ਟਾਂਡਾ ਉੜਮੁੜ, 2 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵਲੋ ਵਾਰਡ ਨੰਬਰ 6 ਵਿਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦਿੰਦਿਆਂ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਵਾਰਡ ਵਾਸੀਆਂ ਵਿਚ ਖ਼ੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿਚ ਵਾਰਡ ਦੇ ਲੋਕ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਰਹੇ | ਇਸ ਮੌਕੇ ਵਿਧਾਇਕ ਰਾਜਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮੰਤਵ ਹਲਕੇ ਦੇ ਹਰ ਵਾਰਡ ਅਤੇ ਪਿੰਡ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਹੈ | ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 6 ਦੇ ਨਿਵਾਸੀਆਂ ਨੂੰ ਕਾਫ਼ੀ ਸਮੇਂ ਤੋਂ ਸੀਵਰੇਜ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਕਾਰਨ ਗੰਦਗੀ ਅਤੇ ਪਾਣੀ ਖੜ੍ਹਨ ਵਰਗੀਆਂ ਮੁਸ਼ਕਲਾਂ ਵੱਧ ਰਹੀਆਂ ਸਨ | ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕੇ ਵਿਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਕਿਸੇ ਵੀ ਵਾਰਡ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੀ ਵਿਕਾਸੀ ਪ੍ਰੋਜੈਕਟ ਲਿਆਂਦੇ ਜਾਣਗੇ, ਤਾਂ ਜੋ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸੁਵਿਧਾਜਨਕ ਵਾਤਾਵਰਨ ਮਿਲ ਸਕੇ | ਇਸ ਮੌਕੇ ਵਾਰਡ ਨਿਵਾਸੀਆਂ ਵੱਲੋਂ ਵੀ ਵਿਧਾਇਕ ਰਾਜਾ ਦਾ ਧੰਨਵਾਦ ਕੀਤਾ ਗਿਆ ਅਤੇ ਉਮੀਦ ਜਤਾਈ ਗਈ ਕਿ ਅਗਾਂਹ ਵੀ ਇਸੇ ਤਰ੍ਹਾਂ ਦੇ ਵਿਕਾਸ ਕਾਰਜ ਜਾਰੀ ਰਹਿਣਗੇ | ਇਸ ਮੌਕੇ ਸੁਮਨ ਖੋਸਲਾ, ਹਰਮੀਤ ਵੜੈਚ, ਲਖਵਿੰਦਰ ਸਿੰਘ ਮੁਲਤਾਨੀ, ਗੁਰਮੀਤ ਬਿੱਟੂ, ਬਲਜੀਤ ਸੈਣੀ, ਦੀਪਕ ਭੀਲ, ਸੇਠ ਰਾਮ ਸੇਠੀ, ਗੋਲਡੀ ਵਰਮਾ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |