ਗੜ੍ਹਦੀਵਾਲਾ, 12 ਮਾਰਚ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਗਏ 'ਗਿਆਨੁ ਪਰਚੰਡੁ' ਪ੍ਰਸ਼ਨੋਤਰੀ ਮੁਕਾਬਲੇ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਿਲ ਕਰਕੇ ਕਾਲਜ ਅਤੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ | ਇਸ ਸੰਬੰਧੀ ਪਿ੍ੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆਂ ਕਿ ਇਹ ਮੁਕਾਬਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵਲੋਂ ਵਿਦਿਆਰਥੀਆਂ ਵਿਚ ਗਿਆਨ, ਬੌਧਿਕ ਵਿਕਾਸ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਕਰਵਾਇਆ ਗਿਆ ਸੀ | ਜਿਸ ਦੌਰਾਨ ਕਾਲਜ ਦੇ ਵਿਦਿਆਰਥੀ ਰਾਜਵੀਰ ਸਿੰਘ, ਮਨਜੋਤ ਕੌਰ ਅਤੇ ਏਕਤਾ ਸ਼ਰਮਾ ਨੇ ਸ਼ਮੂਲੀਅਤ ਕਰਦਿਆਂ ਫਾਈਨਲ ਮੁਕਾਬਲੇ 'ਚ ਤੀਜਾ ਸਥਾਨ ਪ੍ਰਾਪਤ ਕਰਕੇ 51,000 ਰੁਪਏ ਦੀ ਇਨਾਮੀ ਰਕਮ ਪ੍ਰਾਪਤ ਕੀਤੀ ਹੈ | ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿੱਦਿਆ ਸੁਖਮਿੰਦਰ ਸਿੰਘ, ਕਾਲਜ ਦੇ ਪਿ੍ੰਸੀਪਲ ਡਾ. ਜਸਪਾਲ ਸਿੰਘ ਅਤੇ ਸਮੂਹ ਸਟਾਫ਼ ਨੇ ਇਸ ਉਪਲਬਧੀ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਨੌਜਵਾਨਾਂ ਵਿਚ ਗਿਆਨ, ਆਤਮ-ਵਿਸ਼ਵਾਸ ਅਤੇ ਨੇਤਿ੍ਤਵ ਗੁਣਾਂ ਦਾ ਵਿਕਾਸ ਕਰਦੇ ਹਨ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |