ਹੁਸ਼ਿਆਰਪੁਰ, 12 ਮਾਰਚ (ਬਲਜਿੰਦਰਪਾਲ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਲੋਂ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰ ਨਸਰਾਲਾ ਵਿਖੇ ਨੈਸ਼ਨਲ ਨੋ ਸਮੋਕਿੰਗ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਫ਼ੈਕਟਰੀ ਮੈਨੇਜਰ ਰਜਨੀਸ਼ ਸਦਲ ਤੇ ਡਾ. ਨਿਤੇਸ਼ (ਮੈਡੀਕਲ ਅਫ਼ਸਰ ਇੰਚਾਰਜ) ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਸ਼ੀਮਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਉਨ੍ਹਾਂ ਮੈਡੀਕਲ ਅਫ਼ਸਰ ਇੰਚਾਰਜ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਡਾ. ਜਸਲੀਨ ਕੌਰ, ਕਾਉਂਸਲਰ ਪ੍ਰਸ਼ਾਂਤ ਆਦੀਆ, ਸੰਦੀਪ ਕੁਮਾਰੀ, ਤਹਿਰੀਨ ਬਸਰਾ (ਫੈਲੋ) ਅਤੇ ਡਾ. ਸ਼ਿਪਰਾ ਵੀ ਮੌਜੂਦ ਸਨ | ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਸ਼ੀਮਾਰ ਨੇ ਕਿਹਾ ਕਿ ਨੌਜਵਾਨਾਂ ਨੂੰ ਤੰਬਾਕੂ ਤੇ ਹੋਰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਸਿਹਤ ਲਈ ਬਹੁਤ ਹੀ ਹਾਨੀਕਾਰਕ ਹਨ | ਇਸ ਮੌਕੇ ਕੌਂਸਲਰ ਸੰਦੀਪ ਕੁਮਾਰੀ ਨੇ ਦੱਸਿਆ ਕਿ ਨਸ਼ਾਖੋਰੀ ਇਕ ਮਾਨਸਿਕ ਬਿਮਾਰੀ ਹੈ ਜੋ ਮਨੁੱਖ ਦੇ ਦਿਮਾਗ਼, ਸਰੀਰ ਤੇ ਸਮਾਜਿਕ ਜੀਵਨ 'ਤੇ ਬੁਰਾ ਅਸਰ ਪਾਉਂਦੀ ਹੈ | ਕਾਉਂਸਲਰ ਪ੍ਰਸ਼ਾਂਤ ਆਦੀਆ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸਰਕਾਰ ਵੱਲੋਂ ਹਰ ਸਿਹਤ ਸੰਸਥਾ ਵਿਚ ਨਸ਼ਾ ਮੁਕਤੀ ਸਬੰਧੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਸ ਮੌਕੇ ਫ਼ੈਕਟਰੀ ਦੇ ਕਰਮਚਾਰੀਆਂ ਨੂੰ ਤੰਬਾਕੂ ਅਤੇ ਹੋਰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਉਨ੍ਹਾਂ ਨੂੰ ਸਿਹਤਮੰਦ ਅਤੇ ਨਸ਼ਾ-ਮੁਕਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ |