ਟਾਂਡਾ ਉੜਮੁੜ, 3 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)-ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਗਣੀਪੁਰ ਬੱਧਨ, ਬੀਰਮਪੁਰ, ਕਸਬਾ ਮਾਣਕਢੇਰੀ ਤੋਂ ਬਹਿਰਾਮ ਭੋਗਪੁਰ ਤੱਕ ਜਾਣ ਵਾਲੀ ਸੜਕ ਦੀ ਹਾਲਤ ਦਿਨੋਂ-ਦਿਨ ਬਦ ਤੋਂ ਬਦਤਰ ਹੋ ਰਹੀ ਹੈ, ਜਿਸ ਕਾਰਨ ਇਲਾਕੇ ਦੇ ਰਹਿਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੜਕ 'ਤੇ ਵੱਡੇ-ਵੱਡੇ ਖੱਡੇ ਪੈ ਚੁੱਕੇ ਹਨ, ਜਗ੍ਹਾ-ਜਗ੍ਹਾ ਤੋਂ ਸੜਕ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ ਅਤੇ ਮੀਂਹ ਦੇ ਦਿਨਾਂ ਵਿਚ ਇਹ ਸੜਕ ਪੂਰੀ ਤਰ੍ਹਾਂ ਚਿੱਕੜ ਨਾਲ ਭਰ ਜਾਂਦੀ ਹੈ, ਜਿਸ ਨਾਲ ਆਵਾਜਾਈ ਕਰਨਾ ਮੁਸ਼ਕਿਲ ਹੋ ਜਾਂਦਾ ਹੈ | ਸਥਾਨਕ ਪਿੰਡ ਵਾਸੀਆਂ ਨੇ ਦੱਸਿਆ ਕਿ ਕਈ ਵਾਰ ਇਸ ਸੜਕ ਦੀ ਮੁਰੰਮਤ ਲਈ ਸਰਕਾਰ ਅਤੇ ਸੰਬੰਧਿਤ ਵਿਭਾਗ ਨੂੰ ਅਪੀਲਾਂ ਕੀਤੀਆਂ ਗਈਆਂ ਹਨ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ | ਇਸਤਰ੍ਹਾਂ ਲੱਗ ਰਿਹਾ ਹੈ ਕਿ ਵਿਭਾਗ ਕਿਸੇ ਵੱਡੇ ਹਾਦਸੇ ਦਾ ਇੰਤਜ਼ਾਰ ਕਰ ਰਿਹਾ ਹੈ | ਲੋਕਾਂ ਨੇ ਦੋਸ਼ ਲਗਾਇਆ ਕਿ ਚੋਣਾਂ ਦੌਰਾਨ ਵੱਡੇ-ਵੱਡੇ ਵਾਅਦੇ ਕਰਨ ਵਾਲੇ ਆਗੂ ਹੁਣ ਇਲਾਕੇ ਦੀਆਂ ਮੁੱਖ ਸਮੱਸਿਆਵਾਂ ਵੱਲ ਧਿਆਨ ਨਹੀਂ ਦੇ ਰਹੇ | ਇਲਾਕੇ ਦੇ ਕਿਸਾਨਾਂ, ਵਿਦਿਆਰਥੀਆਂ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੇ ਕਿਹਾ ਕਿ ਖ਼ਰਾਬ ਸੜਕ ਕਾਰਨ ਹਾਦਸਿਆਂ ਦਾ ਖ਼ਤਰਾ ਵਧ ਗਿਆ ਹੈ | ਕਈ ਵਾਰ ਦੋ-ਪਹੀਆ ਵਾਹਨ ਸਵਾਰ ਖੱਡਿਆਂ ਵਿਚ ਫਸ ਕੇ ਡਿਗ ਜਾਂਦੇ ਹਨ, ਜਿਸ ਨਾਲ ਜਾਨ ਮਾਲ ਦਾ ਨੁਕਸਾਨ ਹੋ ਸਕਦਾ ਹੈ | ਐਂਬੂਲੈਂਸ ਅਤੇ ਹੋਰ ਐਮਰਜੈਂਸੀ ਸੇਵਾਵਾਂ ਨੂੰ ਵੀ ਸਮੇਂ 'ਤੇ ਪਹੁੰਚਣ ਵਿਚ ਰੁਕਾਵਟ ਆ ਰਹੀ ਹੈ | ਗ਼ੁੱਸੇ ਵਿਚ ਆਏ ਪਿੰਡ ਵਾਸੀਆਂ ਨੇ ਸਰਕਾਰ ਅਤੇ ਸੰਬੰਧਿਤ ਮਹਿਕਮੇ ਨੂੰ ਕੜੀ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਸੜਕ ਦੀ ਮੁਰੰਮਤ ਨਾ ਕੀਤੀ ਗਈ ਤਾਂ ਉਹ ਵੱਡਾ ਧਰਨਾ-ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ | ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਲੋਕਾਂ ਦੀ ਸਬਰ ਦੀ ਪ੍ਰੀਖਿਆ ਨਾ ਲਵੇ ਅਤੇ ਤੁਰੰਤ ਇਸ ਮਾਮਲੇ ਵਿਚ ਕਾਰਵਾਈ ਕਰੇ | ਅੰਤ ਵਿਚ ਲੋਕਾਂ ਨੇ ਮੰਗ ਕੀਤੀ ਕਿ ਇਨ੍ਹਾਂ ਪਿੰਡਾਂ ਦੀ ਸੜਕ ਨੂੰ ਜਲਦ ਬਣਾਇਆ ਜਾਵੇ ਜਾਂ ਘੱਟੋ-ਘੱਟ ਖੱਡਿਆਂ ਨੂੰ ਭਰ ਕੇ ਆਵਾਜਾਈ ਯੋਗ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ | ਇੱਥੇ ਜ਼ਿਕਰਯੋਗ ਹੈ ਕਿ ਇਸ ਸੜਕ ਨੂੰ ਚੌੜੀ ਕਰਨ ਲਈ ਲਗਭਗ ਦੋ ਮਹੀਨੇ ਪਹਿਲਾਂ ਸਬੰਧਿਤ ਵਿਭਾਗ ਵਲੋਂ ਪੁੱਟਿਆ ਗਿਆ ਸੀ, ਪਰ 2 ਮਹੀਨੇ ਹੋ ਚੱਲੇ ਹਨ, ਮਹਿਕਮੇ ਵਲੋਂ ਇਸ ਸੜਕ ਦੀ ਸਾਰ ਨਹੀਂ ਲਈ |