ਦਸੂਹਾ, 10 ਮਾਰਚ (ਭੁੱਲਰ)-ਸਿਵਲ ਹਸਪਤਾਲ ਦਸੂਹਾ ਵਿਖੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਿਭਾਗ ਦੇ ਸਹਿਯੋਗ ਨਾਲ ਸਾਡੇ ਬਜ਼ੁਰਗ ਸਾਡਾ ਮਾਣ ਮਿਸ਼ਨ ਤਹਿਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਮਨਦੀਪ ਕਮਲ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਮਨਮੋਹਨ ਸਿੰਘ ਨੇ ਉਨ੍ਹਾਂ ਨੂੰ ਜੀ ਆਇਆ ਕਿਹਾ ਅਤੇ ਦੱਸਿਆ ਕਿ ਇਸ ਮੈਡੀਕਲ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗਾਂ ਦੀ ਦੇਖਭਾਲ ਕਰਨਾ ਅਤੇ ਉਨ੍ਹਾਂ ਨੂੰ ਸਤਿਕਾਰ ਦੇਣਾ ਅਤੇ ਉਨ੍ਹਾਂ ਦੀ ਸੰਭਾਲ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ ਉਨ੍ਹਾਂ ਕਿਹਾ ਕਿ ਬਜ਼ੁਰਗ ਸਮਾਜ ਦਾ ਅਨਮੋਲ ਖ਼ਜ਼ਾਨਾ ਹਨ ਅਤੇ ਉਨ੍ਹਾਂ ਦੇ ਤਜਰਬਿਆਂ ਤੋਂ ਸਮਾਜ ਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਦਾ ਹੈ | ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਜ਼ੁਰਗਾਂ ਦੀ ਸੇਵਾ ਤੇ ਇੱਜ਼ਤ ਕਰਨ ਅਤੇ ਉਨ੍ਹਾਂ ਨੂੰ ਪਰਿਵਾਰ ਦਾ ਅਹਿਮ ਹਿੱਸਾ ਸਮਝਣ | ਇਸ ਮੌਕੇ ਬਜ਼ੁਰਗਾਂ ਦਾ ਸਨਮਾਨ ਵੀ ਕੀਤਾ ਗਿਆ ਤੇ ਉਨ੍ਹਾਂ ਨੂੰ ਸ਼ਾਲ ਤੇ ਸਨਮਾਨ ਚਿੰਨ੍ਹ ਦੇ ਕੇ ਸਤਿਕਾਰ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਆਈਜ ਵਿਭਾਗ, ਮੈਡੀਸਨ ਵਿਭਾਗ, ਮਾਨਸਿਕ ਰੋਗਾ ਦੇ ਡਾਕਟਰ, ਈ.ਐੱਨ.ਟੀ. ਡਾਕਟਰ, ਐਨ.ਸੀ.ਡੀ. ਵਿਭਾਗ ਈ.ਸੀ.ਜੀ., ਬੱਲਡ ਟੈੱਸਟ ਸੇਵਾਵਾਂ ਦਿੱਤੀਆਂ ਗਈਆਂ | ਇਸ ਮੌਕੇ ਡਾ. ਕੁਲਵਿੰਦਰ ਸਿੰਘ, ਡਾ. ਕਰਨਜੀਤ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਸਤਵੀਰ ਸਿੰਘ, ਮੰਦੀਪ ਕੋਰ ਫਾਰਮੇਸੀ ਅਫ਼ਸਰ, ਜਸਵਿੰਦਰ ਕੌਰ, ਗੁਰਨਾਮ ਸਿੰਘ, ਸਟਾਫ਼ ਨਰਸ ਸੋਨੀਆ ਤੋਂ ਇਲਾਵਾ ਸਿਵਲ ਹਸਪਤਾਲ ਦਾ ਸਟਾਫ਼ ਹਾਜ਼ਰ ਸੀ |