ਹੁਸ਼ਿਆਰਪੁਰ, 10 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਸਦਨ ਵਿਚ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ 'ਤੇ ਆਪਣੇ ਵਿਚਾਰ ਰੱਖੇ ਅਤੇ ਵੱਖ-ਵੱਖ ਖੇਤਰਾਂ ਵਿਚ ਮਾਨ ਸਰਕਾਰ ਦੀਆਂ ਮੁੱਖ ਉਪਲਬਧੀਆਂ ਨੂੰ ਉਜਾਗਰ ਕੀਤਾ | ਵਿਧਾਨ ਸਭਾ ਵਿਚ ਬੋਲਦਿਆਂ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਮਾਨ ਸਰਕਾਰ ਨੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਲਈ ਵੱਡੇ ਕਦਮ ਚੁੱਕੇ ਹਨ | ਉਨ੍ਹਾਂ ਦੱਸਿਆ ਕਿ 881 ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ ਕਰੀਬ 5 ਕਰੋੜ ਲੋਕ ਮੁਫ਼ਤ ਇਲਾਜ ਅਤੇ ਸਿਹਤ ਸੇਵਾਵਾਂ ਦਾ ਲਾਭ ਲੈ ਚੁੱਕੇ ਹਨ | ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਲਗਪਗ 275 ਕਰੋੜ ਦੀ ਲਾਗਤ ਨਾਲ ਮੈਡੀਕਲ ਕਾਲਜ ਸਥਾਪਿਤ ਕੀਤਾ ਜਾਵੇਗਾ, ਜਿਸ ਦਾ ਕੰਮ ਜਲਦ ਹੀ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਨਾਲ ਖੇਤਰ ਵਿਚ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਨੂੰ ਵੱਡਾ ਫ਼ਾਇਦਾ ਮਿਲੇਗਾ | ਉਨ੍ਹਾਂ ਦੱਸਿਆ ਕਿ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਲਗਭਗ 1 ਲੱਖ 65 ਹਜ਼ਾਰ ਵਿਦਿਆਰਥੀਆਂ ਨੂੰ 96 ਕਰੋੜ ਦੀ ਰਕਮ ਜਾਰੀ ਕਰਕੇ ਲਾਭ ਦਿੱਤਾ ਜਾ ਰਿਹਾ ਹੈ | ਡਾ. ਇਸ਼ਾਂਕ ਕੁਮਾਰ ਨੇ ਸੜਕ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਬਜਟ ਵਿਚ 5400 ਕਰੋੜ ਰੱਖਣ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ | ਉਨ੍ਹਾਂ ਆਪਣੇ ਇਲਾਕੇ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਚੱਕ ਸਾਧੂ, ਨੌਨੀਤਪੁਰ, ਰੂਪੋਵਾਲ, ਜੇਜੋਂ, ਮਾਂਝੀ ਅਤੇ ਕਹਾਰਪੁਰ ਸਮੇਤ ਹੋਰ ਥਾਵਾਂ 'ਤੇ ਬਣਨ ਵਾਲੇ ਪੁਲਾਂ ਲਈ ਫ਼ੰਡ ਅਲਾਟਮੈਂਟ ਦੀ ਮੰਗ ਕੀਤੀ, ਕਿਉਂਕਿ ਇਹ ਪ੍ਰੋਜੈਕਟ ਇਲਾਕੇ ਦੇ ਲੋਕਾਂ ਲਈ ਬਿਹਤਰ ਕਨੈਕਟਿਵਿਟੀ ਅਤੇ ਆਵਾਜਾਈ ਸੁਵਿਧਾ ਲਈ ਬਹੁਤ ਮਹੱਤਵਪੂਰਨ ਹਨ |