ਟਾਂਡਾ ਉੜਮੁੜ, 5 ਮਾਰਚ (ਭਗਵਾਨ ਸਿੰਘ ਸੈਣੀ)- ਲੋਨ ਦੀ ਬਕਾਇਆ ਰਕਮ ਦੀ ਵਸੂਲੀ ਲਈ ਪਿੰਡ ਫ਼ਿਰੋਜ਼ ਰੌਲੀਆਂ ਦੇ ਇੱਕ ਕਿਸਾਨ ਦੀ ਜ਼ਮੀਨ ਦੀ ਨਿਲਾਮੀ ਕਰਨ ਲਈ ਪਹੁੰਚੇ ਬੈਂਕ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਉਸ ਸਮੇਂ ਵਾਪਸ ਮੁੜਨਾ ਪਿਆ ਜਦੋਂ ਕਿਸਾਨ ਜਥੇਬੰਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਅਤੇ ਕਿਸਾਨਾਂ ਨੇ ਇਕੱਠੇ ਹੋ ਕੇ ਸੂਬਾਈ ਆਗੂ ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਇਸ ਕਾਰਵਾਈ ਦਾ ਤਿੱਖਾ ਵਿਰੋਧ ਕੀਤਾ | ਮਿਲੀ ਜਾਣਕਾਰੀ ਅਨੁਸਾਰ ਸੰਬੰਧਿਤ ਕਿਸਾਨ ਦਰਸ਼ਨ ਸਿੰਘ ਜਿਸ ਦੀ ਮੌਤ ਹੋ ਚੁੱਕੀ ਹੈ ਵਲੋਂ ਪੰਜਾਬ ਗ੍ਰਾਮੀਣ ਬੈਂਕ ਤੋਂ ਲਿਆ ਗਿਆ ਕਰਜ਼ਾ ਸਮੇਂ ਸਿਰ ਅਦਾ ਨਾ ਹੋਣ ਕਾਰਨ ਹੁਣ ਅਦਾਲਤ ਦੇ ਹੁਕਮ ਤੇ ਬੈਂਕ ਪ੍ਰਬੰਧਕਾਂ ਨੇ ਪ੍ਰਸ਼ਾਸਨ ਦੀ ਮੌਜੂਦਗੀ ਵਿਚ ਉਸ ਦੀ ਜ਼ਮੀਨ ਦੀ ਨਿਲਾਮੀ ਕਰਨ ਲਈ ਕਾਰਵਾਈ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਸੀ | ਇਸ ਸਬੰਧੀ ਬੈਂਕ ਦੇ ਅਧਿਕਾਰੀ ਅਤੇ ਪ੍ਰਸ਼ਾਸਨਿਕ ਟੀਮ ਨਿਲਾਮੀ ਦੀ ਪ੍ਰਕਿਰਿਆ ਨੂੰ ਅਮਲ ਵਿਚ ਲਿਆਂਦਾ ਜਾਣ ਲਈ ਪਿੰਡ ਵਿਚ ਪਹੁੰਚ ਗਏ | ਇਸ ਦੀ ਸੂਚਨਾ ਮਿਲਦਿਆਂ ਹੀ ਕਿਸਾਨ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਅਤੇ ਵੱਡੀ ਗਿਣਤੀ ਵਿਚ ਕਿਸਾਨ ਮੌਕੇ 'ਤੇ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਜ਼ਮੀਨ ਦੀ ਨਿਲਾਮੀ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਨਾਅਰੇਬਾਜ਼ੀ ਕੀਤੀ | ਕਿਸਾਨ ਆਗੂ ਭੁੱਲਾ ਨੇ ਕਿਹਾ ਕਿ ਪਹਿਲਾਂ ਹੀ ਕਿਸਾਨ ਆਰਥਿਕ ਤੰਗੀ ਵਲ ਵਧ ਰਹੇ ਖ਼ਰਚੇ ਅਤੇ ਕੁਦਰਤੀ ਆਫ਼ਤਾਂ ਕਾਰਨ ਸੰਕਟ ਦਾ ਸਾਹਮਣਾ ਕਰ ਰਹੇ ਹਨ | ਅਜਿਹੇ ਹਾਲਾਤਾਂ ਵਿਚ ਕਿਸਾਨਾਂ ਦੀ ਜ਼ਮੀਨ ਦੀ ਨਿਲਾਮੀ ਕਰਨਾ ਉਨ੍ਹਾਂ ਨਾਲ ਨਾਇਨਸਾਫ਼ੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਅਤੇ ਬੈਂਕਾਂ ਨੂੰ ਚਾਹੀਦਾ ਹੈ ਕਿ ਕਿਸਾਨਾਂ ਨੂੰ ਕਰਜ਼ੇ ਨੂੰ ਮਾਫ਼ ਕਰਨ ਅਤੇ ਉਨ੍ਹਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇ, ਨਾ ਕਿ ਉਨ੍ਹਾਂ ਦੀ ਜ਼ਮੀਨ ਨਿਲਾਮ ਕਰਕੇ ਉਨ੍ਹਾਂ ਨੂੰ ਹੋਰ ਮੁਸੀਬਤ ਵਿਚ ਧੱਕਿਆ ਜਾਵੇ | ਕਿਸਾਨ ਆਗੂਆਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਕਿਸਾਨ ਦੀ ਜ਼ਮੀਨ ਜ਼ਬਰਦਸਤੀ ਨਿਲਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕਿਸਾਨ ਜਥੇਬੰਦੀਆਂ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਕਿਸਾਨਾਂ ਦੇ ਭਾਰੀ ਵਿਰੋਧ ਅਤੇ ਤਣਾਅਪੂਰਨ ਮਾਹੌਲ ਨੂੰ ਦੇਖਦੇ ਹੋਏ ਬੈਂਕ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਨਿਲਾਮੀ ਦੀ ਕਾਰਵਾਈ ਅਸਥਾਈ ਤੌਰ 'ਤੇ ਰੋਕ ਦਿੱਤੀ ਤੇ ਮੌਕੇ ਤੋਂ ਵਾਪਸ ਮੁੜ ਗਏ | ਇਸ ਦੌਰਾਨ ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮਾਣਯੋਗ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਉਹ ਬੈਂਕ ਦੀ ਟੀਮ ਨਾਲ ਨਿਲਾਮੀ ਪ੍ਰਕਿਰਿਆ ਲਈ ਪਿੰਡ ਆਏ ਸੀ, ਪਰ ਇੱਥੇ ਕੋਈ ਵੀ ਬੋਲੀਕਾਰ ਨਾ ਆਉਣ ਅਤੇ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਉਨ੍ਹਾਂ ਇਹ ਪ੍ਰਕਿ੍ਆ ਫ਼ਿਲਹਾਲ ਮੁਲਤਵੀ ਕੀਤੀ ਹੈ | ਇਸ ਮੌਕੇ ਪ੍ਰਸ਼ਾਸਨ ਅਤੇ ਬੈਂਕ ਦੀ ਇਸ ਕਾਰਵਾਈ ਦਾ ਵਿਰੋਧ ਕਰਨ ਵਾਲਿਆਂ ਵਿਚ ਪਰਿਵਾਰ ਦੇ ਮੈਂਬਰ ਭੁਪਿੰਦਰ ਸਿੰਘ ਭਿੰਦਾ, ਕੁਲਦੀਪ ਸਿੰਘ ਕੁਲਦੀਪ ਸਿੰਘ ਮੱਲੀ, ਜਸਵਿੰਦਰ ਸਿੰਘ, ਸਤਨਾਮ ਸਿੰਘ ਬਾਜਵਾ, ਸੂਬੇਦਾਰ ਬਲਬੀਰ ਸਿੰਘ, ਭੁਪਿੰਦਰ ਸਿੰਘ, ਰਣਵੀਰ ਸਿੰਘ ਬਾਜਵਾ, ਸਰਪੰਚ ਬਲਵਿੰਦਰ ਸਿੰਘ, ਤਰਸੇਮ ਸਿੰਘ, ਜੋਗਿੰਦਰ ਸਿੰਘ ਤੇ ਹੋਰ ਹਾਜ਼ਰ ਸਨ |