰਾਂ ਨੂੰ ਮੁਹਿੰਮ ਦੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ |