ਹੁਸ਼ਿਆਰਪੁਰ, 10 ਮਾਰਚ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਜਾਰੀ ਕੀਤੇ ਹੁਕਮਾਂ ਤਹਿਤ ਜ਼ਿਲ੍ਹੇ ਵਿਚ ਪ੍ਰੈਗਾਬਲਿਨ ਕੈਪਸੂਲਾਂ ਨੂੰ ਬਿਨਾਂ ਲਾਇਸੰਸ ਰੱਖਣ, ਮਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ਅਤੇ ਇਹ ਦਵਾਈ ਬਿਨਾਂ ਡਾਕਟਰ ਦੀ ਪਰਚੀ ਤੋਂ ਵੇਚਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ | ਇਸ ਤੋਂ ਇਲਾਵਾ ਕਿਸੇ ਵੀ ਵਿਅਕਤੀ/ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਦੌਰਾਨ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ 'ਤੇ ਪਾਬੰਦੀ ਰਹੇਗੀ | ਜ਼ਿਲ੍ਹੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰੇਗਾ | ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਗਲੀਆਂ/ਰਸਤਿਆਂ ਵਿਚ ਨਜ਼ਾਇਜ ਬੋਰ ਕਰਨ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ | ਇਹ ਸਾਰੇ ਹੁਕਮ 7 ਮਈ ਤੱਕ ਲਾਗੂ ਰਹਿਣਗੇ |