ਹੁਸ਼ਿਆਰਪੁਰ, 9 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬੈਕਫਿੰਕੋ ਪੰਜਾਬ ਦੇ ਚੇਅਰਮੈਨ ਸੰਦੀਪ ਸੈਣੀ ਨੇ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਸਰਕਾਰ ਨੇ ਰਾਜ ਦੀਆਂ ਔਰਤਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਇਤਿਹਾਸਕ ਫ਼ੈਸਲਾ ਲਿਆ ਹੈ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਤਹਿਤ 18 ਸਾਲ ਤੋਂ ਵੱਧ ਉਮਰ ਦੀ ਜਨਰਲ ਕੈਟਾਗਰੀ ਦੀਆਂ ਮਾਵਾਂ-ਭੈਣਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਿਤ ਔਰਤਾਂ ਨੂੰ 1500 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ | ਸੰਦੀਪ ਸੈਣੀ ਨੇ ਕਿਹਾ ਕਿ ਇਸ ਮਹੱਤਵਪੂਰਨ ਯੋਜਨਾ ਲਈ ਸਰਕਾਰ ਵੱਲੋਂ ਲਗਭਗ 9300 ਕਰੋੜ ਰੁਪਏ ਦਾ ਬਜਟ ਪ੍ਰਸਤਾਵਿਤ ਕੀਤਾ ਗਿਆ ਹੈ, ਜੋ ਔਰਤਾਂ ਦੇ ਸਸ਼ਕਤੀਕਰਨ ਦੀ ਦਿਸ਼ਾ ਵੱਲ ਇਕ ਵੱਡਾ ਕਦਮ ਹੈ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਵਿਸਾਖੀ ਦੇ ਸ਼ੁੱਭ ਮੌਕੇ 'ਤੇ ਸ਼ੁਰੂ ਕੀਤੀ ਜਾਵੇਗੀ ਅਤੇ ਸਰਕਾਰ ਦਾ ਟੀਚਾ ਹੈ ਕਿ ਜਲਦੀ ਤੋਂ ਜਲਦੀ ਯੋਗ ਮਹਿਲਾਵਾਂ ਦੇ ਖਾਤਿਆਂ ਵਿਚ ਇਹ ਰਕਮ ਪਹੁੰਚਾਈ ਜਾਵੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਮਹਿਲਾਵਾਂ ਨਾਲ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰਦਿਆਂ ਵਿਸ਼ਵ ਮਹਿਲਾ ਦਿਵਸ ਦੇ ਮੌਕੇ 'ਤੇ ਰਾਜ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ |