ਹੁਸ਼ਿਆਰਪੁਰ, 5 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਗੁਰਦੁਆਰਾ ਬਾਬਾ ਨਰਾਇਣ ਸਿੰਘ (ਗੁਰੂ ਕਾ ਬਾਗ਼) ਪਿੰਡ ਸਤੌਰ ਵਿਖੇ ਹੋਲੇ ਮਹੱਲੇ ਸਬੰਧੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ 42 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ | ਉਪਰੰਤ ਸਜੇ ਵਿਸ਼ਾਲ ਦੀਵਾਨ 'ਚ ਢਾਡੀ ਭਾਈ ਰਣਜੀਤ ਸਿੰਘ ਧੁੱਗਾ, ਭਾਈ ਸਤਿੰਦਰ ਸਿੰਘ ਆਲਮ, ਕਵੀਸ਼ਰ ਭਾਈ ਸਤਨਾਮ ਸਿੰਘ, ਭਾਈ ਸੁਰਿੰਦਰ ਸਿੰਘ ਹਜ਼ੂਰੀ ਰਾਗੀ ਆਦਿ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਤੇ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਪ੍ਰਚਾਰਕਾਂ ਨੇ ਕਿਹਾ ਕਿ ਹੋਲੇ ਮਹੱਲੇ ਦਾ ਤਿਉਹਾਰ ਸਿੱਖ ਕੌਮ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਇਹ ਤਿਉਹਾਰ ਮਨਾ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਕੌਮ 'ਚ ਨਵੀਂ ਰੂਹ ਭਰੀ ਸੀ ਤੇ ਉਨ੍ਹਾਂ ਨੂੰ ਜ਼ੁਲਮ ਖ਼ਿਲਾਫ਼ ਲੜਨ ਲਈ ਤਿਆਰ ਕੀਤਾ ਸੀ | ਉਨ੍ਹਾਂ ਕਿਹਾ ਕਿ ਸਮੂਹ ਸੰਗਤਾਂ ਨੂੰ ਸ਼ਬਦ ਗੁਰੂ ਦੇ ਲੜ ਲਗ ਕੇ ਅੰਮਿ੍ਤਪਾਨ ਕਰਕੇ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਭਾਈ ਸੁਰਿੰਦਰ ਸਿੰਘ ਨੇ ਬਾਖ਼ੂਬੀ ਨਿਭਾਈ | ਸਮਾਗਮ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ |