ਗੜ੍ਹਦੀਵਾਲਾ, 11 ਮਾਰਚ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਧਰਮ ਅਧਿਐਨ ਵਿਭਾਗ ਵੱਲੋਂ ਸਹਿਜ ਪਾਠ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੀ ਆਤਮਿਕ, ਨੈਤਿਕ ਅਤੇ ਚਰਿੱਤਰ ਉੱਨਤੀ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰੇਰਨਾਦਾਇਕ ਲੈਕਚਰ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਰਮਤਿ ਸਿਧਾਂਤਾਂ, ਸਿੱਖ ਇਤਿਹਾਸ ਅਤੇ ਮਨੁੱਖੀ ਜੀਵਨ ਦੇ ਉੱਚੇ ਆਦਰਸ਼ਾਂ ਨਾਲ ਜੋੜਨਾ ਸੀ |ਧਰਮ ਅਧਿਐਨ ਵਿਭਾਗ ਦੇ ਜਤਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਲੈਕਚਰ ਦੀ ਵਿਸ਼ੇਸ਼ਤਾ ਬਾਰੇ ਸੰਖੇਪ ਜਾਣਕਾਰੀ ਦਿੱਤੀ, ਉਪਰੰਤ ਮੁੱਖ ਵਕਤਾ ਰਾਜਪਾਲ ਸਿੰਘ ਪ੍ਰਚਾਰਕ ਸਹਿਜ ਪਾਠ ਸੇਵਾ ਸੁਸਾਇਟੀ ਸ੍ਰੀ ਅੰਮਿ੍ਤਸਰ ਸਾਹਿਬ ਨੇ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਸੱਚ, ਸੇਵਾ, ਸਹਿਣਸ਼ੀਲਤਾ ਅਤੇ ਨਿਮਰਤਾ ਦਾ ਮਾਰਗ ਦਿਖਾਉਂਦੀ ਹੈ, ਜੋ ਅੱਜ ਦੇ ਸਮੇਂ ਵਿਚ ਬਹੁਤ ਜ਼ਿਆਦਾ ਲੋੜੀਂਦਾ ਹੈ | ਇਸ ਮੌਕੇ ਪਿ੍ੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੇ ਲੈਕਚਰ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦਿੰਦੇ ਹਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |